ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਲੌਰ ਵਾਸੀ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ। ਪੁਲਿਸ ਮੁਤਾਬਕ ਅੰਕੁਸ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਨਾਮਜ਼ਦ ਰਹਿ ਚੁੱਕਾ ਹੈ ਅਤੇ ਉਹ ਆਦਤਨ ਅਪਰਾਧੀ ਹੈ।
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਨਾਜਾਇਜ਼ ਪਿਸਤੌਲ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਲੌਰ ਵਾਸੀ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ। ਪੁਲਿਸ ਮੁਤਾਬਕ ਅੰਕੁਸ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਨਾਮਜ਼ਦ ਰਹਿ ਚੁੱਕਾ ਹੈ ਅਤੇ ਉਹ ਆਦਤਨ ਅਪਰਾਧੀ ਹੈ।
ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 30 ਬੋਰ ਦੇ ਪਿਸਤੌਲ, ਇੱਕ 315 ਬੋਰ ਦਾ ਪਿਸਤੌਲ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਬਿਨਾਂ ਨੰਬਰ ਵਾਲਾ ਬਜਾਜ ਸੀਟੀ-100 ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ, ਜਿਸਦਾ ਇਸਤੇਮਾਲ ਅਪਰਾਧਿਕ ਗਤੀਵਿਧੀਆਂ ਲਈ ਕੀਤਾ ਜਾ ਰਿਹਾ ਸੀ।
ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਕਰ ਰਹੇ ਸਨ ਤਿਆਰੀ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਜਰਮਨੀ ਅਤੇ ਦੁਬਈ ਵਿੱਚ ਬੈਠੇ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਕਹਿਣ ’ਤੇ ਟਾਰਗੇਟ ਕਿਲਿੰਗਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਵੱਡੀ ਅਪਰਾਧਿਕ ਵਾਰਦਾਤ ਨੂੰ ਟਾਲ ਦਿੱਤਾ ਗਿਆ ਹੈ।
ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਗਿਰੋਹ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਸੰਬੰਧ ਖੰਗਾਲੇ ਜਾ ਰਹੇ ਹਨ ਤਾਂ ਜੋ ਇਸ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾ ਸਕੇ।
ਲੁਧਿਆਣਾ ਸੀਆਈਏ ਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਾਂਝੇ ਤੌਰ ਤੇ ਕੀਤੀ ਕਾਰਵਾਈ
ਉੱਧਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੀਆਈਏ ਸਟਾਫ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਟੀਮ ਨੇ ਥਾਣਾ ਲਾਡੋਵਾਲ ਅਧੀਨ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਖੁਫੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਕਿਸੇ ਵੱਡੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਉਡੀਕ ਵਿੱਚ ਖੜੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਘੇਰ ਕੇ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਇੱਕ ਸੁਚੱਜੇ ਢੰਗ ਨਾਲ ਚਲਾਏ ਜਾ ਰਹੇ ਅੰਤਰਰਾਸ਼ਟਰੀ ਗੈਂਗਸਟਰ ਨੈੱਟਵਰਕ ਦੇ ਮੈਂਬਰ ਹਨ। ਵਿਦੇਸ਼ਾਂ ਵਿੱਚ ਬੈਠੇ ਹੈਂਡਲਰ ਆਪਣੇ ਜਾਲ ਰਾਹੀਂ ਇਨ੍ਹਾਂ ਤੱਕ ਉੱਚ ਦਰਜੇ ਦੇ ਹਥਿਆਰ ਪਹੁੰਚਾਉਂਦੇ ਸਨ ਅਤੇ ਉਨ੍ਹਾਂ ਨੂੰ ਖਾਸ ਨਿਸ਼ਾਨਿਆਂ ’ਤੇ ਹਮਲੇ ਕਰਨ ਦੇ ਹੁਕਮ ਦਿੱਤੇ ਜਾਂਦੇ ਸਨ।
ਇਸ ਸਬੰਧੀ ਥਾਣਾ ਲਾਡੋਵਾਲ ਵਿੱਚ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 111 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।