- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀਐੱਸ ਚਾਵਲਾ ਨੇ ਦੱਸਿਆ ਕਿ 25 ਅਕਤੂਬਰ ਤੋਂ ਸੂਬੇ ਦੇ ਥੋਕ ਅਤੇ ਪਰਚੂਨ ਦਵਾਈ ਵਿਕਰੇਤਾਵਾਂ ਨੇ ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦ ਕਰਕੇ ਸਟਾਕ ਕੰਪਨੀਆਂ ਨੂੰ ਵਾਪਸ ਕਰ ਦਿੱਤਾ ਸੀ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਵਿੱਚ ਨਾਰਕੋਟਿਕਸ ਅਤੇ ਸਾਈਕੋਟ੍ਰੋਪਿਕ ਦਵਾਈਆਂ ਦੀ ਵਿਕਰੀ ਮੁੜ ਸ਼ੁਰੂ ਕਰਨ ਬਾਰੇ ਸਰਕਾਰ ਅਤੇ ਕੈਮਿਸਟ ਐਸੋਸੀਏਸ਼ਨ ਵਿਚਾਲੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਐਸੋਸੀਏਸ਼ਨ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੱਕ ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦ ਰਹੇਗੀ।
ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀਐੱਸ ਚਾਵਲਾ ਨੇ ਦੱਸਿਆ ਕਿ 25 ਅਕਤੂਬਰ ਤੋਂ ਸੂਬੇ ਦੇ ਥੋਕ ਅਤੇ ਪਰਚੂਨ ਦਵਾਈ ਵਿਕਰੇਤਾਵਾਂ ਨੇ ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦ ਕਰਕੇ ਸਟਾਕ ਕੰਪਨੀਆਂ ਨੂੰ ਵਾਪਸ ਕਰ ਦਿੱਤਾ ਸੀ। ਆਗੂਆਂ ਮੁਤਾਬਕ ਨਸ਼ਿਆਂ ਦੀ ਰੋਕਥਾਮ ਦੀ ਆੜ ਵਿੱਚ ਪੁਲਿਸ ਵੱਲੋਂ ਦੁਕਾਨਾਂ ’ਤੇ ਛਾਪੇਮਾਰੀ ਅਤੇ ਉਨ੍ਹਾਂ ਨੂੰ ਸੀਲ ਕਰਨ ਕਾਰਨ ਕੈਮਿਸਟਾਂ ਨੇ ਇਹ ਫ਼ੈਸਲਾ ਲਿਆ।
ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਨਆਰਐਕਸ ਦਵਾਈਆਂ ਦੀ ਖ਼ਰੀਦ-ਵਿਕਰੀ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ, ਪਰ ਐਸੋਸੀਏਸ਼ਨ ਨੇ ਸਹਿਮਤੀ ਨਹੀਂ ਦਿੱਤੀ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਗੁਆਂਢੀ ਸੂਬਿਆਂ ਵਿੱਚ ਇਨ੍ਹਾਂ ਦਵਾਈਆਂ ਦੀ ਵਿਕਰੀ ’ਤੇ ਰੋਕ ਨਹੀਂ ਹੈ। ਇਸ ਲਈ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਤੋਂ ਨਸ਼ਾਯੁਕਤ ਦਵਾਈਆਂ ਦੀ ਸਪਲਾਈ ਰੋਕਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ।
ਐਸੋਸੀਏਸ਼ਨ ਨੇ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਦਵਾਈਆਂ ਦੀ ਵਿਕਰੀ ਆਪਣੇ ਹਸਪਤਾਲਾਂ ਜਾਂ ਗੁਦਾਮਾਂ ਰਾਹੀਂ ਕਰੇ। ਆਗੂਆਂ ਨੇ ਕਿਹਾ ਕਿ ਦੁਕਾਨਾਂ ਦਾ ਨਿਰੀਖਣ ਸਿਹਤ ਵਿਭਾਗ ਕਰੇ, ਇਸ ’ਤੇ ਇਤਰਾਜ਼ ਨਹੀਂ, ਪਰ ਪੁਲਿਸ ਦੀ ਛਾਪੇਮਾਰੀ ਬੇਇਨਸਾਫ਼ੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 27 ਹਜ਼ਾਰ ਥੋਕ ਅਤੇ ਪਰਚੂਨ ਕੈਮਿਸਟਾਂ ਨੂੰ ਇਹ ਦਵਾਈਆਂ ਨਾ ਵੇਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਐਸੋਸੀਏਸ਼ਨ ਨੇ ਨਸ਼ਾਯੁਕਤ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਕਰਨ ਵਾਲਿਆਂ ਦਾ ਸਾਥ ਨਾ ਦੇਣ ਦੀ ਗੱਲ ਵੀ ਕਹੀ।
ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਸੰਯੁਕਤ ਕਮਿਸ਼ਨਰ ਡਰੱਗ ਸੰਜੀਵ ਗਰਗ, ਸਹਾਇਕ ਕਮਿਸ਼ਨਰ ਗੁਰਵਿੰਦਰ ਸਿੰਘ ਤੇ ਅਮਿਤ ਦੁੱਗਲ ਅਤੇ ਐਸੋਸੀਏਸ਼ਨ ਦੇ ਵਿੱਤ ਸਕੱਤਰ ਅਮਰਦੀਪ ਸਿੰਘ ਤੇ ਪ੍ਰਬੰਧ ਸਕੱਤਰ ਰਾਜੀਵ ਜੈਨ ਮੌਜੂਦ ਸਨ।