ਸੇਵਾ ਕੇਂਦਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ 28 ਨੂੰ
ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ 28 ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮੀਟਿੰਗ
Publish Date: Wed, 24 Jun 2026 07:07 PM (IST)
Updated Date: Thu, 25 Jun 2026 04:04 AM (IST)

ਜਗਦੇਵ ਗਰੇਵਾਲ, ਪੰਜਾਬੀ ਜਾਗਰਣ, ਜੋਧਾਂ : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਵੱਲੋਂ 28 ਜੂਨ ਦਿਨ ਐਤਵਾਰ ਨੂੰ 10 ਵਜੇ ਮੋਹਾਲੀ ਵਿਖੇ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਹਿਲ ਨੇ ਦੱਸਿਆ ਕਿ ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਮੁਲਾਜ਼ਮ, ਡਾਟਾ ਐਂਟਰੀ ਆਪਰੇਟਰ ਅਤੇ ਨਿੱਜੀ ਕੰਪਨੀ ਰਾਹੀਂ ਤਾਇਨਾਤ ਸੁਰੱਖਿਆ ਗਾਰਡ ਵੱਡੀ ਗਿਣਤੀ ਵਿੱਚ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਮੁੱਦਾ ਨਿੱਜੀ ਕੰਪਨੀ ਵੱਲੋਂ ਸੁਰੱਖਿਆ ਗਾਰਡਾਂ ਦੀ ਪਿਛਲੇ ਤਿੰਨ ਮਹੀਨਿਆਂ ਤੋਂ ਰੋਕੀ ਗਈ ਤਨਖਾਹ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗਾਰਡ ਦਿਨ-ਰਾਤ ਆਪਣੀ ਡਿਊਟੀ ਨਿਭਾ ਰਹੇ ਹਨ ਪਰ ਕੰਪਨੀ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਜਿਸ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਦਾ ਬੋਝ ਲਗਾਤਾਰ ਵਧ ਰਿਹਾ ਹੈ ਜਦਕਿ ਸਟਾਫ਼ ਦੀ ਘਾਟ ਅਤੇ ਤਨਖਾਹਾਂ ਵਿੱਚ ਦੇਰੀ ਵਰਗੀਆਂ ਸਮੱਸਿਆਵਾਂ ਗੰਭੀਰ ਬਣਦੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਿੱਜੀ ਕੰਪਨੀਆਂ ਵੱਲੋਂ ਮਜ਼ਦੂਰ ਹੱਕਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਸਬੰਧਤ ਕੰਪਨੀ ਵੱਲੋਂ 7 ਦਿਨਾਂ ਦੇ ਅੰਦਰ ਗਾਰਡਾਂ ਦੀ ਬਕਾਇਆ ਤਨਖਾਹ ਜਾਰੀ ਨਾ ਕੀਤੀ ਗਈ ਤਾਂ ਸੂਬਾ ਭਰ ਦੇ ਸੇਵਾ ਕੇਂਦਰਾਂ ਵਿੱਚ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਜਬੂਰਨ ਅਣਮਿੱਥੇ ਸਮੇਂ ਲਈ ਹੜਤਾਲ ਦਾ ਰਾਹ ਅਪਣਾਇਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਕੰਪਨੀ ਦੀ ਹੋਵੇਗੀ। ਉਨ੍ਹਾਂ ਲੇਬਰ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੁਰੱਖਿਆ ਗਾਰਡਾਂ ਦੀ ਬਕਾਇਆ ਤਨਖਾਹ ਤੁਰੰਤ ਜਾਰੀ ਕਰਵਾਈ ਜਾਵੇ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਦਾ ਵੀ ਹੱਲ ਕੀਤਾ ਜਾਵੇ। ਇਸ ਮੀਟਿੰਗ ਵਿੱਚ ਟਰੇਡ ਯੂਨੀਅਨ ਆਗੂ ਨਿਰਮਲ ਸਿੰਘ ਧਾਲੀਵਾਲ ਜਨਰਲ ਸਕੱਤਰ ਪੰਜਾਬ ਏਟਕ, ਬੰਤ ਸਿੰਘ ਬਰਾੜ ਪੰਜਾਬ ਪ੍ਰਧਾਨ ਅਤੇ ਵਿਨੋਦ ਚੁੱਘ ਉਪ ਪ੍ਰਧਾਨ ਏਟਕ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ।