ਹਰਜੋਤ ਸਿੰਘ ਅਰੋੜਾ, ਲੁਧਿਆਣਾ

ਸਥਾਨਕ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਜਿਹੀ ਭਿਆਨਕ ਮਹਾਮਾਰੀ ਤੋਂ ਪੀੜਤ 3 ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ 'ਚ ਸਥਾਨਕ ਮਿਲਰਗੰਜ ਇਲਾਕੇ ਦੀ 27 ਸਾਲਾ ਲੜਕੀ, ਜੋ ਕਿ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ 'ਚ ਦਾਖ਼ਲ ਸੀ, 52 ਸਾਲਾ ਵਿਅਕਤੀ ਜੋ ਈਸ਼ਰ ਨਗਰ ਦਾ ਰਹਿਣ ਵਾਲਾ ਤੇ ਸਥਾਨਕ ਡੀਐੱਮਸੀ ਹਸਪਤਾਲ 'ਚ ਦਾਖ਼ਲ ਵਿਅਕਤੀ ਸ਼ਾਮਲ ਸਨ।

ਇਸ ਤੋਂ ਇਲਾਵਾ ਟੈਗੋਰ ਨਗਰ ਜਲੰਧਰ ਦਾ ਰਹਿਣ ਵਾਲਾ 64 ਸਾਲਾ ਵਿਅਕਤੀ ਸਥਾਨਕ ਡੀਐੱਮਸੀ ਹਸਪਤਾਲ ਵਿਖੇ ਕਿਸੇ ਹੋਰ ਬਿਮਾਰੀ ਤੋਂ ਜੇਰੇ ਇਲਾਜ ਸੀ, ਇਹ ਮਰੀਜ਼ ਸ਼ੂਗਰ ਤੇ ਅਸਥਮਾ ਦੀ ਸਮੱਸਿਆ ਨਾਲ ਅੱਜ ਅਕਾਲ ਚਲਾਣਾ ਕਰ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਹੁਣ ਤਕ ਕੁਲ 8650 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 8029 ਦੀ ਰਿਪੋਰਟ ਪ੍ਰਰਾਪਤ ਹੋਈ ਹੈ, ਜਿਨ੍ਹਾਂ 'ਚੋਂ 7731 ਨਤੀਜੇ ਨੈਗੇਟਿਵ ਆਏ ਹਨ, ਜਦਕਿ 621 ਵਿਅਕਤੀਆਂ ਦੀ ਰਿਪੋਰਟ ਆਉਣੀ ਹਾਲੇ ਤਕ ਬਾਕੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹੇ ਨਾਲ ਸਬੰਧਤ 203 ਮਾਮਲੇ ਪਾਜ਼ੇਟਿਵ ਪਾਏ ਗਏ ਹਨ, ਜਦਕਿ 95 ਮਰੀਜ਼ ਹੋਰਨਾਂ ਜ਼ਿਲਿ੍ਹਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਤੇ 7 ਹੋਰ ਜ਼ਿਲਿ੍ਹਆਂ ਨਾਲ ਸਬੰਧਤ ਹੋਈਆਂ ਹਨ। ਹੁਣ ਤਕ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 150 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ 7208 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1626 ਵਿਅਕਤੀ ਇਕਾਂਤਵਾਸ ਹਨ।

ਅੱਜ ਵੀ 175 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿਚ ਹੈ। ਇਸੇ ਤਰ੍ਹਾਂ ਅੱਜ ਵੀ 550 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਮਦਦ ਕਰਨਗੇ।

ਇਸ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ, ਜੇਕਰ ਕੋਈ ਬੱਸ ਮਾਲਕ, ਕਾਰ ਮਾਲਕ ਜਾਂ ਆਟੋ ਮਾਲਕ ਜਾਂ ਦੋਪਹੀਆ ਮਾਲਕ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ, ਆਟੋ ਰਿਕਸ਼ਾ ਅਤੇ ਦੋਪਹੀਆ ਚਾਲਕ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਤੇ ਜਨਤਕ ਥਾਵਾਂ 'ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।