ਜਮ੍ਹਾਂਖੋਰੀ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਜਮ੍ਹਾਂਖੋਰੀ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ
Publish Date: Fri, 13 Mar 2026 10:43 PM (IST)
Updated Date: Fri, 13 Mar 2026 10:45 PM (IST)

- ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀ ਢੁਕਵੀਂ ਸਪਲਾਈ ਜਾਰੀ : ਡਿਪਟੀ ਕਮਿਸ਼ਨਰ - ਡੀਸੀ ਹਿਮਾਂਸ਼ੂ ਜੈਨ ਨੇ ਪੈਟਰੋਲ ਪੰਪ ਅਤੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਵਿਸ਼ਵ ਪੱਧਰ ’ਤੇ ਬਣ ਰਹੇ ਜੰਗ ਦੇ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐੱਲਪੀਜੀ ਦੀ ਲੁੜੀਂਦੀ ਉਪਲਬਧਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਖੁਰਾਕ ਅਤੇ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਪੱਛਮੀ, ਤੇਲ ਕੰਪਨੀਆਂ ਦੇ ਕੋ-ਆਰਡੀਨੇਟਰ, ਗੈਸ ਕੰਪਨੀਆਂ ਦੇ ਕੋ-ਆਰਡੀਨੇਟਰ, ਪੈਟਰੋਲ ਪੰਪ ਡੀਲਰਾਂ ਅਤੇ ਗੈਸ ਏਜੰਸੀ ਡੀਲਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਡੀਸੀ ਜੈਨ ਨੇ ਕਿਹਾ ਕਿ ਮੌਜੂਦਾ ਸਮੇਂ ਬਣੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਤੇਲ ਜਾਂ ਗੈਸ ਸਪਲਾਈ ਦੀ ਕੋਈ ਕਿੱਲਤ ਨਹੀਂ ਹੈ ਅਤੇ ਲੋਕਾਂ ਨੂੰ ਕਿਸੇ ਵੀ ਪੱਖੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਇਹ ਸਪੱਸ਼ਟ ਕੀਤਾ ਗਿਆ ਕਿ ਜ਼ਿਲ੍ਹੇ ਵਿੱਚ ਘਰੇਲੂ ਵਰਤੋਂ ਲਈ ਗੈਸ ਸਿਲੰਡਰਾਂ ਦੀ ਸਪਲਾਈ ਨਿਯਮਿਤ ਤੌਰ ’ਤੇ ਜਾਰੀ ਹੈ। ਪੈਟਰੋਲ ਅਤੇ ਡੀਜ਼ਲ ਸਬੰਧੀ ਵੀ ਕਿਸੀ ਕਿਸਮ ਦੀ ਕੋਈ ਦਿੱਕਤ ਨਹੀਂ ਹੈ। ਉਨ੍ਹਾਂ ਇਸ ਸਬੰਧੀ ਗੈਸ ਏਜੰਸੀਆਂ ਦੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਅਜਿਹੇ ਹਾਲਾਤਾਂ ਵਿੱਚ ਸਿਲੰਡਰਾਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ, ਭੰਡਾਰਨ ਨਾ ਹੋਣ ਦਿੱਤੀ ਜਾਵੇ। ਸਮੂਹ ਗੈਸ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਸਬੰਧੀ ਹਦਾਇਤ ਕੀਤੀ ਗਈ ਕਿ ਉਨ੍ਹਾਂ ਦੇ ਦਫਤਰੀ ਫੋਨ ਨੰਬਰ ਅਤੇ ਹੈਲਪਲਾਈਨ ਨੰਬਰ ਹਮੇਸ਼ਾ ਚਾਲੂ ਰਹਿਣ ਤਾਂ ਜੋ ਖ਼ਪਤਕਾਰਾਂ ਨੂੰ ਜਾਣਕਾਰੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਗੈਸ ਕੰਪਨੀਆਂ ਦੇ ਕੋ-ਆਰਡੀਨੇਟਰ ਅਤੇ ਗੈਸ ਏਜੰਸੀਆਂ ਦੇ ਡੀਲਰਾਂ ਵੱਲੋਂ ਡੀਸੀ ਹਿਮਾਂਸ਼ੂ ਜੈਨ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਬਿਲਕੁਲ ਠੀਕ ਚੱਲ ਰਹੀ ਹੈ ਅਤੇ ਕਿਸੇ ਵੀ ਖਪਤਕਾਰ ਨੂੰ ਇਸ ਸਬੰਧੀ ਕੋਈ ਦਿੱਕਤ ਨਹੀਂ ਆਉਂਣ ਦਿੱਤੀ ਜਾਵੇਗੀ। ਡੀਸੀ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕਿਸੀ ਵੀ ਵਿਅਕਤੀ ਜਾਂ ਡੀਲਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਕੀਤੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਘਬਰਾਹਟ ਵਿੱਚ ਪੈਟਰੋਲ, ਡੀਜ਼ਲ ਜਾਂ ਗੈਸ ਦੀ ਬੇਲੋੜੀ ਖਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ। ਕਾਲਾਬਾਜ਼ਾਰੀ ਨੂੰ ਰੋਕਣ ਲਈ ਬਣਾਈ ਉੱਚ ਅਧਿਕਾਰ ਕਮੇਟੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਐੱਲਪੀਜੀ ਦੀ ਘਾਟ ਜਾਂ ਕਾਲਾਬਾਜ਼ਾਰੀ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਉੱਚ ਅਧਿਕਾਰ ਕਮੇਟੀ ਵੀ ਬਣਾਈ ਗਈ ਹੈ। ਇਸ ਕਮੇਟੀ ਦੇ ਹੋਰ ਮੈਂਬਰ ਏਸੀਏ ਗਲਾਡਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਏਸੀਪੀ ਹੈੱਡਕੁਆਰਟਰ, ਜ਼ਿਲ੍ਹਾ ਆਬਕਾਰੀ ਅਤੇ ਕਰ ਕਮਿਸ਼ਨਰ, ਡੀਐੱਫਐੱਸਸੀ (ਪੂਰਬੀ ਅਤੇ ਪੱਛਮੀ) ਹਨ। ਹਿਮਾਂਸ਼ੂ ਜੈਨ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕੀਟ ਵਿੱਚ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਅਫਵਾਹ ਜਾਂ ਬੇਨਿਯਮੀ ਦੀ ਸੂਰਤ ਵਿੱਚ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਪੱਧਰ ’ਤੇ ਐੱਸਡੀਐੱਮਜ਼ ਨੂੰ ਸਥਿਤੀ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।