ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦਾ ਵੱਡਾ ਐਲਾਨ: ਪਰਵਿੰਦਰ ਝੋਟਾ ਕਤਲ ਕਾਂਡ ਦੇ ਵਿਰੋਧ ’ਚ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਅਣਮਿੱਥੇ ਸਮੇਂ ਲਈ ਫ੍ਰੀ
ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨਾਂ ਨੂੰ ਬਿਨਾਂ ਕੋਈ ਟੋਲ ਫੀਸ ਦਿੱਤੇ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
Publish Date: Thu, 15 Oct 2026 12:53 PM (IST)
Updated Date: Thu, 15 Oct 2026 12:57 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੇ ਵਿਰੋਧ ’ਚ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਲਾਡੋਵਾਲ ਟੋਲ ਪਲਾਜ਼ਾ ਸਮੇਤ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਫ੍ਰੀ ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨਾਂ ਨੂੰ ਬਿਨਾਂ ਕੋਈ ਟੋਲ ਫੀਸ ਦਿੱਤੇ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਯੂਨੀਅਨ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਫ੍ਰੀ ਕਰ ਦਿੱਤਾ ਹੈ ਅਤੇ ਹਰ ਵਾਹਨ ਨੂੰ ਬਿਨਾਂ ਟੋਲ ਫੀਸ ਤੋਂ ਲੰਘਣ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਯੂਨੀਅਨ ਦੀ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਇਹ ਵਿਰੋਧ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਜੇਕਰ ਯੂਨੀਅਨ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਟੋਲ ਪਲਾਜ਼ੇ ਇਸੇ ਤਰ੍ਹਾਂ ਫ੍ਰੀ ਰੱਖੇ ਜਾਣਗੇ।
ਯੂਨੀਅਨ ਦੇ ਜਨਰਲ ਸਕੱਤਰ ਸੁਖਜੀਤ ਸਿੰਘ ਅਤੇ ਪਟਿਆਲਾ ਤੋਂ ਪਹੁੰਚੇ ਅੰਮ੍ਰਿਤ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਯੂਨੀਅਨ ਪਿੱਛੇ ਨਹੀਂ ਹਟੇਗੀ।
ਉੱਧਰ, ਲਾਡੋਵਾਲ ਟੋਲ ਪਲਾਜ਼ਾ ’ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਮੌਕੇ ’ਤੇ ਕਾਨੂੰਨ-ਵਿਵਸਥਾ ਦੀ ਸਥਿਤੀ ਕਾਇਮ ਰੱਖੀ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਟੋਲ ਪਲਾਜ਼ੇ ਨੂੰ ਫ੍ਰੀ ਕਰਨ ਦੇ ਇਸ ਫੈਸਲੇ ਕਾਰਨ ਵਾਹਨ ਚਾਲਕਾਂ ਨੂੰ ਟੋਲ ਫੀਸ ਤੋਂ ਰਾਹਤ ਮਿਲ ਰਹੀ ਹੈ, ਜਦਕਿ ਯੂਨੀਅਨ ਨੇ ਆਪਣੇ ਸੰਘਰਸ਼ ਨੂੰ ਅਗਲੇ ਹੁਕਮਾਂ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ।