ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ
Publish Date: Tue, 24 Nov 2026 09:48 PM (IST)
Updated Date: Tue, 24 Nov 2026 09:49 PM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਆਪਣੀ ਕਾਰਵਾਈ ਤੇਜ਼ ਕਰਦੇ ਹੋਏ ਖੰਨਾ ਪੁਲਿਸ ਨੇ ਜ਼ਿਲ੍ਹੇ ਦੇ ਤਿੰਨੋਂ ਸਬ-ਡਵੀਜ਼ਨਾਂ ’ਚ ਇੱਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਮੁਹਿੰਮ ਦੀ ਅਗਵਾਈ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਕੀਤੀ। ਉਨ੍ਹਾਂ ਦੇ ਨਾਲ ਐੱਸਪੀਐੱਚ, ਡੀਐਸਪੀ ਖੰਨਾ, ਸਿਟੀ-2 ਸਟੇਸ਼ਨ ਇੰਚਾਰਜ ਤੇ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ ਮੌਜੂਦ ਸਨ। ਖੰਨਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ, ਬੱਸ ਸਟੈਂਡ ਦੀ ਪਾਰਕਿੰਗ ’ਚ ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲ ਮਿਲੇ। ਪੁਲਿਸ ਟੀਮ ਨੇ ਇਨ੍ਹਾਂ ਮੋਟਰਸਾਈਕਲਾਂ ਨੂੰ ਜ਼ਬਤ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਬੱਸ ਸਟੈਂਡਾਂ ਸਮੇਤ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਪੁਲਿਸ ਨੇ ਬੱਸ ਸਟੈਂਡ ਦੀ ਪਾਰਕਿੰਗ ’ਚ ਖੜ੍ਹੇ ਕੁਝ ਮੋਟਰਸਾਈਕਲਾਂ ਨੂੰ ਦੇਖਿਆ ਜਿਨ੍ਹਾਂ ’ਤੇ ਨੰਬਰ ਪਲੇਟਾਂ ਨਹੀਂ ਸਨ। ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਤੇ ਮੋਟਰਸਾਈਕਲਾਂ ਨੂੰ ਜ਼ਬਤ ਕਰ ਲਿਆ। ਪੁਲਿਸ ਵੱਲੋਂ ਹੁਣ ਮੋਟਰਸਾਈਕਲਾਂ ਦੇ ਮਾਲਕਾਂ ਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਜਾਂਚ ਕੀਤੀ ਜਾਵੇਗੀ ਕਿ ਮੋਟਰਸਾਈਕਲ ਕਿਸ ਦੇ ਹਨ ਤੇ ਉਨ੍ਹਾਂ ਨੂੰ ਬਿਨਾਂ ਨੰਬਰ ਪਲੇਟਾਂ ਦੇ ਕਿਉਂ ਖੜ੍ਹਾ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਐੱਸਐੱਸਪੀ ਨੇ ਪੁਲਿਸ ਅਧਿਕਾਰੀਆਂ ਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।