ਆਜ਼ਾਦੀ ਲਈ ਕੂਕਾ ਲਹਿਰ ਤੇ ਨਾਮਧਾਰੀ ਸਮਾਜ ਵੱਲੋਂ ਕੀਤੀਆਂ ਕੁਰਬਾਨੀਆਂ ਲਾ ਮਿਸਾਲ : ਨਾਇਬ ਸੈਣੀ
ਸਤਿਗੁਰੂ ਰਾਮ ਸਿੰਘ ਦੇ 210 ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ
Publish Date: Fri, 23 Jan 2026 07:54 PM (IST)
Updated Date: Sat, 24 Jan 2026 04:16 AM (IST)

- ਸਤਿਗੁਰੂ ਰਾਮ ਸਿੰਘ ਦੇ 210ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ - ਮੁੱਖ ਮਤਰੀ ਸੈਣੀ, ਕੈਬਨਿਟ ਮੰਤਰੀ ਸੌਂਦ, ਕੈਬਨਿਟ ਮੰਤਰੀ ਮੂੰਡੀਆਂ ਸਣੇ ਕਈ ਆਗੂਆਂ ਨੇ ਹਾਜ਼ਰੀ ਭਰੀ - ਸੌਂਦ ਤੇ ਮੁੰਡੀਆਂ ਨੇ ਆਜ਼ਾਦੀ ਦੀ ਲਹਿਰ ਨੂੰ ਦਿਸ਼ਾ ਦੇਣ ਲਈ ਸਤਿਗੁਰੂ ਰਾਮ ਸਿੰਘ ਦੇ ਯੋਗਦਾਨ ਦੀ ਕੀਤੀ ਸ਼ਲਾਘਾ - ਸਤਿਗੁਰੂ ਰਾਮ ਸਿੰਘ ਜੀ ਦੇ ਨਾਮ ’ਤੇ ਇਕ ਵਿਸ਼ੇਸ਼ ਚੇਅਰ ਕੁਰੂਕਸ਼ੇਤਰ ਯੂਨੀਵਰਸਿਟੀ ’ਚ ਸਥਾਪਤ ਕਰਨ ਦੀ ਕੀਤੀ ਮੰਗ ਫ਼ੋਟੋ ਨੰਬਰ-44, 45, 46 ਪੰਜਾਬੀ ਜਾਗਰਣ ਟੀਮ, ਸ੍ਰੀ ਭੈਣੀ ਸਾਹਿਬ (ਲੁਧਿਆਣਾ) : ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸਤਿਗੁਰੂ ਉਦੈ ਸਿੰਘ ਦੀ ਅਗਵਾਈ ’ਚ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੂੰਡੀਆਂ ਸਮੇਤ ਕਈ ਆਗੂ ਪੁੱਜੇ। ਸੌਂਦ ਤੇ ਮੂੰਡੀਆਂ ਨੇ ਆਪਣੇ ਸੰਬੋਧਨ ’ਚ ਆਖਿਆ ਕਿ ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ਼ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ ਅਤੇ ਉਨ੍ਹਾਂ ਸੱਚ, ਸਤਿਆਗ੍ਰਹਿ ਤੇ ਅਹਿੰਸਾ ਦੇ ਸਿਧਾਂਤਾ ’ਤੇ ਪਹਿਰਾ ਦਿੱਤਾ ਅਤੇ ਇਨ੍ਹਾਂ ਸਿਧਾਂਤਾਂ ਨੂੰ ਅਪਣਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ’ਚ ਵਡਮੁੱਲਾ ਯੋਗਦਾਨ ਪਾਇਆ। ਸਤਿਗੁਰੂ ਰਾਮ ਸਿੰਘ ਜੀ ਦੀ ਸੋਚ ਨੂੰ ਸਮਾਜ ਸੁਧਾਰ ਦਾ ਆਧਾਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਬਹਾਦਰ ਕ੍ਰਾਂਤੀਕਾਰੀ ਪੈਦਾ ਕੀਤੇ, ਜਿਨ੍ਹਾਂ ਅੰਗਰੇਜ਼ਾਂ ਖ਼ਿਲਾਫ਼ ਹੌਸਲੇ ਨਾਲ ਲੜਾਈ ਲੜੀ ਤੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਤੋਪਾਂ ਸਾਹਮਣੇ ਖੜ੍ਹੇ ਹੋ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸਿੰਘਾਂ ਨੂੰ ਅੰਗਰੇਜਾਂ ਨੇ ਤੋਪਾਂ ਨਾਲ ਉਡਾਇਆਂ ਤੇ ਲੁਧਿਆਣਾ, ਰਾਏਕੋਟ ਤੇ ਅੰਮ੍ਰਿਤਸਰ ਵਿਖੇ ਕਈ ਨਾਮਧਾਰੀ ਸਿੰਘਾਂ ਨੂੰ ਸ਼ਰੇਆਮ ਫਾਂਸੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੀ ਲੜਾਈ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਅਜਾਦੀ ਦੀ ਲੜਾਈ ਦੌਰਾਨ ਨਾਮਧਾਰੀ ਸਿੰਘਾਂ ਨੇ ਵੀ ਬਹੁਤ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ। ਉਨ੍ਹਾਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾਂ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪਹੁੰਚਣਾ ਸੀ, ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਦੋਵਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਅਤੇ ਨਾਮਧਾਰੀ ਸੰਪਰਦਾ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਉੱਚੇ ਆਦਰਸ਼ਾਂ ਨਾਲ ਜੋੜਨ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।ਇਸ ਮੌਕੇ ਸਤਿਗੁਰੂ ਉਦੈ ਸਿੰਘ ਨੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਸਨਮਾਨਿਤ ਵੀ ਕੀਤਾ। ਸ੍ਰੀ ਭੈਣੀ ਸਾਹਿਬ ਵਿਖੇ ਸਤਿਗੁਰੂ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਅਤੇ ਬਸੰਤ ਪੰਚਮੀ ਮੇਲੇ ’ਤੇ ਹਰਿਆਣਾ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੀ ਹਾਜ਼ਰ ਸਨ, ਜਿੰਨ੍ਹਾ ਨੇ ਮੁੱਖ ਮੰਤਰੀ ਸੈਣੀ ਦਾ ਹਲਕਾ ਸਾਹਨੇਵਾਲ ਪਹੁੰਚਣ ਤੇ ਸਵਾਗਤ ਕੀਤਾ। ਸੈਣੀ ਨੇ ਸਤਿਗੁਰੂ ਰਾਮ ਸਿੰਘ ਜੀ ਨੂੰ ਯਾਦ ਕਰਦੇ ਹੋਏ ਕਿਹਾ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੂਕਾ ਲਹਿਰ ਤੇ ਨਾਮਧਾਰੀ ਸਮਾਜ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਨਾਮਧਾਰੀ ਸਮਾਜ ਦੀ ਜੋ ਦੇਸ਼ ਨੂੰ ਦੇਣ ਹੈ, ਉਸ ਦੀ ਸ਼ਲਾਘਾ ਕੀਤੀ। ਨਾਮਧਾਰੀ ਪਰਿਵਾਰ ਵੱਲੋਂ ਮੁੱਖ ਮੰਤਰੀ ਤੋਂ ਸਤਿਗੁਰੂ ਰਾਮ ਸਿੰਘ ਜੀ ਦੇ ਨਾਮ ਤੇ ਇੱਕ ਵਿਸ਼ੇਸ਼ ਚੇਅਰ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਸਥਾਪਿਤ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਸੈਣੀ ਨੇ ਇਹ ਮੰਗ ਲਿਖਤੀ ਰੂਪ ਵਿੱਚ ਮਿਲਣ ਤੋਂ ਬਾਅਦ ਪੂਰੀ ਕਰਨ ਦਾ ਵਿਸ਼ੇਸ਼ ਭਰੋਸਾ ਦਿੱਤਾ। ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਪੁੱਛੇ ਗਏ ਸਵਾਲ ਤੇ ਜਵਾਬ ਦਿੰਦੇ ਹੋਏ ਸ਼੍ਰੀ ਸੈਣੀ ਨੇ ਕਿਹਾ ਕਿ ਪਿਛਲੇ 4 ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਕੁੱਝ ਨਾ ਕੀਤੇ ਜਾਣ ਕਰਕੇ ਹੁਣ ਪੰਜਾਬੀਆਂ ਵਿੱਚ ਭਰਮ ਭੁਲੇਖਾ ਪੈਦਾ ਕਰਨ ਲਈ ਅਜਿਹੀਆਂ ਸਕੀਮਾਂ ਦਾ ਐਲਾਨ ਕਰ ਰਹੀ ਹੈ। ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ, ਲੋਕ ਇਸ ਨਿਕੰਮੀ ਭਗਵੰਤ ਮਾਨ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ। ਇਸ ਮੌਕੇ ਹਲਕਾ ਸਾਹਨੇਵਾਲ ਦੇ ਸੀਨੀਅਰ ਆਗੂ ਪਵਨ ਕੁਮਾਰ ਸਾਬਕਾ ਜ਼ਿਲ੍ਹਾ ਪ੍ਰਧਾਨ, ਨਿਸ਼ੂ ਸ਼ਰਮਾ ਸਮਰਾਲਾ, ਹੀਰਾ ਸਿੰਘ ਅਮਰਗੜ੍ਹ, ਮਨਮੀਤ ਸਿੰਘ ਚਾਵਲਾ, ਪਿੰਕੂ ਸ਼ਰਮਾ ਕੌਂਸਲਰ, ਰਸ਼ਪਾਲ ਸਿੰਘ ਸਾਹਨੇਵਾਲ, ਸੰਦੀਪ ਠਾਕੁਰ, ਵਿਨੇ ਕੁਮਾਰ ਮੰਡਲ ਪ੍ਰਧਾਨ ਵੀ ਮੌਜੂਦ ਸਨ।