ਧਮਾਕਿਆਂ ਨਾਲ ਦਹਿਲਿਆ ਲੁਧਿਆਣਾ, ਫੀਲਡ ਗੰਜ ਦੇ ਪਟਾਕਿਆਂ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ; ‘ਆਪ’ ਆਗੂ ਦੇ ਭਤੀਜੇ ਦੀ ਮੌਤ
ਘਟਨਾ ਦੌਰਾਨ ਇੱਕ ਵਿਅਕਤੀ ਗੋਦਾਮ ਦੇ ਅੰਦਰ ਫਸ ਗਿਆ। ਜਿਸ ਦੀ ਅੱਗ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਹੈ। ਮਰਨ ਵਾਲੇ ਦੀ ਪਛਾਣ 'ਆਪ' ਆਗੂ ਗੋਲਡੀ ਸੱਬਰਵਾਲ ਦੇ ਭਤੀਜੇ ਸਾਹਿਲ ਸੱਬਰਵਾਲ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਤਕਰੀਬਨ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ।
Publish Date: Fri, 30 Oct 2026 03:40 PM (IST)
Updated Date: Fri, 30 Oct 2026 04:47 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਸ਼ਹਿਰ ਦੇ ਭੀੜ-ਭੜੱਕੇ ਵਾਲੇ ਫੀਲਡ ਗੰਜ ਇਲਾਕੇ ’ਚ ਸਥਿਤ ਇਕ ਗੋਦਾਮ ’ਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਗੋਦਾਮ ਵਿੱਚੋਂ ਉੱਠ ਰਹੀਆਂ ਅੱਗ ਦੀਆਂ ਉੱਚੀਆਂ ਲਪਟਾਂ ਤੇ ਕਾਲੇ ਧੂੰਏਂ ਦੇ ਗੁਬਾਰ ਨੇ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।
ਘਟਨਾ ਦੌਰਾਨ ਇੱਕ ਵਿਅਕਤੀ ਗੋਦਾਮ ਦੇ ਅੰਦਰ ਫਸ ਗਿਆ। ਜਿਸ ਦੀ ਅੱਗ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਹੈ। ਮਰਨ ਵਾਲੇ ਦੀ ਪਛਾਣ 'ਆਪ' ਆਗੂ ਗੋਲਡੀ ਸੱਬਰਵਾਲ ਦੇ ਭਤੀਜੇ ਸਾਹਿਲ ਸੱਬਰਵਾਲ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਤਕਰੀਬਨ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ।
ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਗੋਦਾਮ ਵਿੱਚ ਪਟਾਕਿਆਂ ਦਾ ਵੱਡਾ ਜ਼ਖੀਰਾ ਰੱਖੇ ਹੋਣ ਦੇ ਦੋਸ਼ ਲਗਾਏ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕੇ ਵਿੱਚ ਬਿਨਾਂ ਲੋੜੀਂਦੀ ਮਨਜ਼ੂਰੀ ਦੇ ਪਟਾਕਿਆਂ ਦਾ ਭੰਡਾਰ ਕੀਤਾ ਜਾ ਰਿਹਾ ਸੀ ਤਾਂ ਇਹ ਲੋਕਾਂ ਦੀਆਂ ਜਾਨਾਂ ਲਈ ਵੱਡਾ ਖ਼ਤਰਾ ਬਣ ਸਕਦਾ ਸੀ।
ਹਾਲਾਂਕਿ ਗੋਦਾਮ ਦੀ ਮਾਲਕੀ ਅਤੇ ਉੱਥੇ ਪਟਾਕਿਆਂ ਦੇ ਭੰਡਾਰ ਸਬੰਧੀ ਲੱਗ ਰਹੇ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ’ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਨੂੰ ਘੇਰ ਕੇ ਲੋਕਾਂ ਦੀ ਆਵਾਜਾਈ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ।
ਇਸ ਘਟਨਾ ਨੇ ਘਣੀ ਆਬਾਦੀ ਵਾਲੇ ਇਲਾਕਿਆਂ ਵਿੱਚ ਜਲਣਸ਼ੀਲ ਅਤੇ ਵਿਸਫੋਟਕ ਸਮੱਗਰੀ ਦੇ ਭੰਡਾਰਨ ਸਬੰਧੀ ਸੁਰੱਖਿਆ ਪ੍ਰਬੰਧਾਂ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਹੁਣ ਜਾਂਚ ਦਾ ਮੁੱਖ ਵਿਸ਼ਾ ਇਹ ਰਹੇਗਾ ਕਿ ਗੋਦਾਮ ਵਿੱਚ ਅੱਗ ਲੱਗਣ ਦਾ ਅਸਲ ਕਾਰਨ ਕੀ ਸੀ, ਉੱਥੇ ਪਟਾਕਿਆਂ ਦਾ ਭੰਡਾਰ ਮੌਜੂਦ ਸੀ ਜਾਂ ਨਹੀਂ ਅਤੇ ਜੇਕਰ ਸੀ ਤਾਂ ਕੀ ਇਸ ਲਈ ਸਬੰਧਤ ਵਿਭਾਗਾਂ ਤੋਂ ਲੋੜੀਂਦੀਆਂ ਮਨਜ਼ੂਰੀਆਂ ਲਈਆਂ ਗਈਆਂ ਸਨ। ਪੁਲਿਸ ਅਤੇ ਪ੍ਰਸ਼ਾਸਨ ਦੀ ਜਾਂਚ ਤੋਂ ਬਾਅਦ ਹੀ ਪੂਰੇ ਮਾਮਲੇ ਦੀ ਅਸਲ ਤਸਵੀਰ ਸਾਹਮਣੇ ਆ ਸਕੇਗੀ।