ਐੱਸਐੱਸਪੀ ਤੇ ਐੱਡੀਐੱਮ ਵੱਲੋਂ ਗਿਣਤੀ ਕੇਂਦਰਾਂ ਦੀ ਸਖ਼ਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਐੱਸਐੱਸਪੀ ਖੰਨਾ ਤੇ ਐੱਡੀਐੱਮ ਖੰਨਾ ਵੱਲੋਂ ਗਿਣਤੀ ਕੇਂਦਰਾਂ ਦੀ ਸਖ਼ਤ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ
Publish Date: Thu, 28 May 2026 08:36 PM (IST)
Updated Date: Fri, 29 May 2026 04:17 AM (IST)

ਪੀ 19 : ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ, ਐੱਸਡੀਐੱਮ ਸਵਾਤੀ ਟਿਵਾਣਾ ਤੇ ਹੋਰ ਅਧਿਕਾਰੀ। ਪੀ 20 : ਗਿਣਤੀ ਕੇਂਦਰ ਵਿਖੇ ਨਿਰੀਖਣ ਕਰਦੇ ਹੋਏ ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ। ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਖੰਨਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਨਗਰ ਕੌਂਸਲ ਚੋਣਾਂ ਲਈ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਖੰਨਾ ਪੁਲਿਸ ਜ਼ਿਲ੍ਹੇ ਅਧੀਨ ਆਉਂਦੇ ਖੰਨਾ, ਸਮਰਾਲਾ ਤੇ ਦੋਰਾਹਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਖੰਨਾ ਦੀ ਐੱਸਡੀਐੱਮ ਸਵਾਤੀ ਟਿਵਾਣਾ ਵੀ ਉਨ੍ਹਾਂ ਨਾਲ ਮੌਜੂਦ ਸਨ। ਜ਼ਿਕਰਯੋਗ ਹੈ ਕਿ ਖੰਨਾ, ਪਾਇਲ, ਦੋਰਾਹਾ ਤੇ ਸਮਰਾਲਾ ਨਗਰ ਕੌਂਸਲ ਲਈ ਵੋਟਾਂ 26 ਮਈ ਨੂੰ ਪਈਆਂ ਸਨ, ਜਦੋਂ ਕਿ ਖੰਨਾ, ਦੋਰਾਹਾ ਤੇ ਸਮਰਾਲਾ ’ਚ ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾ ਰਹੀ ਹੈ। ਖੰਨਾ ਲਈ ਗਿਣਤੀ ਕੇਂਦਰ ਏਐੱਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿੱਥੇ ਐੱਸਐੱਸਪੀ ਡਾ: ਦਰਪਣ ਆਹਲੂਵਾਲੀਆ ਤੇ ਐੱਸਡੀਐਮ ਸਵਾਤੀ ਟਿਵਾਣਾ ਨੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਐੱਸਐੱਸਪੀ ਡਾ. ਆਹਲੂਵਾਲੀਆ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸ਼ਾਂਤੀਪੂਰਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਲਈ ਲਗਭਗ 410 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤੇ ਦੋ ਪੁਲਿਸ ਸੁਪਰਡੈਂਟ ਐੱਸਪੀ ਤੇ 9 ਡੀਐੱਸਪੀ ਪੱਧਰ ਦੇ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੈਟਰੋਲਿੰਗ ਪਾਰਟੀਆਂ ਲਗਾਤਾਰ ਵੱਖ-ਵੱਖ ਇਲਾਕਿਆਂ ’ਚ ਗਸ਼ਤ ਕਰਨਗੀਆਂ। ਉਨ੍ਹਾਂ ਕਿਹਾ ਕਿ ਝਗੜਾਲੂ ਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਪੁਲਿਸ ਸੋਸ਼ਲ ਮੀਡੀਆ ਤੇ ਵੀ ਸਖ਼ਤ ਨਜ਼ਰ ਰੱਖੇਗੀ ਤੇ ਜੇਕਰ ਕੋਈ ਵਿਅਕਤੀ ਗਲਤ ਜਾਣਕਾਰੀ, ਅਫਵਾਹਾਂ ਜਾਂ ਭੜਕਾਊ ਸਮੱਗਰੀ ਫੈਲਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐੱਸਐੱਸਪੀ ਡਾ: ਦਰਪਣ ਆਹਲੂਵਾਲੀਆ ਨੇ ਕਿਹਾ ਕਿ ਗਿਣਤੀ ਕੇਂਦਰਾਂ ਦੇ ਬਾਹਰ 200 ਮੀਟਰ ਤੱਕ ਦੇ ਖੇਤਰ ਨੂੰ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਦਾਖਲਾ ਸਿਰਫ਼ ਪਛਾਣ ਪੱਤਰਾਂ ਦੇ ਆਧਾਰ ਤੇ ਹੀ ਦਿੱਤਾ ਜਾਵੇਗਾ। ਸਿਰਫ਼ ਉਮੀਦਵਾਰਾਂ ਤੇ ਅਧਿਕਾਰਤ ਗਿਣਤੀ ਏਜੰਟਾਂ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਹੋਵੇਗੀ। ਗਿਣਤੀ ਕੇਂਦਰ ਦੇ ਅੰਦਰ ਤੇ ਬਾਹਰ ਸੀਸੀਟੀਵੀ ਕੈਮਰਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।ਉਨ੍ਹਾਂ ਉਮੀਦਵਾਰਾਂ ਤੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਜਿੱਤ ਅਤੇ ਹਾਰ ਯਕੀਨੀ ਹੈ, ਇਸ ਲਈ ਸਾਰਿਆਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ ਤੇ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਤੋਂ ਬਚਣਾ ਚਾਹੀਦਾ ਹੈ। ਜੇਕਰ ਕੋਈ ਹਥਿਆਰ ਦਿਖਾਉਂਦਾ ਹੈ ਜਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸਡੀਐੱਮ ਸਵਾਤੀ ਟਿਵਾਣਾ ਨੇ ਕਿਹਾ ਕਿ ਖੰਨਾ ’ਚ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਗਿਣਤੀ 14 ਮੇਜ਼ਾਂ ਤੇ ਹੋਵੇਗੀ, ਜਦਕਿ ਦੋ ਮੇਜ਼ਾਂ ਰਾਖਵੀਆਂ ਰੱਖੀਆਂ ਗਈਆਂ ਹਨ। ਜੇਕਰ ਕੋਈ ਉਮੀਦਵਾਰ ਦੁਬਾਰਾ ਗਿਣਤੀ ਜਾਂ ਕੋਈ ਹੋਰ ਇਤਰਾਜ਼ ਮੰਗਦਾ ਹੈ, ਤਾਂ ਇਸਦਾ ਹੱਲ ਰਾਖਵੀਆਂ ਮੇਜ਼ਾਂ ਤੇ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਗਿਣਤੀ ਕੇਂਦਰ ਦੇ ਅੰਦਰ ਮੋਬਾਈਲ ਫੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਮੀਡੀਆ ਲਈ ਇੱਕ ਵਿਸ਼ੇਸ਼ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਜੋ ਹਰੇਕ ਦੌਰ ਬਾਰੇ ਮੀਡੀਆ ਨਾਲ ਅਧਿਕਾਰਤ ਜਾਣਕਾਰੀ ਸਾਂਝੀ ਕਰੇਗਾ। ਐੱਸਡੀਐੱਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਚੋਣ ਕਮਿਸ਼ਨ ਲੁਧਿਆਣਾ ਪ੍ਰਸ਼ਾਸਨ ਜਾਂ ਅਧਿਕਾਰਤ ਮੀਡੀਆ ਸੰਗਠਨਾਂ ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਤੇ ਹੀ ਭਰੋਸਾ ਕਰਨ ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨਾ ਫੈਲਾਉਣ।