- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਭਰੂਣ ਹੱਤਿਆ ਖ਼ਿਲਾਫ਼ ਤੇ ਵਾਤਾਵਰਣ ਦੀ ਸੰਭਾਲ ਲਈ ਥੀਏਟਰ ਆਰਟਿਸਟ ਹੇਜ਼ਲ ਨੇ ਵਿੱਢੀ ਜਾਗਰੂਕਤਾ ਮੁਹਿੰਮ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸਮਾਜ ਵਿੱਚੋਂ ਭਰੂਣ ਹੱਤਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ, ਧੀਆਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਥੀਏਟਰ ਆਰਟਿਸਟ ਹੇਜ਼ਲ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਤੇ ਕੁਦਰਤ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਥੀਏਟਰ ਆਰਟਿਸਟ ਹੇਜ਼ਲ ਨੇ ਸਰਕਟ ਹਾਊਸ ਵਿਖੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਪੋਸਟਰ ਭੇਟ ਕੀਤਾ। ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਅਮਰਿੰਦਰ ਸਿੰਘ ਜੱਸੋਵਾਲ, ਮੋਂਟੀ ਛਾਬੜਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਹੇਜ਼ਲ ਵੱਲੋਂ ਸਮਾਜਿਕ ਸਰੋਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਭਰੂਣ ਹੱਤਿਆ ਨੂੰ ਸਮਾਜ ਵਿੱਚੋਂ ਖ਼ਤਮ ਕਰਨ ਤੇ ਧੀਆਂ ਨੂੰ ਬਰਾਬਰ ਦੇ ਅਧਿਕਾਰ ਦਿਵਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਥੀਏਟਰ ਆਰਟਿਸਟ ਹੇਜ਼ਲ ਨੇ ਕਿਹਾ ਕਿ ਧੀਆਂ ਕਿਸੇ ਵੀ ਪੱਖੋਂ ਪੁੱਤਰਾਂ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਨੂੰ ਸਿੱਖਿਆ, ਸਨਮਾਨ ਤੇ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਭਰੂਣ ਹੱਤਿਆ ਵਰਗੀ ਕੁਰੀਤੀ ਨੂੰ ਸਿਰਫ਼ ਕਾਨੂੰਨੀ ਕਾਰਵਾਈ ਨਾਲ ਹੀ ਨਹੀਂ, ਸਗੋਂ ਲੋਕਾਂ ਦੀ ਸੋਚ ਬਦਲ ਕੇ ਵੀ ਖ਼ਤਮ ਕੀਤਾ ਜਾ ਸਕਦਾ ਹੈ। ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਵਾਤਾਵਰਣ ਦੀ ਸੁਰੱਖਿਆ ਨੂੰ ਵੀ ਮੁਹਿੰਮ ਦਾ ਅਹਿਮ ਹਿੱਸਾ ਦੱਸਦਿਆਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਭਵਿੱਖੀ ਪੀੜ੍ਹੀਆਂ ਲਈ ਬਿਹਤਰ ਭਵਿੱਖ ਦੀ ਨੀਂਹ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧੀਆਂ ਦੀ ਰੱਖਿਆ ਤੇ ਸਿੱਖਿਆ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਲਈ ਵੀ ਅੱਗੇ ਆਉਣ। ਕਲਾ ਤੇ ਥੀਏਟਰ ਰਾਹੀਂ ਸਮਾਜਿਕ ਮੁੱਦਿਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ।