- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਬਾਣੀ ਦੀ ਗੂੰਜ ਨਾਲ ਗੂੰਜਿਆ ਸਵਾਮੀ ਰੂਪ ਚੰਦ ਜੈਨ ਸਕੂਲ ਦਾ ਵਿਹੜਾ

ਸੁਖਦੇਵ ਗਰਗ, ਪੰਜਾਬੀ ਜਾਗਰਣ
ਜਗਰਾਓਂ : ਜਗਰਾਓਂ ਦੇ ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪਿ੍ਰੰਸੀਪਲ ਰਾਜਪਾਲ ਕੌਰ ਦੀ ਅਗਵਾਈ ਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਕਰਵਾਏ ਪਵਿੱਤਰ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ, ਉੱਚੇ ਫਲਸਫ਼ੇ ਅਤੇ ਸਰਬਸਾਂਝੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਗੁਰਬਾਣੀ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ਨਾਲ ਸਬੰਧਿਤ ਵੱਖ-ਵੱਖ ਸਰਗਰਮੀਆਂ ਰਾਹੀਂ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਮੁੱਚਾ ਸਕੂਲ ਪ੍ਰੀਸ਼ਰ ਗੁਰਬਾਣੀ ਦੀ ਮਿਠਾਸ ਅਤੇ ਭਗਤੀ ਭਾਵਨਾ ਨਾਲ ਸਰਸ਼ਾਰ ਹੋ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਤਿੰਨ ਮਹਾਨ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਸਮਾਨਤਾ, ਸੱਚਾਈ, ਨਿਮਰਤਾ, ਸੇਵਾ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਆਪਣੇ ਜੀਵਨ ਦਾ ਅਤੁੱਟ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਿਰਫ਼ ਕਿਸੇ ਇੱਕ ਵਰਗ ਜਾਂ ਧਰਮ ਤੱਕ ਸੀਮਿਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਨੂੰ ਪਿਆਰ, ਏਕਤਾ ਅਤੇ ਸਦਭਾਵਨਾ ਦੇ ਧਾਗੇ ਵਿੱਚ ਪਰੋਣ ਦਾ ਸੰਦੇਸ਼ ਦਿੰਦੀਆਂ ਹਨ। ਇਸ ਪਵਿੱਤਰ ਮੌਕੇ ਸਾਰੇ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ ਅਤੇ ਗੁਰਮਰਿਆਦਾ ਦਾ ਪਾਲਣ ਕਰਦਿਆਂ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸਾਦ ਦੀ ਦੇਗ ਵਰਤਾਈ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਬਿਸਕੁਟ ਅਤੇ ਮੱਠੀਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ। ਸਾਰੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਅਤੇ ਮਰਿਆਦਾ ਨਾਲ ਪ੍ਰਸ਼ਾਦ ਛਕਿਆ। ਪਿ੍ਰੰਸੀਪਲ ਰਾਜਪਾਲ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਆਦਰਸ਼ਾਂ ’ਤੇ ਚੱਲਦਿਆਂ ਚੰਗੇ ਇਨਸਾਨ ਬਣਨ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਸੇਵਾ ਦੀ ਭਾਵਨਾ ਦਾ ਪ੍ਰਸਾਰ ਕਰਨ ਲਈ ਪ੍ਰੇਰਿਤ ਕੀਤਾ।