ਕਿਸਾਨੀ ਮੰਗਾਂ ਤੋਂ ਪਿੱਛੇ ਹਟਣ ਵਾਲੀ ਸਰਕਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਰਾਜੇਵਾਲ ਕਿਸਾਨੀ ਮੰਗਾਂ ਤੋਂ ਪਿੱਛੇ ਹਟਣ ਵਾਲੀ ਸਰਕਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਰਾਜੇਵਾਲ
Publish Date: Tue, 17 Nov 2026 06:52 PM (IST)
Updated Date: Tue, 17 Nov 2026 06:54 PM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਹੋਈ। ਮੀਟਿੰਗ ’ਚ ਪੰਜਾਬ ਦੇ ਮੌਜੂਦਾ ਕਿਸਾਨੀ ਹਾਲਾਤ, ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਪੰਜਾਬ ਸਰਕਾਰ ਦੇ ਕਿਸਾਨੀ ਮਸਲਿਆਂ ਪ੍ਰਤੀ ਰਵੱਈਏ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਵਿੱਚ ਝੋਨੇ ਦੀ ਖਰੀਦ ਬੰਦ ਕਰਨ ਦੇ ਮੁੱਦੇ ਨੂੰ ਗੰਭੀਰਤ ਨਾਲ ਲੈਂਦਿਆਂ ਆਗੂਆਂ ਨੇ ਸਰਕਾਰ ਨੂੰ ਕਿਹਾ ਕਿ ਬਾਕੀ ਰਹਿੰਦੇ ਝੋਨੇ ਦੀ ਤੁਰੰਤ ਖ੍ਰੀਦ ਕਰਕੇ ਅਦਾਇਗੀ ਯਕੀਨੀ ਬਣਾਈ ਜਾਵੇ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 26 ਨਵੰਬਰ ਨੂੰ ਪੰਜਾਬ ਭਰ ’ਚ ਹੋਣ ਵਾਲੀਆਂ ਚਾਰ ਕਿਸਾਨ ਰੈਲੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਹ ਰੈਲੀਆਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਇਨ੍ਹਾਂ ਰੈਲੀਆਂ ਨੂੰ ਸਫ਼ਲ ਬਣਾਉਣ ਲਈ ਜਥੇਬੰਦਕ ਪੱਧਰ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵੱਖ-ਵੱਖ ਜ਼ਿਲ੍ਹਿਆਂ ਅਤੇ ਬਲਾਕਾਂ ਦੇ ਆਗੂਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੌਂਪਦਿਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਆਗੂਆਂ ਨੇ ਇਨ੍ਹਾਂ ਰੈਲੀਆਂ ਨੂੰ ਕਿਸਾਨੀ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਅਹਿਮ ਦੱਸਿਆ। ਮੀਟਿੰਗ ’ਚ ਸਹਿਕਾਰੀ ਸਭਾਵਾਂ ਨਾਲ ਸਬੰਧਿਤ ਮਸਲੇ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੇ ਸਬੰਧ ਵਿੱਚ ਕਿਸਾਨਾਂ ਦੀਆਂ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਤੋਂ ਪਿੱਛੇ ਹਟਣ ਅਤੇ ਯੂ-ਟਰਨ ਲੈਣ ਦੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਉਨ੍ਹਾਂ ਨੂੰ ਲਾਗੂ ਕਰਨ ਦੀ ਬਜਾਏ ਆਪਣੇ ਫ਼ੈਸਲੇ ਤੋਂ ਪਿੱਛੇ ਹਟਣਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਕੀਤੇ ਫ਼ੈਸਲਿਆਂ ਤੇ ਕਾਇਮ ਰਹੇ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ਮੀਟਿੰਗ ਦੌਰਾਨ ਜਥੇਬੰਦੀ ਦੇ ਕੰਮਕਾਜ ਅਤੇ ਕਿਸਾਨੀ ਮਸਲਿਆਂ ਸਬੰਧੀ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ।