ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਰਾਹੀਂ ਹੋ ਰਹੀ ਰੇਤੇ ਦੀ ਢੁਆਈ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਰਾਹੀਂ ਰੇਤ ਦੀ ਢੋਆ-ਢੁਆਈ
Publish Date: Tue, 27 Oct 2026 07:53 PM (IST)
Updated Date: Tue, 27 Oct 2026 07:55 PM (IST)
ਜਰਨੈਲ ਸਿੰਘ ਸਿੱਧੂ, ਪੰਜਾਬੀ ਜਾਗਰਣ, ਸਿੱਧਵਾਂ ਬੇਟ : ਬੇਟ ਇਲਾਕੇ ਵਿੱਚੋਂ ਲੰਘਦੇ ਦਰਿਆ ਸਤਲੁਜ ਵਿੱਚੋਂ ਰੇਤ ਦੀ ਨਿਕਾਸੀ ਦੌਰਾਨ ਨਿਯਮਾਂ ਦੀ ਉਲੰਘਣਾ ਹੋਣ ਦੇ ਦੋਸ਼ ਲੱਗ ਰਹੇ ਹਨ। ਇਲਾਕਾ ਵਾਸੀਆਂ ਅਨੁਸਾਰ ਰੇਤ ਦੀ ਢੋਆ-ਢੁਆਈ ਲਈ ਕਥਿਤ ਤੌਰ ’ਤੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਵਾਹਨਾਂ ਵਿੱਚ ਸਮਰੱਥਾ ਤੋਂ ਵੱਧ ਰੇਤ ਭਰ ਕੇ ਬਿਨਾਂ ਢੱਕੇ ਸੜਕਾਂ ’ਤੇ ਚਲਾਇਆ ਜਾਂਦਾ ਹੈ। ਇਸ ਕਾਰਨ ਰੇਤ ਦੇ ਕਣ ਹਵਾ ਵਿੱਚ ਉੱਡਦੇ ਹਨ ਅਤੇ ਸੜਕ ’ਤੇ ਡਿੱਗਣ ਨਾਲ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੀ ਆਵਾਜਾਈ ਨਾਲ ਕਾਨੂੰਨ-ਵਿਵਸਥਾ ਅਤੇ ਸੜਕ ਸੁਰੱਖਿਆ ਸਬੰਧੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਜੇਕਰ ਅਜਿਹੇ ਕਿਸੇ ਵਾਹਨ ਨਾਲ ਹਾਦਸਾ ਵਾਪਰ ਜਾਂਦਾ ਹੈ ਤਾਂ ਉਸ ਦੀ ਪਛਾਣ ਕਰਨਾ ਮੁਸ਼ਕਲ ਹੋ ਸਕਦਾ ਹੈ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ, ਮਾਈਨਿੰਗ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਤੋਂ ਮੰਗ ਕੀਤੀ ਹੈ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਦੀ ਨਿਯਮਤ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਬਿਨਾਂ ਨੰਬਰ ਪਲੇਟਾਂ, ਬਿਨਾਂ ਢੱਕੇ ਅਤੇ ਓਵਰਲੋਡ ਵਾਹਨ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਥਾਣਾ ਸਿੱਧਵਾਂ ਬੇਟ ਦੇ ਮੁਖੀ ਅਮਰਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਦੀ ਜਾਂਚ ਲਈ ਨਾਕਾਬੰਦੀ ਕੀਤੀ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।