ਸੰਗਤ ਨੇ ਜਪ-ਤਪ ਚੌਪਹਿਰਾ ਸਮਾਗਮ ’ਚ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕੀਤਾ
ਸੰਗਤਾਂ ਨੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਕੇ ਆਤਮਕ ਆਨੰਦ ਪ੍ਰਾਪਤ ਕੀਤਾ
Publish Date: Thu, 05 Mar 2026 06:38 PM (IST)
Updated Date: Fri, 06 Mar 2026 04:09 AM (IST)

ਫੋਟੋ ਨੰਬਰ- 17, 18 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਹਰ ਬੁੱਧਵਾਰ ਦੀ ਤਰ੍ਹਾਂ ਇਸ ਹਫ਼ਤੇ ਵੀ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਮਾਡਲ ਟਊਨ ਐਕਸਟੈਨਸ਼ਨ ਵਿਖੇ ਜੱਪ ਤੱਪ ਚੌਪਹਿਰਾ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਸੰਗਤਾਂ ਵੱਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਵਨ ਪਾਠ ਕੀਤੇ ਗਏ ਅਤੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਕੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ ਗਈ। ਰਾਗੀ ਜਥਿਆਂ ਵੱਲੋਂ ਕੀਤੇ ਗੁਰਬਾਣੀ ਕੀਰਤਨ ਨਾਲ ਸਮੂਹ ਵਾਤਾਵਰਣ ਭਗਤੀ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ। ਸੰਗਤਾਂ ਨੇ ਇਕਾਗਰ ਚਿੱਤ ਹੋ ਕੇ ਨਾਮ ਸਿਮਰਨ ਕੀਤਾ ਅਤੇ ਗੁਰੂ ਮਹਾਰਾਜ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੱਪ ਤੱਪ ਚੌਪਹਿਰਾ ਸਮਾਗਮ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਨਾਮ ਸਿਮਰਨ ਰਾਹੀਂ ਆਤਮਿਕ ਉਚਾਈਆਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਮਨੁੱਖਤਾ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ’ਤੇ ਚੱਲਣ ਦੀ ਬਹੁਤ ਲੋੜ ਹੈ ਤਾਂ ਜੋ ਸਮਾਜ ’ਚ ਪਿਆਰ, ਭਾਈਚਾਰਾ ਤੇ ਏਕਤਾ ਕਾਇਮ ਰਹੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਬੁੱਧਵਾਰ ਹੋਣ ਵਾਲੇ ਇਸ ਧਾਰਮਿਕ ਸਮਾਗਮ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਲ ਹੋ ਕੇ ਗੁਰਬਾਣੀ ਨਾਲ ਜੁੜਨ ਤੇ ਆਪਣਾ ਜੀਵਨ ਕਾਮਯਾਬ ਬਣਾਉਣ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਅਮਰਜੀਤ ਸਿੰਘ ਟਿੱਕਾ, ਸੁਖਵਿੰਦਰਪਾਲ ਸਿੰਘ ਲਾਲੀ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਹਰਵਿੰਦਰਪਾਲ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।