ਸੂਬੇ ’ਚ ਨਹਿਰੀ ਪਾਣੀ ਦੀ ਵਰਤੋਂ ’ਚ ਇਤਿਹਾਸਕ ਵਾਧਾ ਦਰਜ : ਐਡ. ਪਰਮਵੀਰ ਸਿੰਘ
ਪੰਜਾਬ ’ਚ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 78 ਫੀਸਦੀ ਤੋਂ ਪਾਰ ਹੋਣਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ- ਐਡਵੋਕੇਟ ਪਰਮਵੀਰ ਸਿੰਘ
Publish Date: Thu, 28 May 2026 10:18 PM (IST)
Updated Date: Fri, 29 May 2026 04:17 AM (IST)

ਪੰਜਾਬ ’ਚ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 78 ਫੀਸਦੀ ਤੋਂ ਪਾਰ ਹੋਣਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ --- ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਵਿੱਚ ਖੇਤੀਬਾੜੀ ਨੂੰ ਮੁੜ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੱਡੀ ਸਫਲਤਾ ਮਿਲਦੀ ਨਜ਼ਰ ਆ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਐਡਵੋਕੇਟ ਪਰਮਵੀਰ ਸਿੰਘ ਨਹਿਰੀ ਪਾਣੀ ਦੀ ਵਰਤੋਂ ਸਬੰਧੀ ਗੱਲ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ਵਿੱਚ ਇਤਿਹਾਸਕ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਦੀ ਕਿਰਸਾਨੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਬਹੁਤ ਹੀ ਚੰਗਾ ਸੰਕੇਤ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸਾਲ 2022 ਵਿੱਚ ਮਾਨ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਵੇਲੇ ਪੰਜਾਬ ਵਿੱਚ ਕੇਵਲ 22 ਫੀਸਦੀ ਨਹਿਰੀ ਪਾਣੀ ਹੀ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਪਿਛਲੀਆਂ ਸਰਕਾਰਾਂ ਵੱਲੋਂ ਨਹਿਰੀ ਪ੍ਰਣਾਲੀ ਵੱਲ ਲੋੜੀਂਦਾ ਧਿਆਨ ਨਾ ਦੇਣ ਕਰਕੇ ਕਈ ਇਲਾਕਿਆਂ ਵਿੱਚ ਕਿਸਾਨ ਟਿਊਬਵੈੱਲਾਂ ‘ਤੇ ਨਿਰਭਰ ਹੋ ਚੁੱਕੇ ਸਨ। ਪਰ ਮਾਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਨਹਿਰਾਂ, ਸੂਆਂ ਅਤੇ ਕੱਸੀਆਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ•। ਸ਼੍ਰੀ ਸਿੰਘ ਨੇ ਕਿਹਾ ਕਿ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਸੈਂਕੜਿਆਂ ਕਿਲੋਮੀਟਰ ਨਵੀਆਂ ਕੱਸੀਆਂ ਅਤੇ ਪਾਈਪਾਂ ਪਾਈਆਂ ਗਈਆਂ ਹਨ, ਜਿਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਅੱਜ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 78 ਫੀਸਦੀ ਤੋਂ ਵੀ ਵੱਧ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਇਸ ਅੰਕੜੇ ਨੂੰ 90 ਫੀਸਦੀ ਤੋਂ ਪਾਰ ਲਿਜਾਣਾ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਦੀ ਵਧੀ ਵਰਤੋਂ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਆਇਆ ਹੈ। ਕੇਂਦਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦਾ ਭੂਜਲ ਪੱਧਰ ਲਗਭਗ 2 ਮੀਟਰ ਤੱਕ ਉੱਪਰ ਚੜ੍ਹਿਆ ਹੈ, ਜੋ ਪਿਛਲੇ 20 ਸਾਲਾਂ ਵਿੱਚ ਪਹਿਲੀ ਵਾਰ ਦਰਜ ਕੀਤਾ ਗਿਆ ਵੱਡਾ ਸੁਧਾਰ ਹੈ। ਇਸ ਦੇ ਨਾਲ ਹੀ ਟਿਊਬਵੈੱਲ ਮੋਟਰਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਦੀ ਭਾਰੀ ਬਚਤ ਹੋਈ ਹੈ, ਜਿਸ ਨੂੰ ਹੋਰ ਖੇਤਰਾਂ ਵਿੱਚ ਵਰਤਿਆ ਜਾ ਰਿਹਾ ਹੈ। ਮਾਹਿਰਾਂ ਦੇ ਅਨੁਸਾਰ ਨਹਿਰੀ ਪਾਣੀ ਨਾਲ ਸਿੰਚਾਈ ਕਰਨ ਨਾਲ ਫਸਲਾਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਆਇਆ ਹੈ, ਜਿਸ ਨਾਲ ਕਿਸਾਨਾਂ ਨੂੰ ਵਧੀਆ ਮੁਨਾਫਾ ਮਿਲ ਰਿਹਾ ਹੈ। ਐਡਵੋਕੇਟ ਪਰਮਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਕਿਸਾਨ ਹਿਤੈਸ਼ੀ ਨੀਤੀਆਂ ਕਾਰਨ ਪੰਜਾਬ ਤਰੱਕੀ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।