ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣੇ : ਸੰਤ ਸੀਚੇਵਾਲ
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣੇ : ਸੰਤ ਸੀਚੇਵਾਲ
Publish Date: Thu, 19 Mar 2026 09:17 PM (IST)
Updated Date: Fri, 20 Mar 2026 04:16 AM (IST)

* ਨਕੋਦਰ ਬੇਅਦਬੀ ਕਾਂਡ 40 ਸਾਲਾਂ ਬਾਅਦ ਸੰਸਦ ’ਚ ਗੂੰਜਿਆ, ਇਨਸਾਫ਼ ਲਈ ਐੱਸਆਈਟੀ ਬਣਾਉਣ ਦੀ ਮੰਗ ਫੋਟੋ- 26 ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ’ਚ ਵੱਧ ਰਹੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਰਾਜ ਸਭਾ ਵਿੱਚ ਗੰਭੀਰਤਾ ਨਾਲ ਉਠਾਉਂਦੇ ਇਸ ਨੂੰ ਰੋਕਣ ਲਈ ਦੇਸ਼ ਪੱਧਰ ’ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਵੱਲੋਂ ਦਿੱਤਾ ਗਿਆ ਸਪੈਸ਼ਲ ਮੈਨਸ਼ਨ ਹਾਊਸ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਸੰਤ ਸੀਚੇਵਾਲ ਨੇ 1986 ਦੇ ਨਕੋਦਰ ਬੇਅਦਬੀ ਕਾਂਡ ਤੋਂ ਲੈ ਕੇ ਬਰਗਾੜੀ ਤੱਕ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ, ਗੀਤਾ, ਕੁਰਾਨ, ਬਾਈਵਲ ਸਮੇਤ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਹੁਤ ਹੀ ਸੰਵੇਦਨਸ਼ੀਲ ਅਤੇ ਦੁਖਦਾਈ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਪੰਜਾਬ ਵਰਗੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਹਾਊਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਫਰਵਰੀ 1986 ਨੂੰ ਨਕੋਦਰ ਵਿੱਚ ਵਾਪਰੇ ਬੇਅਦਬੀ ਕਾਂਡ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅੱਗ ਦੇ ਹਵਾਲੇ ਕਰ ਦਿੱਤੇ ਗਏ ਸਨ। ਇਸ ਦੇ ਵਿਰੋਧ ’ਚ 4 ਫਰਵਰੀ ਨੂੰ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ’ਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 4 ਨੌਜਵਾਨ ਸ਼ਹੀਦ ਹੋ ਗਏ ਸਨ। ਇਸੇ ਤਰ੍ਹਾਂ ਬਰਗਾੜੀ ਮਾਮਲੇ ਦੌਰਾਨ ਵੀ ਪੁਲਿਸ ਕਾਰਵਾਈ ’ਚ 2 ਸਿੱਖਾਂ ਦੀ ਮੌਤ ਹੋਈ ਸੀ। ਸੰਤ ਸੀਚੇਵਾਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਅਜੇ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਗ੍ਰੰਥ ਸਿਰਫ਼ ਕਿਤਾਬਾਂ ਨਹੀਂ, ਸਗੋਂ ਸਮਾਜ ਲਈ ਆਤਮਿਕ ਮਾਰਗਦਰਸ਼ਕ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਿੱਖ ਧਰਮ ਵਿੱਚ ਜਾਗਦੀ ਜੋਤ ਜੀਵੰਤ ਗੁਰੂ ਦਾ ਦਰਜਾ ਪ੍ਰਾਪਤ ਹੈ, ਇਸ ਲਈ ਉਨ੍ਹਾਂ ਦੀ ਬੇਅਦਬੀ ਸਮੂਹ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਲਈ ਖਾਸ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮਾਣੇ ਵਿੱਚ ਚੱਲ ਰਹੇ ਮੋਰਚੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਮੋਰਚੇ ਵਿੱਚ ਸੰਗਤਾਂ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਅਤੇ ਕੜੇ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਨਕੋਦਰ ਘਟਨਾ ਸਬੰਧੀ ਕਈ ਗੰਭੀਰ ਸਵਾਲ ਉਠਾਏ। ਉਨ੍ਹਾਂ ਨੇ ਕਿਹਾ ਕਿ ਇੰਨੀ ਵੱਡੀ ਘਟਨਾ ਦੇ ਬਾਵਜੂਦ ਨਕੋਦਰ ਥਾਣੇ ਵਿੱਚ ਐਫਆਈਆਰ ਦਾ ਰਿਕਾਰਡ ਨਾ ਮਿਲਣਾ ਹੈਰਾਨੀਜਨਕ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇ ਐਫਆਈਆਰ ਦਰਜ ਨਹੀਂ ਹੋਈ ਸੀ ਤਾਂ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ਹੇਠ ਜਾਂਚ ਕਿਵੇਂ ਕੀਤੀ ਗਈ। ਉਨ੍ਹਾਂ ਨੇ ਇਹ ਵੀ ਕਿਹਾ ਕਿ 31 ਅਕਤੂਬਰ 1986 ਨੂੰ ਪੰਜਾਬ ਸਰਕਾਰ ਨੂੰ ਸੌਂਪੀ ਗਈ ਜਾਂਚ ਰਿਪੋਰਟ ਬਿਨ੍ਹਾਂ ਐਕਸ਼ਨ ਟੇਕਨ ਰਿਪੋਰਟ ਦੇ 5 ਮਾਰਚ 2001 ਨੂੰ ਵਿਧਾਨ ਸਭਾ ਵਿੱਚ ਕਿਵੇਂ ਪੇਸ਼ ਹੋ ਗਈ- -ਇਹ ਸਾਰੇ ਮਸਲੇ ਗੰਭੀਰ ਜਾਂਚ ਦੀ ਮੰਗ ਕਰਦੇ ਹਨ। ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਹ ਮਾਮਲਾ ਸਿਰਫ਼ 4 ਨੌਜਵਾਨਾਂ ਦੀ ਸ਼ਹਾਦਤ ਤੱਕ ਸੀਮਿਤ ਨਹੀਂ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨ ਭੇਂਟ ਕੀਤੇ ਗਏ ਸਰੂਪਾਂ ਨਾਲ ਜੁੜੀ ਸੰਗਤ ਦੀ ਗਹਿਰੀ ਆਸਥਾ ਦਾ ਵੀ ਸਵਾਲ ਹੈ। ਉਨ੍ਹਾਂ ਕਿਹਾ ਕਿ 4 ਦਹਾਕਿਆਂ ਬਾਅਦ ਵੀ ਇਨਸਾਫ਼ ਨਾ ਮਿਲਣਾ ਪ੍ਰਣਾਲੀ ’ਤੇ ਗੰਭੀਰ ਸਵਾਲ ਖੜੇ ਕਰਦਾ ਹੈ।