- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਨੂੰ ਉਨ੍ਹਾਂ ਨੇ ਬਸਤੀ ਜੋਧੇਵਾਲ ਨੇੜੇ ਲੁਧਿਆਣਾ-ਦਿੱਲੀ ਕੌਮੀ ਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਰੋਕ ਦਿੱਤੀ ਸੀ। ਪਰਿਵਾਰ ਦੀ ਮੰਗ ਸੀ ਕਿ ਐੱਫਆਈਆਰ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਧਰਨਾ ਕਈ ਘੰਟਿਆਂ ਤੱਕ ਚੱਲਿਆ, ਜਿਸ ਕਾਰਨ ਰਾਹਗੀਰਾਂ ਨੂੰ ਵੀ ਭਾਰੀ ਪਰੇਸ਼ਾਨੀ ਝੱਲਣੀ ਪਈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : 25 ਸਾਲਾ ਪ੍ਰਾਪਰਟੀ ਕਾਰੋਬਾਰੀ ਹਰਜਿੰਦਰ ਸਿੰਘ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਲੁਧਿਆਣਾ ਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਸੋਮਵਾਰ ਨੂੰ ਕਤਲਕਾਂਡ ਨਾਲ ਕਥਿਤ ਤੌਰ ’ਤੇ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 9 ਐੱਮਐੱਮ ਦੀ ਗਲੌਕ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਹੈ। ਹਾਲਾਂਕਿ ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਬਰਾਮਦ ਪਿਸਤੌਲ ਦੀ ਵਰਤੋਂ ਹਰਜਿੰਦਰ ਸਿੰਘ ਦੇ ਕਤਲ ਵਿੱਚ ਕੀਤੀ ਗਈ ਸੀ ਜਾਂ ਨਹੀਂ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜੱਸੀਆਂ ਰੋਡ ਵਾਸੀ ਮੋਹਿਤ ਅਤੇ ਚੰਦਰਲੋਕ ਕਲੋਨੀ ਵਾਸੀ ਮਨਜੀਤ ਸਿੰਘ ਉਰਫ਼ ਬੌਬੀ ਵਜੋਂ ਹੋਈ ਹੈ।
ਥਾਣਾ ਟਿੱਬਾ ਦੇ ਮੁੱਖ ਅਫਸਰ ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੋਵਾਂ ਦੀ ਗ੍ਰਿਫ਼ਤਾਰੀ ਅਤੇ ਹਥਿਆਰ ਬਰਾਮਦ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕਤਲ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮਨਜੀਤ ਸਿੰਘ ਉਰਫ਼ ਬੌਬੀ ਖ਼ਿਲਾਫ਼ ਨਸ਼ਾ ਤਸਕਰੀ ਰੋਕੂ ਕਾਨੂੰਨ ਤਹਿਤ ਪਹਿਲਾਂ ਹੀ ਦੋ ਮਾਮਲੇ ਦਰਜ ਹਨ। ਇਨ੍ਹਾਂ ਮਾਮਲਿਆਂ ਵਿੱਚ ਉਹ ਪੁਲਿਸ ਨੂੰ ਲੋੜੀਂਦਾ ਸੀ ਅਤੇ ਅਦਾਲਤ ਵੱਲੋਂ ਉਸ ਨੂੰ ਭਗੌੜਾ ਵੀ ਕਰਾਰ ਦਿੱਤਾ ਜਾ ਚੁੱਕਾ ਸੀ। ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਨੂੰ 7 ਅਗਸਤ ਦੀ ਰਾਤ ਕਰੀਬ ਸਾਢੇ 11 ਵਜੇ ਸੁਤੰਤਰ ਨਗਰ ਇਲਾਕੇ ਵਿੱਚ ਹਮਲਾਵਰਾਂ ਨੇ ਘੇਰ ਕੇ ਗੋਲੀਆਂ ਮਾਰ ਦਿੱਤੀਆਂ ਸਨ। ਹਰਜਿੰਦਰ ਆਪਣੇ ਦੋਸਤਾਂ ਨੂੰ ਸਰਾਭਾ ਨਗਰ ਵਿੱਚ ਰਾਤ ਦਾ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਨੂੰ ਛੱਡਣ ਲਈ ਗਿਆ ਸੀ।
ਵਾਪਸੀ ਦੌਰਾਨ ਹਮਲਾਵਰਾਂ ਨੇ ਉਸ ਨੂੰ ਰਸਤੇ ਵਿੱਚ ਘੇਰ ਲਿਆ ਤੇ ਉਸ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਹਰਜਿੰਦਰ ਨੂੰ ਪੰਜ ਗੋਲੀਆਂ ਲੱਗੀਆਂ। ਇਸ ਤੋਂ ਇਲਾਵਾ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਗੰਭੀਰ ਜ਼ਖ਼ਮਾਂ ਕਾਰਨ ਉਸ ਦੀ ਮੌਤ ਹੋ ਗਈ। ਕਤਲ ਦੀ ਇਸ ਵਾਰਦਾਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਭਾਰੀ ਰੋਸ ਫੈਲ ਗਿਆ ਸੀ।
ਐਤਵਾਰ ਨੂੰ ਉਨ੍ਹਾਂ ਨੇ ਬਸਤੀ ਜੋਧੇਵਾਲ ਨੇੜੇ ਲੁਧਿਆਣਾ-ਦਿੱਲੀ ਕੌਮੀ ਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਰੋਕ ਦਿੱਤੀ ਸੀ। ਪਰਿਵਾਰ ਦੀ ਮੰਗ ਸੀ ਕਿ ਐੱਫਆਈਆਰ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਧਰਨਾ ਕਈ ਘੰਟਿਆਂ ਤੱਕ ਚੱਲਿਆ, ਜਿਸ ਕਾਰਨ ਰਾਹਗੀਰਾਂ ਨੂੰ ਵੀ ਭਾਰੀ ਪਰੇਸ਼ਾਨੀ ਝੱਲਣੀ ਪਈ। ਹਰਜਿੰਦਰ ਸਿੰਘ ਦੇ ਕਤਲ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੇ ਵਾਰਦਾਤ ਦੀ ਬੇਰਹਿਮੀ ਨੂੰ ਹੋਰ ਉਜਾਗਰ ਕਰ ਦਿੱਤਾ ਹੈ। ਵੀਡੀਓ ਵਿੱਚ ਕਥਿਤ ਤੌਰ ’ਤੇ ਦਿਖਾਈ ਦੇ ਰਿਹਾ ਹੈ ਕਿ ਗੋਲੀਆਂ ਲੱਗਣ ਤੋਂ ਬਾਅਦ ਜਦੋਂ ਹਰਜਿੰਦਰ ਬੇਹੋਸ਼ ਹਾਲਤ ਵਿੱਚ ਜ਼ਮੀਨ ’ਤੇ ਪਿਆ ਸੀ, ਉਦੋਂ ਵੀ ਹਮਲਾਵਰ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦੇ ਰਹੇ। ਵੀਡੀਓ ਵਿੱਚ ਇੱਕ ਹਮਲਾਵਰ ਕਥਿਤ ਤੌਰ ’ਤੇ ਆਪਣੇ ਸਾਥੀ ਨੂੰ ਹਰਜਿੰਦਰ ਦੀ ਲੱਤ ਤੋੜਨ ਲਈ ਕਹਿੰਦਾ ਸੁਣਾਈ ਦਿੰਦਾ ਹੈ, ਜਿਸ ’ਤੇ ਦੂਜਾ ਹਮਲਾਵਰ ਕਹਿੰਦਾ ਹੈ ਕਿ ਲੱਤ ਪਹਿਲਾਂ ਹੀ ਟੁੱਟ ਚੁੱਕੀ ਹੈ।
ਇਸ ਦੌਰਾਨ ਹਮਲਾਵਰ ਹਰਜਿੰਦਰ ਦੀ ਕਾਰ ਨੂੰ ਆਪਣੇ ਨਾਲ ਲਿਜਾਣ ਬਾਰੇ ਵੀ ਗੱਲਬਾਤ ਕਰਦੇ ਸੁਣਾਈ ਦਿੰਦੇ ਹਨ। ਹਾਲਾਂਕਿ ਬਾਅਦ ਵਿੱਚ ਉਹ ਕਾਰ ਨੂੰ ਮੌਕੇ ’ਤੇ ਹੀ ਛੱਡ ਕੇ ਚਲੇ ਜਾਂਦੇ ਹਨ। ਵੀਡੀਓ ਵਿੱਚ ਇੱਕ ਵਿਅਕਤੀ ਨੂੰ ਕਾਰ ਵਿੱਚ ਬੈਠ ਕੇ ਅੰਦਰੋਂ ਕੁਝ ਕੱਢਦੇ ਹੋਏ ਵੀ ਦੇਖਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਬਰਾਮਦ ਕੀਤੀ ਗਲੌਕ ਪਿਸਤੌਲ ਅਤੇ ਕਾਰਤੂਸ ਸਮੇਤ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਤਲ ਵਿੱਚ ਦੋਵਾਂ ਦੀ ਅਸਲ ਭੂਮਿਕਾ ਕੀ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਬਾਕੀ ਮੁਲਜ਼ਮ ਕੌਣ ਹਨ। ਪੁਲਿਸ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।