ਸੂਬਾ ਸਰਕਾਰ ਮੰਗਾਂ ਦਾਂ ਤੁਰੰਤ ਕਰੇ ਹੱਲ : ਰਸ਼ਪਾਲ ਸਿੰਘ
‘ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਸੂਬਾ ਸਰਕਾਰ ਤੁਰੰਤ ਕਰੇ ਹੱਲ-ਰਸ਼ਪਾਲ ਸਿੰਘ
Publish Date: Thu, 14 May 2026 07:55 PM (IST)
Updated Date: Fri, 15 May 2026 04:15 AM (IST)

ਲੱਕੀ ਘੁਮੈਤ , ਪੰਜਾਬੀ ਜਾਗਰਣ ਸਾਹਨੇਵਾਲ ਨਗਰ ਕੌਂਸਲ ਸਾਹਨੇਵਾਲ ਦੇ ਸਫ਼ਾਈ ਸੇਵਕਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸਾਹਨੇਵਾਲ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਜਾਰੀ ਰੱਖਿਆ ਹੋਇਆ ਹੈ। ਇਨ੍ਹਾਂ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦਾ ਸਮਰਥਨ ਕਰਦਿਆਂ ਹੋਇਆ ਭਾਜਪਾ ਜ਼ਿਲ੍ਹਾ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਅੱਜ ਸੂਬੇ ਭਰ ਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਹੋਈ ਪਈ ਹੈ। ਰਸ਼ਪਾਲ ਸਿੰਘ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰਾਂ ਚ ਗੰਦਗੀ ਦੇ ਢੇਰ ਲੱਗ ਗਏ ਹਨ। ਸਥਿਤੀ ਇੰਨੀ ਗੰਭੀਰ ਹੈ ਕਿ ਜਿਸ ਕਾਰਨ ਜਨਤਾ ਨਰਕ ਵਰਗੀ ਜ਼ਿੰਦਗੀ ਜਿਉਣ ਲਈ ਮਜਬੂਰ ਹੋ ਰਹੀ ਹੈ।ਬਾਜ਼ਾਰ ਆਉਣ ਵਾਲੇ ਲੋਕਾਂ, ਦੁਕਾਨਦਾਰਾਂ ਤੇ ਕੰਮਕਾਜੀ ਵਰਗ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਸਰਕਾਰ ਸਫਾਈ ਕਰਮਚਾਰੀਆਂ ਦੇ ‘ਝਾੜੂ’ ਨਿਸ਼ਾਨ ’ਤੇ ਵੋਟਾਂ ਮੰਗ ਕੇ ਸੱਤਾ ਚ ਆਈ ਸੀ, ਅੱਜ ਉਹੀ ਉਨ੍ਹਾਂ ਦੇ ਹਿੱਤਾਂ ਦੀ ਅਣਦੇਖੀ ਕਰ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਦੀ ਤਰਸਯੋਗ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਪੰਜਾਬ ਦੇ 90 ਫੀਸਦੀ ਸਫਾਈ ਕਰਮਚਾਰੀ ਅਜੇ ਵੀ ਕੱਚੇ ਹਨ ਅਤੇ ਸਿਰਫ਼ 11 ਹਜ਼ਾਰ ਰੁਪਏ ਦੀ ਮਾਮੂਲੀ ਤਨਖਾਹ ਤੇ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ, ਜੋ ਹਰ ਮੌਸਮ ਅਤੇ ਔਖੇ ਹਾਲਾਤਾਂ ਚ ਸਮਾਜ ਨੂੰ ਸਾਫ-ਸੁਥਰਾ ਰੱਖਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਤੋਂ ਬਿਨਾਂ ਇਕ ਸਾਫ-ਸੁਥਰੇ ਅਤੇ ਸਿਹਤਮੰਦ ਸਮਾਜ ਦੀ ਕਲਪਨਾ ਅਧੂਰੀ ਹੈ।ਅੰਤ ਵਿੱਚ ਭਾਜਪਾ ਆਗੂ ਰਸ਼ਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਸਕਦੀ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ।ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਹਰੀ ਸਿੰਘ ਸਾਹਨੇਵਾਲ,ਵਿਨੇ ਕੁਮਾਰ ਭੋਲੂ ਆਦਿ ਭਾਰੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।