ਟਰੈਫਿਕ ਨਿਯਮ ਤੋੜਨ ਵਾਲਿਆਂ ‘ਤੇ ਸਖ਼ਤੀ, ਚ 1766 ਦੇ ਚਲਾਨ
ਟਰੈਫਿਕ ਨਿਯਮ ਤੋੜਨ ਵਾਲਿਆਂ ‘ਤੇ ਸਖ਼ਤੀ, ਇੱਕ ਦਿਨ ‘ਚ 1766 ਚਲਾਨ ਕੱਟੇ
Publish Date: Sat, 02 May 2026 06:31 PM (IST)
Updated Date: Sun, 03 May 2026 04:12 AM (IST)

ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਸ਼ਹਿਰ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰੈਫਿਕ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸ਼ੁਕਰਵਾਰ ਨੂੰ ਕੁੱਲ 1766 ਚਲਾਨ ਜਾਰੀ ਕੀਤੇ ਗਏ। ਇਹ ਅੰਕੜੇ ਦੱਸਦੇ ਹਨ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਹਾਲੇ ਵੀ ਵੱਡੀ ਚੁਣੌਤੀ ਬਣੀ ਹੋਈ ਹੈ। ਮਿਲ਼ੀ ਜਾਣਕਾਰੀ ਅਨੁਸਾਰ ਸਭ ਤੋਂ ਵੱਧ ਮਾਮਲੇ ਬਿਨਾਂ ਹੈਲਮੈਟ ਦੇ ਸਾਹਮਣੇ ਆਏ, ਜਿਨ੍ਹਾਂ ਦੀ ਗਿਣਤੀ 640 ਰਹੀ। ਇਸ ਤੋਂ ਇਲਾਵਾ ਗਲਤ ਸਾਈਡ ਡਰਾਈਵਿੰਗ ਦੇ 173 ਅਤੇ ਗਲਤ ਪਾਰਕਿੰਗ ਦੇ 115 ਮਾਮਲੇ ਦਰਜ ਕੀਤੇ ਗਏ। ਹੋਰ ਉਲੰਘਣਾਵਾਂ ਵਿੱਚ ਟਰਿਪਲ ਰਾਈਡਿੰਗ 105, ਰੇਡ ਲਾਈਟ ਜੰਪ 102 ਅਤੇ ਓਵਰ ਸਪੀਡ 120 ਦੇ ਕੇਸ ਵੀ ਸ਼ਾਮਲ ਹਨ। ਇਸਦੇ ਨਾਲ ਹੀ ਮੋਬਾਈਲ ਫੋਨ ਵਰਤਣਾ 22 ਅਤੇ ਬਿਨਾਂ ਨੰਬਰ ਪਲੇਟ 64 ਦੇ ਮਾਮਲੇ ਵੀ ਸਾਹਮਣੇ ਆਏ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਦੇ 36 ਚਲਾਨ ਕੀਤੇ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮੁਹਿੰਮ ਲੋਕਾਂ ਵਿੱਚ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਵਧਾਉਣ ਲਈ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ, ਗਤੀ ਸੀਮਾ ਦੀ ਪਾਲਣਾ ਕਰਨ ਅਤੇ ਟਰੈਫਿਕ ਨਿਯਮਾਂ ਦਾ ਪੂਰਾ ਪਾਲਣ ਕਰਨ।