ਟੈਂਪੂ ਸਣੇ ਸੜਕ ਕੰਢੇ ਖੜ੍ਹੇ ਤਿੰਨ ਨੌਜਵਾਨਾਂ ਨੂੰ ਬੇਕਾਬੂ ਟਿੱਪਰ ਨੇ ਮਾਰੀ ਟੱਕਰ, ਨੌਜਵਾਨ ਦੀ ਮੌਤ, ਦੋ ਗੰਭੀਰ
ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, 19 ਸਾਲਾ ਨੌਜਵਾਨ ਦੀ ਹੋਈ ਮੌਤ, ਦੋ ਗੰਭੀਰ ਜਖਮੀ, ਪਰਿਵਾਰ ਵੱਲੋਂ ਸਮਝੌਤਾ
Publish Date: Wed, 01 Apr 2026 08:29 PM (IST)
Updated Date: Thu, 02 Apr 2026 04:13 AM (IST)

* ਪੀੜਤ ਪਰਿਵਾਰ ਨੇ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕੀਤਾ ਤੇ ਦੋਵਾਂ ਪੱਖਾਂ ’ਚ ਸਮਝੌਤਾ ਹੋ ਗਿਆ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਹੰਬੜਾ ’ਚ ਤੇਜ਼ ਰਫ਼ਤਾਰ ਵਾਹਨ ਦੀ ਲਾਪਰਵਾਹੀ ਇਕ ਵਾਰ ਫਿਰ ਜਾਨਲੇਵਾ ਸਾਬਤ ਹੋਈ ਹੈ। ਇੱਥੇ ਇਕ ਸੜਕ ਹਾਦਸੇ ’ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਤਿੰਨੋਂ ਨੌਜਵਾਨ ਸੜਕ ਕਿਨਾਰੇ ਆਪਣੇ ਵਾਹਨ ਕੋਲ ਖੜ੍ਹੇ ਸਨ। ਥਾਣਾ ਲਾਢੋਵਾਲ ਦੇ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਮੁੰਦਰ ਰਾਜ (19) ਵਜੋਂ ਹੋਈ ਹੈ, ਜੋ ਪਿੰਡ ਹੰਬੜਾ ਦਾ ਹੀ ਵਾਸੀ ਸੀ। ਹਾਦਸੇ ਸਮੇਂ ਉਹ ਆਪਣੇ ਸਾਥੀਆਂ ਮੁਹੰਮਦ ਇਕਬਾਲ ਤੇ ਨਿੱਕੂ ਨਾਲ ਛੋਟਾ ਹਾਥੀ (ਟੈਂਪੂ) ਸਮੇਤ ਸੜਕ ਕਿਨਾਰੇ ਖੜ੍ਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਨਾਲ ਆ ਰਹੇ ਟਿੱਪਰ ਨੇ ਬੇਕਾਬੂ ਹੋ ਕੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਛੋਟਾ ਹਾਥੀ ਵਾਹਨ ਪੂਰੀ ਤਰ੍ਹਾਂ ਨੁਕਸਾਨੀਆ ਗਿਆ ਤੇ ਤਿੰਨੋਂ ਨੌਜਵਾਨ ਇਸ ਦੀ ਲਪੇਟ ’ਚ ਆ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫ਼ੜੀ ਮਚ ਗਈ ਤੇ ਸਥਾਨਕ ਲੋਕਾਂ ਵੱਲੋਂ ਤੁਰੰਤ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਸਮੁੰਦਰ ਰਾਜ ਦੀ ਹਾਲਤ ਬਹੁਤ ਨਾਜ਼ੁਕ ਸੀ ਤੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ, ਜਿਸ ਨਾਲ ਪੂਰੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਦੂਜੇ ਪਾਸੇ ਮੁਹੰਮਦ ਇਕਬਾਲ ਤੇ ਨਿੱਕੂ ਦਾ ਹਸਪਤਾਲ ’ਚ ਇਲਾਜ ਜਾਰੀ ਹੈ ਤੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਨੇ ਬੁੱਧਵਾਰ ਨੂੰ ਮ੍ਰਿਤਕ ਸਮੁੰਦਰ ਰਾਜ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਸ਼ੁਰੂਆਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ਨੇ ਕਿਸੇ ਵੀ ਕਿਸਮ ਦੀ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਦੋਵਾਂ ਪੱਖਾਂ ’ਚ ਆਪਸੀ ਸਮਝੌਤਾ ਹੋ ਗਿਆ ਹੈ। ਇਹ ਘਟਨਾ ਇੱਕ ਵਾਰ ਫਿਰ ਸੜਕ ਸੁਰੱਖਿਆ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦੀ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਟ੍ਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਤੇ ਤੇਜ਼ ਰਫ਼ਤਾਰ ਵਾਹਨਾਂ ਤੇ ਨਿਗਰਾਨੀ ਵਧਾਈ ਜਾਵੇ, ਤਾਂ ਜੋ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਿਆ ਜਾ ਸਕੇ। ਫਿਲਹਾਲ ਪੁਲਿਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ ਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ।