ਕੌਂਸਲਰ ਕਮਲ ਅਰੋੜਾ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ
ਕੌਂਸਲਰ ਕਮਲ ਅਰੋੜਾ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ
Publish Date: Tue, 16 Jun 2026 06:21 PM (IST)
Updated Date: Tue, 16 Jun 2026 06:24 PM (IST)

-ਸਮੁੱਚਾ ਸ਼੍ਰੋਮਣੀ ਅਕਾਲੀ ਦਲ ਕੌਂਸਲਰ ਕਮਲ ਅਰੋੜਾ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ : ਭਿੰਦਾ ਸਟਾਫ਼ ਪ੍ਰਤੀਨਿਧ, ਪੰਜਾਬੀ ਜਾਗਰਣ ਲੁਧਿਆਣਾ ਅਕਾਲੀ ਜੱਥਾ ਲਾਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਕਮਲ ਅਰੋੜਾ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਾ ਹੈ। ਇਹ ਮਾਮਲਾ ਰਾਜਨੀਤਕ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਜਾਪਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਲੜਦਾ ਰਹੇਗਾ, ਨਾ ਕਦੇ ਡਰਿਆ ਹੈ ਤੇ ਨਾ ਹੀ ਕਦੇ ਝੁਕਿਆ ਹੈ। ਉਨ੍ਹਾਂ ਕਿਹਾ ਕਿ ਕੌਂਸਲਰ ਕਮਲ ਅਰੋੜਾ ਆਪਣੇ ਵਾਰਡ ਦੇ ਲੋਕਾਂ ਦੇ ਜਾਇਜ਼ ਕੰਮਾਂ ਲਈ ਅਧਿਕਾਰੀਆਂ ਕੋਲ ਜਾਂਦੇ ਰਹੇ ਹਨ। ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਦਬਾਅ ਹੇਠ ਕੁੱਝ ਅਧਿਕਾਰੀ ਚੁਣੇ ਹੋਏ ਨੁਮਾਇੰਦਿਆਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਹਾਰੇ ਹੋਏ ਵਿਅਕਤੀਆਂ ਰਾਹੀਂ ਕੰਮ ਕਰਵਾਉਣ ਨੂੰ ਤਰਜੀਹ ਦਿੰਦੇ ਹਨ। ਇਸ ਕਾਰਨ ਹੋਈ ਮਾਮੂਲੀ ਤਕਰਾਰ ਨੂੰ ਆਧਾਰ ਬਣਾ ਕੇ ਇੱਕ ਚੁਣੇ ਹੋਏ ਲੋਕ ਪ੍ਰਤੀਨਿਧੀ ’ਤੇ ਕੇਸ ਦਰਜ ਕਰਨਾ ਲੋਕਤੰਤਰਿਕ ਪ੍ਰਣਾਲੀ ਦੀ ਤੌਹੀਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਾ ਹੈ ਤੇ ਉਨ੍ਹਾਂ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਦੀ ਮੰਗ ਕਰਦਾ ਹੈ ਜੋ ਚੁਣੇ ਹੋਏ ਨੁਮਾਇੰਦਿਆਂ ਦੀ ਪਰਵਾਹ ਕਰਨ ਦੀ ਬਜਾਏ ਸਿਰਫ਼ ਸਰਕਾਰ ਦੇ ਇਸ਼ਾਰਿਆਂ ਤੇ ਕੰਮ ਕਰਦੇ ਹਨ। ਲੋੜ ਪੈਣ ਤੇ ਅਜਿਹੇ ਅਧਿਕਾਰੀਆਂ ਦੇ ਕੰਮਕਾਜ ਅਤੇ ਜਾਇਦਾਦਾਂ ਦੀ ਵਿਜੀਲੈਂਸ ਜਾਂਚ ਲਈ ਵੀ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਇਨਸਾਫ਼ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਤੇ ਲੁਧਿਆਣਾ ਦਾ ਅਕਾਲੀ ਜੱਥਾ ਕੌਂਸਲਰ ਕਮਲ ਅਰੋੜਾ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਉਨ੍ਹਾਂ ਨਾਲ ਹੋ ਰਹੀ ਕਿਸੇ ਵੀ ਬੇਇਨਸਾਫ਼ੀ ਦਾ ਡਟ ਕੇ ਮੁਕਾਬਲਾ ਕਰੇਗਾ।