ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬੁੱਧਵਾਰ ਨੂੰ ਲੁਧਿਆਣਾ ’ਚੋਂ ਲੰਘਦੇ ਬੁੱਢਾ ਦਰਿਆ ਦਾ ਜਾਇਜ਼ਾ ਲੈਣ ਪਹੁੰਚੇ। ਸਵੇਰੇ ਕਰੀਬ 10 ਵਜੇ ਉਹ ਸਭ ਤੋਂ ਪਹਿਲਾਂ ਪਿੰਡ ਬਲੀਪੁਰ ਗਏ, ਜਿੱਥੇ ਬੁੱਢਾ ਦਰਿਆ ਸਤਲੁਜ ਦਰਿਆ ’ਚ ਡਿਗਦਾ ਹੈ। ਸਤਲੁਜ ਦੇ ਸਾਫ਼ ਪਾਣੀ ਵਿਚ ਘੁਲਦਾ ਜ਼ਹਿਰ ਦੇਖ ਕੇ ਉਹ ਖ਼ੁਦ ਵੀ ਹੈਰਾਨ ਰਹਿ ਗਏ।

ਮੀਂਹ ਕਾਰਨ ਸਿੱਧਾ ਗੁਰਦੁਆਰਾ ਸਾਹਿਬ ਪੁੱਜੇ ਸੰਧਵਾਂ

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਇੱਥੇ ਆਸ-ਪਾਸ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਹ ਪਿੰਡ ਗੌਂਸਪੁਰ ਪੁੱਜੇ। ਇੱਥੇ ਮੀਂਹ ਪੈਣ ਕਾਰਨ ਉਹ ਸਿੱਧਾ ਗੁਰਦੁਆਰਾ ਸਾਹਿਬ ਪੁੱਜੇ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇੱਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਬੁੱਢਾ ਦਰਿਆ ਦੇ ਪਾਣੀ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ। ਉਨ੍ਹਾਂ ਨੂੰ ਪਿੰਡ ਦੀਆਂ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ, ਤਾਂ ਜੋ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ।

ਬੁੱਢਾ ਦਰਿਆ ਨੂੰ ਸਾਫ਼ ਕਰਨਾ ਸਰਕਾਰ ਦਾ ਪਹਿਲਾ ਟੀਚਾ

ਉਨ੍ਹਾਂ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਬਾਰੇ ਜਾਣਕਾਰੀ ਲਈ ਕਿ ਕਿਸ ਤਰ੍ਹਾਂ ਦਰਿਆ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾਵੇਗਾ? ਉਨ੍ਹਾਂ ਅਧਿਕਾਰੀਆਂ ਨੂੰ ਇਸ ਯੋਜਨਾ ਦੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ, ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਪੂਰਾ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਉਨ੍ਹਾਂ ਦੀ ਸਰਕਾਰ ਦਾ ਪਹਿਲਾ ਟੀਚਾ ਬੁੱਢਾ ਦਰਿਆ ਨੂੰ ਸਾਫ਼ ਕਰਨਾ ਹੈ। ਇਸ ਲਈ ਸਾਰਿਆਂ ਨੂੰ ਇਸ ’ਤੇ ਗੰਭੀਰਤਾ ਨਾਲ ਕੰਮ ਕਰਨਾ ਹੋਵੇਗਾ।

ਦੁਪਹਿਰ ਤੋਂ ਬਾਅਦ ਸੀਵਰੇਜ ਟਰੀਟਮੈਂਟ ਪਲਾਂਟ ਦਾ ਜਾਇਜ਼ਾ ਲੈਣਗੇ ਸਪੀਕਰ

ਸਭ ਤੋਂ ਅਖ਼ੀਰ ’ਚ ਦੁਪਹਿਰ ਵੇਲੇ ਉਹ ਜਮਾਲਪੁਰ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇਖਣ ਜਾ ਰਹੇ ਹਨ। ਇੱਥੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀ ਉਨ੍ਹਾਂ ਨੂੰ ਦੱਸਣਗੇ ਕਿ ਕਿਸ ਤਰ੍ਹਾਂ ਐੱਸਟੀਪੀ ਰਾਹੀਂ ਪਾਣੀ ਦੀ ਸਫ਼ਾਈ ਕਰ ਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ।

Posted By: Harjinder Sodhi