ਵਾਰਡ ਨੰਬਰ 32 ’ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਗਰਚਾ ਨੂੰ ਸੌਂਪੀ ਵਾਰਡ ਪ੍ਰਧਾਨ ਦੀ ਜ਼ਿੰਮੇਵਾਰੀ
ਵਾਰਡ ਨੰਬਰ 32 ’ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਗਰਚਾ ਨੂੰ ਸੌਂਪੀ ਵਾਰਡ ਪ੍ਰਧਾਨ ਦੀ ਜ਼ਿੰਮੇਵਾਰੀ
Publish Date: Thu, 18 Jun 2026 06:19 PM (IST)
Updated Date: Thu, 18 Jun 2026 06:21 PM (IST)

-ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪਰੇਸ਼ਾਨ ਲੋਕ ਕਾਂਗਰਸ ਸਰਕਾਰ ਬਣਾਉਣ ਲਈ ਕਾਹਲੇ : ਬੈਂਸ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਾਰਡ ਨੰਬਰ 32 ਢੰਡਾਰੀ ਕਲਾਂ ਵਿਖੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕੇ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ ਵੱਲੋਂ ਪਾਰਟੀ ਹਿੱਤਾਂ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਆਗੂ ਅਲਬੇਲ ਸਿੰਘ ਗਰਚਾ ਨੂੰ ਅਧਿਕਾਰਤ ਤੌਰ ਤੇ ਵਾਰਡ ਨੰਬਰ 32 ਦਾ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕਰ ਕੇ ਨਿਯੁਕਤੀ ਪੱਤਰ ਸੌਂਪਿਆ ਗਿਆ। ਮੀਟਿੰਗ ’ਚ ਹਾਜ਼ਰ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਮੌਜੂਦਾ ਸਰਕਾਰ ਤੇ ਤਿੱਖੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਅਤੇ ਝੂਠੇ ਵਾਅਦਿਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਭਾਵੇਂ ਉਹ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਹੋਵੇ, ਨਸ਼ਿਆਂ ਦਾ ਕਹਿਰ ਹੋਵੇ ਜਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਮੁੱਦਾ ਹੋਵੇ। ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਇਸ ਸਰਕਾਰ ਨੇ ਹਲਕਾ ਦੱਖਣੀ ਅਤੇ ਖਾਸ ਕਰਕੇ ਵਰਕਰਾਂ ਤੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਹੈ। ਬੈਂਸ ਨੇ ਹਮਲਾਵਰ ਰੁਖ਼ ਅਖਤਿਆਰ ਕਰਦਿਆਂ ਚਿਤਾਵਨੀ ਦਿੱਤੀ ਕਿ ਜਨਤਾ ਹੁਣ ਇਸ ਤਾਨਾਸ਼ਾਹੀ ਤੇ ਲਾਰੇ-ਲੱਪਿਆਂ ਵਾਲੀ ਸਰਕਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲੀ ਦੀ ਲੀਹ ਤੇ ਲਿਆਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਨਵ-ਨਿਯੁਕਤ ਵਾਰਡ ਪ੍ਰਧਾਨ ਅਲਬੇਲ ਸਿੰਘ ਗਰਚਾ ਨੂੰ ਵਧਾਈ ਦਿੰਦਿਆਂ ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ ਅਤੇ ਬੈਂਸ ਨੇ ਉਮੀਦ ਪ੍ਰਗਟਾਈ ਕਿ ਗਰਚਾ ਦੀ ਅਗਵਾਈ ਹੇਠ ਵਾਰਡ ਨੰਬਰ 32 ’ਚ ਪਾਰਟੀ ਦਾ ਗ੍ਰਾਫ਼ ਹੋਰ ਉੱਚਾ ਜਾਵੇਗਾ। ਨਵ-ਨਿਯੁਕਤ ਪ੍ਰਧਾਨ ਗਰਚਾ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਮੋਹਰੀ ਹੋ ਕੇ ਲੜਨਗੇ ਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੌਕੇ ਇਲਾਕੇ ਦੇ ਕਈ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਸਮਰਥਕ ਹਾਜ਼ਰ ਸਨ।