ਵਿਦਿਆਰਥੀਆਂ ਨੂੰ ਕਰਵਾਏ ਧਾਰਮਿਕ ਅਸਥਾਨਾਂ ਦੇ ਦਰਸ਼ਨ ਵਿਦਿਆਰਥੀਆਂ ਨੂੰ ਕਰਵਾਏ ਧਾਰਮਿਕ ਸਥਾਨਾਂ ਦੇ ਦਰਸ਼ਨ
Publish Date: Tue, 24 Nov 2026 07:34 PM (IST)
Updated Date: Tue, 24 Nov 2026 07:37 PM (IST)
ਠਾਕੁਰਜੀਤ ਸਿੰਘ ਤਾਜਪੁਰੀ, ਪੰਜਾਬੀ ਜਾਗਰਣ ਰਾਏਕੋਟ : ਸਥਾਨਕ ਡਾ. ਦੁਆਰਕਾ ਨਾਥ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਦੀ ਅਗਵਾਈ ਹੇਠ ਸਕੂਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਇੱਕ ਵਿੱਦਿਅਕ ਟੂਰ ਲਗਾਇਆ ਗਿਆ। ਇਸ ਟੂਰ ਦਾ ਮੁੱਖ ਮਕਸਦ ਵਿਦਿਆਰਥਣਾਂ ਨੂੰ ਧਾਰਮਿਕ ਵਿਰਸੇ, ਸੱਭਿਆਚਾਰ ਅਤੇ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਨੇ ਕਿਹਾ ਕਿ ਇਹ ਟੂਰ ਦੁਆਰਾ ਵਿਦਿਆਰਥਣਾਂ ਨੇ ਸ਼੍ਰੀ ਕੇਸਗੜ੍ਹ ਸਾਹਿਬ ਤੇ ਮਾਤਾ ਨੈਣਾ ਦੇਵੀ ਸਥਾਨ ਦੇ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕਰਵਾਉਣਾ ਵੀ ਬਹੁਤ ਜ਼ਰੂਰੀ ਹੈ। ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ ਪ੍ਰਯੋਗਿਕ ਜਾਣਕਾਰੀ ਹਾਸਲ ਕਰਨਾ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਹੈ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥਣਾਂ ਦੇ ਸੁਰੱਖਿਅਤ ਅਤੇ ਸੁਚੱਜੇ ਸਫ਼ਰ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਸਤਵਿੰਦਰ ਕੌਰ, ਵਨੀਤਾ, ਗੁਰਕਮਲ ਕੌਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।