ਪਾਇਲ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ ਪਾਇਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
Publish Date: Tue, 18 Aug 2026 06:55 PM (IST)
Updated Date: Wed, 19 Aug 2026 04:01 AM (IST)
ਹੈਪੀ ਜੱਲਾ, ਪੰਜਾਬੀ ਜਾਗਰਣ ਪਾਇਲ : ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੁੜੇ ਤਿਉਹਾਰਾਂ ਨੂੰ ਜਿਊਂਦਾ ਰੱਖਣ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਉਦੇਸ਼ ਨਾਲ ਪਾਇਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪਾਇਲ ਦੇ ਵਾਰਡ ਨੰਬਰ 10 ਦੀਆਂ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਤੀਆਂ ਪੰਜਾਬੀ ਸੱਭਿਆਚਾਰ ਦਾ ਇੱਕ ਅਹਿਮ ਤਿਉਹਾਰ ਹੈ, ਜਿਸ ਨਾਲ ਪੰਜਾਬ ਦੀਆਂ ਧੀਆਂ, ਭੈਣਾਂ ਅਤੇ ਮਹਿਲਾਵਾਂ ਦੀਆਂ ਭਾਵਨਾਵਾਂ ਡੂੰਘੇ ਤੌਰ ਤੇ ਜੁੜੀਆਂ ਹੋਈਆਂ ਹਨ। ਇਸ ਤਿਉਹਾਰ ਦੌਰਾਨ ਪੰਜਾਬੀ ਲੋਕ-ਗੀਤਾਂ, ਗਿੱਧੇ, ਬੋਲੀਆਂ, ਪੁਰਾਣੀਆਂ ਲੋਕ-ਰਵਾਇਤਾਂ ਅਤੇ ਰਵਾਇਤੀ ਪਹਿਰਾਵਿਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਦੇਖਣ ਨੂੰ ਮਿਲੀ। ਸਮਾਗਮ ਦੌਰਾਨ ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸਜ-ਧਜ ਕੇ ਗਿੱਧੇ ਅਤੇ ਬੋਲੀਆਂ ਰਾਹੀਂ ਖੂਬ ਰੰਗ ਬੰਨ੍ਹਿਆ। ਇਸ ਮੌਕੇ ਬੂਟਾ ਸਿੰਘ ਰਾਣੋ (ਕਾਰਜਕਾਰੀ ਪ੍ਰਧਾਨ, ਨਗਰ ਕੋਂਸਲ ਪਾਇਲ ) ਦੀ ਸੁਪਤਨੀ ਸ਼੍ਰੀਮਤੀ ਕਮਲਜੀਤ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਵਿਰਸਾ ਸਾਡੀ ਪਹਿਚਾਣ ਦਾ ਅਹਿਮ ਹਿੱਸਾ ਹੈ। ਤੀਆਂ ਵਰਗੇ ਰਵਾਇਤੀ ਤਿਉਹਾਰ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਸਾਡੀਆਂ ਪੁਰਾਤਨ ਰਵਾਇਤਾਂ, ਲੋਕ-ਗੀਤਾਂ, ਬੋਲੀਆਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਜ਼ਰੀਆ ਵੀ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਔਰਤਾਂ ਨੂੰ ਇਕੱਠੇ ਹੋ ਕੇ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨ ਅਤੇ ਪੰਜਾਬੀ ਵਿਰਸੇ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਮੌਜੂਦ ਔਰਤਾਂ ਅਤੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਇਸ ਰੰਗਾਰੰਗ ਮਾਹੌਲ ਦਾ ਖੂਬ ਆਨੰਦ ਮਾਣਿਆ। ਮਾਹੌਲ ਵਿੱਚ ਪੰਜਾਬੀ ਲੋਕ-ਸੱਭਿਆਚਾਰ ਦੀ ਖੁਸ਼ਬੂ ਅਤੇ ਪੁਰਾਣੇ ਪੰਜਾਬ ਦੀਆਂ ਯਾਦਾਂ ਦੀ ਝਲਕ ਸਾਫ਼ ਨਜ਼ਰ ਆਈ। ਸਮਾਗਮ ਵਿੱਚ ਮੌਜੂਦ ਧੀਆਂ ਭੈਣਾਂ ਨੇ ਇੱਕ-ਦੂਜੇ ਨਾਲ ਮਿਲ ਕੇ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਸ ਰਾਹੀਂ ਆਪਸੀ ਪਿਆਰ, ਭਾਈਚਾਰੇ ਅਤੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ। ਇਸ ਤਰ੍ਹਾਂ ਪਾਇਲ ਵਿਖੇ ਕਰਵਾਇਆ ਗਿਆ ਤੀਆਂ ਦਾ ਇਹ ਸਮਾਗਮ ਪੰਜਾਬੀ ਸੱਭਿਆਚਾਰ, ਲੋਕ ਵਿਰਸੇ ਅਤੇ ਆਪਸੀ ਸਾਂਝ ਦਾ ਸੁੰਦਰ ਪ੍ਰਤੀਕ ਹੋ ਨਿਬੜਿਆ।