ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਸਰਗਰਮ
ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ
Publish Date: Tue, 20 Jan 2026 08:58 PM (IST)
Updated Date: Wed, 21 Jan 2026 04:19 AM (IST)

- ਡੀਸੀ ਹਿਮਾਂਸ਼ੂ ਜੈਨ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਫੋਟੋ- 28, 29 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਗਣਤੰਤਰ ਦਿਵਸ ਮੌਕੇ ਫਿਰੋਜ਼ਪੁਰ ਰੋਡ ’ਤੇ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਮੈਦਾਨ ’ਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਮੌਕੇ ਦਾ ਜਾਇਜ਼ਾ ਲਿਆ। ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਅਤੇ ਡਿਊਟੀਆਂ ਲਗਾਉਣ ਲਈ ਡਿਪਟੀ ਕਮਿਸ਼ਨਰ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਵੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ 26 ਜਨਵਰੀ ਨੂੰ ਪੀਏਯੂ ਦੇ ਖੇਡ ਮੈਦਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਸਥਾਨ ਤੇ 23 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਇਕ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਪੂਰੇ ਅਨੁਸ਼ਾਸਨ, ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਪੂਰਨ ਤਾਲਮੇਲ ਕਰਕੇ ਕੰਮ ਕਰਨ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ, ਪਰੇਡ ਰਿਹਰਸਲ, ਸੱਭਿਆਚਾਰਕ ਪ੍ਰੋਗਰਾਮ, ਸਟੇਜ ਪ੍ਰਬੰਧ, ਸੱਦੇ ਗਏ ਮਹਿਮਾਨਾਂ ਲਈ ਸਹੂਲਤਾਂ, ਟ੍ਰੈਫਿਕ ਪ੍ਰਬੰਧਨ, ਸਫ਼ਾਈ, ਸਿਹਤ ਸੇਵਾਵਾਂ, ਨਿਰਵਿਘਨ ਬਿਜਲੀ ਸਪਲਾਈ ਅਤੇ ਐਮਰਜੈਂਸੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ਦੇ ਨਿਰਦੇਸ਼ ਦਿੱਤੇ, ਜਦੋਂ ਕਿ ਸਿਹਤ ਵਿਭਾਗ ਨੂੰ ਐਂਬੂਲੈਂਸਾਂ ਅਤੇ ਮੈਡੀਕਲ ਸਟਾਫ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ ਸਾਫ਼-ਸਫ਼ਾਈ, ਸਜਾਵਟ, ਨਿਰਵਿਘਨ ਬਿਜਲੀ, ਪਾਣੀ ਦੀ ਸਪਲਾਈ ਅਤੇ ਬੈਠਣ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਸੱਭਿਆਚਾਰਕ ਪ੍ਰੋਗਰਾਮਾਂ ਨੂੰ ਆਕਰਸ਼ਕ ਅਤੇ ਦੇਸ਼ ਭਗਤੀ ਨਾਲ ਭਰਪੂਰ ਬਣਾਉਣ ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਦੌਰਾਨ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਡਾ. ਪੂਨਮਪ੍ਰੀਤ ਕੌਰ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।