ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਤਿੰਨ ਮੈਂਬਰੀ ਗਿਰੋਹ ਗ੍ਰਿਫ਼ਤਾਰ, ਪੁਲਿਸ ਨੇ ਚੋਰੀਸ਼ੁਦਾ ਵਾਹਨ ਕੀਤੇ ਬਰਾਮਦ
ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਤਿੰਨ ਮੈਂਬਰੀ ਗਿਰੋਹ ਗ੍ਰਿਫ਼ਤਾਰ
Publish Date: Sat, 18 Apr 2026 06:27 PM (IST)
Updated Date: Sat, 18 Apr 2026 06:30 PM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਇਕ ਅਜਿਹੇ ਤਿੰਨ ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ, ਜੋ ਅੱਖ ਝਪਕਦੇ ਹੀ ਦੋ ਪਹੀਆ ਵਾਹਨ ਚੋਰੀ ਕਰ ਲੈਂਦੇ ਸਨ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਬੀਰ ਨਗਰ ਡਾਬਾ ਰੋਡ ਦੇ ਰਹਿਣ ਵਾਲੇ ਰਣਵੀਰ ਸਿੰਘ, ਪਿੰਡ ਨੰਗਲ ਖਿਡਾਰੀਆ ਹੁਸ਼ਿਆਰਪੁਰ ਦੇ ਵਾਸੀ ਜਸਵੀਰ ਸਿੰਘ ਅਤੇ ਸਾਹਨੇਵਾਲ ਦੇ ਪੁਰਾਣਾ ਬਾਜ਼ਾਰ ਦੇ ਰਹਿਣ ਵਾਲੇ ਮੋਹਿਤ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕਰ ਕੇ ਉਨ੍ਹਾਂ ਕੋਲੋਂ ਵਧੇਰੇ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ। ਜਾਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਇਸੇ ਦੌਰਾਨ ਮੁਖਬਰ ਖਾਸ ਕੋਲੋਂ ਜਾਣਕਾਰੀ ਮਿਲੀ ਕਿ ਕੁੱਝ ਵਿਅਕਤੀ ਇਲਾਕੇ ’ਚੋਂ ਦੋ ਪਹੀਆ ਵਾਹਨ ਚੋਰੀ ਕਰਦੇ ਹਨ ਅਤੇ ਇਸ ਵੇਲੇ ਵੀ ਸਵਾਨੀ ਮੋਟਰ ਦੀ ਬੈਕ ਸਾਈਡ ਤੇ ਝਾੜੀਆਂ ਵਿਚ ਬੈਠ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹਨ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਮੋਟਰਸਾਈਕਲ ਅਤੇ ਇਕ ਐਕਟੀਵਾ ਸਕੂਟਰ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।