- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਲਬੀਜ ਫ਼ਸਲਾਂ ਸਬੰਧੀ ਕਨੇਚ ਵਿਖੇ ਸਿਖਲਾਈ ਕੈਂਪ ਲਗਾਇਆ

ਫੋਟੋ ਨੰਬਰ-20
* ਕੈਂਪ ਦੀ ਸ਼ੁਰੂਆਤ ਮੌਕੇ ਡਾ. ਸੰਦੀਪ ਸਿੰਘ ਨੇ ਕਿਸਾਨਾਂ ਨੂੰ ਘੱਟ ਐਸਿਡ ਵਾਲੇ ਤੇਲ ਦੀ ਮਹੱਤਤਾ ਬਾਰੇ ਦੱਸਿਆ
ਲੱਕੀ ਘੁਮੈਤ, ਪੰਜਾਬੀ ਜਾਗਰਣ
ਸਾਹਨੇਵਾਲ : ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਹਰਿੰਦਰ ਸਿੰਘ ਦੀ ਨਿਗਰਾਨੀ 'ਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੰਦੀਪ ਸਿੰਘ ਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਤਿੰਦਰ ਸਿੰਘ ਸਾਹਨੇਵਾਲ ਦੁਆਰਾ 'ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼' ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵੱਲੋਂ ਦਿ ਕਨੇਚ ਖ਼ੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਿਟਡ ਕਨੇਚ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਇਲਾਕੇ ਦੇ ਕਿਸਾਨਾਂ ਨੂੰ ਸਰ੍ਹੋਂ ਅਤੇ ਰਾਇਆ (ਤੇਲ ਬੀਜ ਫ਼ਸਲਾਂ) ਦੀ ਸਫਲ ਕਾਸ਼ਤ, ਖਾਦਾਂ ਦੀ ਸਹੀ ਵਰਤੋਂ ਅਤੇ ਪਸ਼ੂਆਂ ਲਈ ਖਲ੍ਹ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਦੀ ਸ਼ੁਰੂਆਤ ਕਰਨ ਮੌਕੇ ਡਾ. ਸੰਦੀਪ ਸਿੰਘ ਨੇ ਕਿਸਾਨਾਂ ਨੂੰ ਘੱਟ ਐਸਿਡ ਵਾਲੇ ਤੇਲ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਜੋ ਮਨੁੱਖੀ ਸਿਹਤ ਅਤੇ ਪਸ਼ੂਆਂ ਦੀ ਖਲ੍ਹ ਲਈ ਫ਼ਾਇਦੇਮੰਦ ਹੁੰਦਾ ਹੈ। ਉਨ੍ਹਾਂ ਨੇ ਕਣਕ ਅਤੇ ਝੋਨੇ ਦੀਆਂ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਡਾ. ਹਰਿੰਦਰ ਸਿੰਘ ਸੰਧੂ ਨੇ ਕਿਸਾਨਾਂ ਨੂੰ 'ਜੀ ਆਇਆ ਆਖਦਿਆਂ ਫ਼ਸਲਾਂ ਦੇ ਸੰਗਠਿਤ ਕੀਟ ਅਤੇ ਬਿਮਾਰੀ ਪ੍ਰਬੰਧਨ ਬਾਰੇ ਵਿਸਥਾਰ ਵਿੱਚ ਦੱਸਿਆ ਕਿ ਕਿਵੇਂ ਘੱਟ ਖ਼ਰਚੇ ਵਿੱਚ ਫ਼ਸਲਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਕੇਵੀਕੇ (ਸਮਰਾਲਾ) ਤੋਂ ਆਏ ਡਾ. ਅਮਨਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ (ਫਸਲ ਵਿਗਆਨ) ਨੇ ਸਰ੍ਹੋਂ ਦੀ ਫ਼ਸਲ ਦੇ ਸੁਧਰੇ ਹੋਏ ਤਰੀਕਿਆਂ ਅਤੇ ਤੇਲ ਕੱਢਣ ਦੀਆਂ ਤਕਨੀਕਾਂ ਬਾਰੇ ਦੱਸਿਆ। ਉਨ੍ਹਾਂ ਨੇ ਕੇਵੀਕੇ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਅਤੇ ਸੁਧਰੀਆਂ ਕਿਸਮਾਂ ਦੇ ਬੀਜਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਡਾ. ਜਤਿੰਦਰ ਸਿੰਘ ਨੇ ਕਿਸਾਨਾਂ ਨੂੰ 'ਕਿਸਾਨ ਸਨਮਾਨ ਨਿਧੀ ਯੋਜਨਾ' ਅਤੇ ਕਿਸਾਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਫ਼ਸਲਾਂ ਵਿੱਚ ਰੂੜੀ ਦੀ ਖਾਦ ( ਐੱਫਵਾਈਐੱਮ) ਅਤੇ ਹੋਰ ਜੈਵਿਕ ਤਰੀਕੇ ਅਪਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਹਰੀ ਖਾਦ ਨਾਲ ਮਿੱਟੀ ਵਿੱਚ ਨਾਈਟ੍ਰੋਜਨ ਦੀ ਮਾਤਰਾ ਵਧਦੀ ਹੈ। ਡਾ. ਕਰਮਜੀਤ ਸਿੰਘ (ਏਡੀਓਡੀਡਬਲਯੂ) ਨੇ ਵਿਭਾਗੀ ਸਕੀਮਾਂ ਜਿਵੇਂ ਕਿ ਸੀਆਰਐੱਮ ਬਾਰੇ ਦੱਸਦਿਆਂ ਕਿਹਾ ਕਿ ਜਿਸ ਤਹਿਤ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ 'ਤੇ ਸਬਸਿਡੀ ਮਿਲਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐੱਸਐੱਮਏਐੱਮ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਲੁਧਿਆਣਾ ਤੋਂ ਭੂਮੀ ਰੱਖਿਆ ਅਫ਼ਸਰ (ਸ਼ਛੌ) ਸੁਨੀਲ ਕੁਮਾਰ ਅਤੇ ਸਰਵੇਅਰ ਰਣਦੀਪ ਸਿੰਘ ਤੇ ਜਗਰਾਜ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਉਨ੍ਹਾਂ ਨੇ ਕਿਸਾਨਾਂ ਭੂਮੀ ਵਿਭਾਗ ਵੱਲੋ ਚਲਾਈਆ ਜਾਂਦੀਆਂ ਸਕੀਮਾ ਅਤੇ ਪਾਣੀ ਬਚਾਉਣ ਅਤੇ ਮਿੱਟੀ ਦੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੀ ਸ਼ੁਰੂਆਤ ਮੌਕੇ ਸਹਿਕਾਰੀ ਸਭਾ ਦੇ ਸਕੱਤਰ ਰੀਤਕਮਲ ਸਿੰਘ ਅਤੇ ਹੋਰ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਡਾ. ਹਰਿੰਦਰ ਸਿੰਘ ਸੰਧੂ (ਖੇਤੀਬਾੜੀ ਅਫ਼ਸਰ, ਬਲਾਕ ਲੁਧਿਆਣਾ) ਅਤੇ ਹੋਰ ਮਾਹਿਰਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸਭਾ ਦੇ ਪ੍ਰਧਾਨ ਬਲਜੀਤ ਸਿੰਘ ਨੇ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਇਸ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜਿਹੇ ਕੈਂਪ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਹਾਇਕ ਸਿੱਧ ਹੋਣਗੇ। ਇਸ ਮੌਕੇ ਰਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਬੇਲਦਾਰ ਆਦਿ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ।