ਕੁਟੀਆ ਭੂਰਾ ਸਾਹਿਬ ’ਚ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਕੁਟੀਆ ਭੂਰਾ ਸਾਹਿਬ ਵਿਖੇ ਗੁਰਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Publish Date: Tue, 24 Nov 2026 07:41 PM (IST)
Updated Date: Tue, 24 Nov 2026 07:43 PM (IST)
ਜਰਨੈਲ ਸਿੰਘ ਸਿੱਧੂ, ਪੰਜਾਬੀ ਜਾਗਰਣ ਸਿੱਧਵਾਂ ਬੇਟ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਟੀਆ ਭੂਰਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸਮਾਗਮ ਦੌਰਾਨ ਇਲਾਕੇ ਦੀਆਂ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਕੁਟੀਆ ਭੂਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕੁਟੀਆ ਭੂਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਰਮਨਦੀਪ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸਿਧਾਂਤ ਦਿੱਤਾ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ, ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਸਮਾਗਮ ਦੀ ਸਮਾਪਤੀ ਗੁਰੂ ਕਾ ਲੰਗਰ ਵਰਤਾਉਣ ਨਾਲ ਹੋਈ।