ਦੂਜੇ ਪਾਸੇ, ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ 28 ਮਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਲੂ ਤੇ ਅੱਤ ਦੀ ਲੂ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 25 ਮਈ ਤੋਂ 28 ਮਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿਚ ਯੈਲੋ ਅਤੇ ਆਰੈਂਜ ਅਲਰਟ ਜਾਰੀ ਕੀਤਾ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ: ਪੰਜਾਬ ਵਿਚ ਤਿੱਖੀ ਗਰਮੀ ਪੈ ਰਹੀ ਹੈ। ਸੋਮਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਲੂ ਦਾ ਅਸਰ ਰਿਹਾ। ਕਈ ਜ਼ਿਲ੍ਹੇ ਦਿਨ ਵੇਲੇ ਤੰਦੂਰ ਵਾਂਗ ਤਪੇ। ਪੰਜਾਬ ਵਿਚ ਸਭ ਤੋਂ ਗਰਮ ਬਠਿੰਡਾ ਰਿਹਾ, ਜਿੱਥੇ ਦਿਨ ਦਾ ਤਾਪਮਾਨ 44.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਰੂਪਨਗਰ ਵਿਚ ਵੀ ਤਾਪਮਾਨ 44.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਦੋਹਾਂ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਰਿਹਾ। ਓਧਰ, ਪਟਿਆਲਾ ਵਿਚ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਲੁਧਿਆਣਾ ਵਿਚ 42.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਦੇ ਨਾਲ ਫਰੀਦਕੋਟ ਵਿਚ ਵੀ ਦਿਨ ਦਾ ਤਾਪਮਾਨ 42.0 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 42.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 40.6 ਡਿਗਰੀ ਸੈਲਸੀਅਸ, ਮੋਹਾਲੀ ਵਿਚ 40.7 ਡਿਗਰੀ ਸੈਲਸੀਅਸ ਤੇ ਫਿਰੋਜ਼ਪੁਰ ਵਿਚ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੂਜੇ ਪਾਸੇ, ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ 28 ਮਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਲੂ ਤੇ ਅੱਤ ਦੀ ਲੂ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 25 ਮਈ ਤੋਂ 28 ਮਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿਚ ਯੈਲੋ ਅਤੇ ਆਰੈਂਜ ਅਲਰਟ ਜਾਰੀ ਕੀਤਾ ਹੈ। ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਜਨਤਕ ਜੀਵਨ ਪ੍ਰਭਾਵਤ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ, 26 ਮਈ ਨੂੰ ਫ਼ਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਵਿਚ ਅੱਤ ਦੀ ਲੂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਵਿਚ ਦੁਪਹਿਰ ਵੇਲੇ ਤਾਪਮਾਨ 45 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਜਿਨ੍ਹਾਂ ਜ਼ਿਲ੍ਹਿਆਂ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐੱਸਏਐੱਸ ਨਗਰ (ਮੋਹਾਲੀ) ਵਿਚ ਲੂ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ।
ਮੌਸਮ ਵਿਭਾਗ ਦੀ ਐਡਵਾਈਜ਼ਰੀ
ਮੌਸਮ ਵਿਭਾਗ ਨੇ ਤਿੰਨ ਦਿਨਾਂ ਤੱਕ ਲੂ ਤੋਂ ਬਚਾਅ ਲਈ ਸਲਾਹ ਜਾਰੀ ਕੀਤੀ ਹੈ। ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਧੁੱਪ ਵੇਲੇ ਬਾਹਰ ਨਿਕਲਣ ਤੋਂ ਬਚਣ ਲਈ ਕਿਹਾ ਹੈ। ਲੋੜੀਂਦੀ ਮਾਤਰਾ ਵਿਚ ਪਾਣੀ ਪੀਣ, ਹਲਕੇ ਰੰਗ ਦੇ ਢਿੱਲੇ ਕਪੜੇ ਪਹਿਨਣ ਅਤੇ ਸਿਰ ਨੂੰ ਕਪੜੇ, ਟੋਪੀ ਜਾਂ ਛਤਰੀ ਨਾਲ ਢਕਣ ਦੀ ਸਲਾਹ ਦਿੱਤੀ ਗਈ ਹੈ। ਖੇਤਾਂ ਵਿਚ ਫ਼ਸਲਾਂ ’ਤੇ ਗਰਮੀ ਦੇ ਅਸਰ ਨੂੰ ਘਟਾਉਣ ਲਈ ਸਵੇਰੇ ਜਲ ਸਿੰਚਾਈ ਕਰਨ ਦੀ ਸਲਾਹ ਦਿੱਤੀ ਗਈ ਹੈ।