- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਾਂਨਗਰ ’ਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ, ਸਫਾਈ ਦੇ ਨਾਲ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

-ਸਫਾਈ ਕਰਨ ਦੇ ਨਾਲ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਬੂਟੇ ਲਾਉਣ ਤੇ ਹੋਰ ਸਰਗਰਮੀਆਂ ਰਾਹੀਂ ਜੁੜਨਗੇ ਲੋਕ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਨਗਰ ਨਿਗਮ ਲੁਧਿਆਣਾ ਵੱਲੋਂ ਵੀਰਵਾਰ ਨੂੰ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇੱਕ ਮਹੀਨੇ ਤੱਕ ਚੱਲਣ ਵਾਲੀ ਇਹ ਮੁਹਿੰਮ 17 ਅਕਤੂਬਰ 2026 ਤੱਕ ਜਾਰੀ ਰਹੇਗੀ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫਾਈ ਮੁਹਿੰਮਾਂ, ਜਾਗਰੂਕਤਾ ਪ੍ਰੋਗਰਾਮ, ਪੌਦੇ ਲਗਾਉਣ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਦੇ ਪਹਿਲੇ ਦਿਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ। ਇਸ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਸਮੇਤ ਹੋਰ ਪਤਵੰਤੇ ਵੀ ਸ਼ਾਮਲ ਹੋਏ।
ਮੁਹਿੰਮ ਦੇ ਨੋਡਲ ਅਫਸਰ ਅਤੇ ਜੁਆਇੰਟ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਵਿਆਪਕ ਪੱਧਰ ’ਤੇ ਲਿਜਾਣ ਲਈ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਸੈਲਫ ਹੈਲਪ ਗਰੁੱਪਾਂ, ਵਿਦਿਅਕ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਵੀ ਜੋੜਿਆ ਜਾਵੇਗਾ। ਲੋਕਾਂ ਨੂੰ ਘਰ-ਘਰ ਜਾ ਕੇ ਕੂੜਾ ਪ੍ਰਬੰਧਨ ਅਤੇ ਸਫਾਈ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਨਿਗਮ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਖੁੱਲ੍ਹੇ ਵਿੱਚ ਕੂੜਾ ਨਾ ਸੁੱਟਿਆ ਜਾਵੇ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਨਿਗਮ ਦਾ ਸਹਿਯੋਗ ਕੀਤਾ ਜਾਵੇ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਲੋਕਾਂ ਤੋਂ ਸਫਾਈ ਸਬੰਧੀ ਫੀਡਬੈਕ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਮੁਹਿੰਮ ਦੌਰਾਨ ਠੋਸ ਕੂੜਾ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਵਿਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੇ ਨਾਲ ਘਰ-ਘਰ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ।
ਮੇਅਰ ਅਤੇ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਭਰ ਵਿੱਚ ਸਫਾਈ ਤੇ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਸਫਾਈ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਨਿਗਮ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਸਫਾਈ ਪ੍ਰਬੰਧਾਂ ਵਿੱਚ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸ਼ਿਕਾਇਤ ਨਿਗਮ ਅਧਿਕਾਰੀਆਂ ਕੋਲ ਦਰਜ ਕਰਵਾਈ ਜਾਵੇ।