ਐਕਟਿਵਾ ਚੋਰੀ ਕਰਨ ਵਾਲੇ ਦੋ ਮੁਲਜ਼ਮ ਕਾਬੂ
ਐਕਟਿਵਾ ਚੋਰੀ ਕਰਨ ਵਾਲੇ ਦੋ ਮੁਲਜ਼ਮ ਕਾਬੂ
Publish Date: Wed, 08 Apr 2026 09:41 PM (IST)
Updated Date: Thu, 09 Apr 2026 04:12 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਬੀਤੇ ਦਿਨੀਂ ਮਿਲਰਗੰਜ ਇਲਾਕੇ ’ਚ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਖੜ੍ਹੀ ਇਕ ਐਕਟਿਵਾ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ-6 ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਅਰਜੁਨ ਨਗਰ ਵਾਸੀ ਜਸਵੰਤ ਰਾਏ ਦੀ ਸ਼ਿਕਾਇਤ ’ਤੇ ਪੁਲਿਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਜਸਵੰਤ ਰਾਏ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਨੇ ਆਪਣੀ ਐਕਟਿਵਾ ਓਵਰਲਾਕ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਖੜ੍ਹੀ ਕੀਤੀ ਅਤੇ ਕਿਸੇ ਜ਼ਰੂਰੀ ਕੰਮ ਲਈ ਬੈਂਕ ਅੰਦਰ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਉਸ ਦੀ ਐਕਟਿਵਾ ਉਥੇ ਨਹੀਂ ਸੀ। ਉਸ ਨੇ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ, ਜਿਸ ਦੌਰਾਨ ਦੋ ਸ਼ੱਕੀਆਂ ’ਤੇ ਉਸ ਦਾ ਧਿਆਨ ਗਿਆ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ-6 ਦੀ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਦੋਵਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਛਾਪੇਮਾਰੀ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਜਾਂਚ ’ਚ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਬੈਂਕਾਂ ਤੇ ਭੀੜ ਵਾਲੀਆਂ ਥਾਵਾਂ ਦੇ ਬਾਹਰ ਖੜ੍ਹੀਆਂ ਗੱਡੀਆਂ ’ਤੇ ਨਜ਼ਰ ਰੱਖਦੇ ਸਨ ਤੇ ਮੌਕਾ ਮਿਲਦੇ ਹੀ ਵਾਹਨ ਚੋਰੀ ਕਰ ਕੇ ਫ਼ਰਾਰ ਹੋ ਜਾਂਦੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦਸ਼ਮੇਸ਼ ਨਗਰ ਵਾਸੀ ਗੁਰਪਾਲ ਸਿੰਘ ਤੇ ਗੁਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਕੀਤੀ ਗਈ ਐਕਟਿਵਾ ਵੀ ਬਰਾਮਦ ਕਰ ਲਈ ਹੈ। ਜਾਂਚ ਅਧਿਕਾਰੀ ਬਲਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।