ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ
ਖ਼ਾਲਸਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਰਧਾਂਜਲੀ ਸਮਾਰੋਹ ਕਰਵਾਇਆ
Publish Date: Fri, 20 Mar 2026 06:30 PM (IST)
Updated Date: Fri, 20 Mar 2026 06:34 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਖ਼ਾਲਸਾ ਕਾਲਜ ਲੜਕੀਆਂ ਲੁਧਿਆਣਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਸ਼ਰਧਾਂਜਲੀ ਸਮਾਗਮ ਦਾ ਕਰਵਾਇਆ ਗਿਆ। ਇਸ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ, ਸੁਤੰਤਰਤਾ ਪ੍ਰਾਪਤੀ ਦੇ ਸੰਘਰਸ਼, ਉਹਨਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਆਜ਼ਾਦ ਭਾਰਤ ਦੇ ਸੁਪਨੇ ਦੇ ਸੰਦਰਭ ਵਿੱਚ ਇੱਕ ਡਾਕੂਮੈਂਟਰੀ ਫਿਲਮ ਦਿਖਾਈ ਗਈ। ਕਾਲਜ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਦਰਸ਼ਕਾਂ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਸ਼ਮੂਲੀਅਤ ਕਰ ਕੇ ਸ਼ਹੀਦ ਭਗਤ ਸਿੰਘ ਦੇ ਵਡਮੁੱਲੇ ਵਿਚਾਰਾਂ ਨਾਲ ਸਾਂਝ ਪਾਈ ਅਤੇ ਦੇਸ਼ ਨੂੰ ਉੱਚੀਆਂ ਬੁਲੰਦੀਆਂ ’ਤੇ ਲਿਜਾਣ ਦੀ ਨਵੀਂ ਪੀੜ੍ਹੀ ਤੋਂ ਆਸ ਸਬੰਧੀ ਵਿਚਾਰ ਪ੍ਰਗਟਾਏ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਨੇ ਭਗਤ ਸਿੰਘ ਦੀ ਸੋਚ ਬਾਰੇ ਜ਼ਿਕਰ ਕਰਦਿਆਂ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਲਈ ਉਤਸ਼ਾਹ ਭਰਪੂਰ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਚੜ੍ਹਦੀ ਕਲਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।