ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਗ੍ਰਿਫ਼ਤਾਰ
ਚੋਰੀ ਦੇ ਦੋ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫਤਾਰ
Publish Date: Thu, 19 Mar 2026 08:37 PM (IST)
Updated Date: Fri, 20 Mar 2026 04:16 AM (IST)

* ਮੁਖ਼ਬਰ ਦੀ ਸੂਚਨਾ ’ਤੇ ਕੀਤੀ ਕਾਰਵਾਈ, ਹੋਰ ਖੁਲਾਸਿਆਂ ਦੀ ਸੰਭਾਵਨਾ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਥਾਣਾ ਡਾਬਾ ਦੀ ਪੁਲਿਸ ਨੇ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਚੋਰੀ ਦੇ ਵਾਹਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਗਸ਼ਤ ਦੌਰਾਨ ਮੁਖ਼ਬਰ ਤੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਥਾਣੇਦਾਰ ਕਰਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ’ਚ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੁਖ਼ਬਰ ਵੱਲੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਚੋਰੀ ਦੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਨਾਕਾਬੰਦੀ ਕਰ ਕੇ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਮੋਟਰਸਾਈਕਲ ਬਰਾਮਦ ਕੀਤੇ, ਜੋ ਮੁਢਲੀ ਜਾਂਚ ਦੌਰਾਨ ਚੋਰੀ ਦੇ ਪਾਏ ਗਏ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਵਿਸ਼ਾਲ ਉਰਫ਼ ਚੁੰਡੀ ਤੇ ਜਸ਼ਨਦੀਪ ਸਿੰਘ ਵਜੋਂ ਹੋਈ ਹੈ, ਜੋ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਹੋਣ ਦੇ ਸੰਕੇਤ ਮਿਲ ਰਹੇ ਹਨ ਤੇ ਇਹ ਚੋਰੀ ਦੀਆਂ ਵਾਰਦਾਤਾਂ ’ਚ ਲਿਪਤ ਰਹੇ ਹਨ। ਇਸ ਸਬੰਧੀ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਸੰਭਵ ਹੈ ਕਿ ਇਨ੍ਹਾਂ ਨਾਲ ਜੁੜੇ ਹੋਰ ਸਾਥੀਆਂ ਨੂੰ ਵੀ ਜਲਦੀ ਗ੍ਰਿਫਤਾਰ ਕੀਤਾ ਜਾਵੇ।