ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਐੱਸਟੀਐੱਫ ਦੀ ਟੀਮ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਦੋ ਨਾਮੀ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ 'ਚੋਂ 410 ਗਰਾਮ ਹੈਰੋਇਨ ਅਤੇ 4 ਲੱਖ 90 ਹਜ਼ਾਰ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮਿ੍ਤਸਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਉਰਫ ਲਾਲੀ ਅਤੇ ਤਰਨਤਾਰਨ ਵਾਸੀ ਹਰਜਿੰਦਰ ਸਿੰਘ ਉਰਫ ਸੰਨੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਹੈਰੋਇਨ ਸਪਲਾਈ ਕਰਦੇ ਹਨ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਦੋਵੇਂ ਮੁਲਜ਼ਮ ਮਹਿੰਦਰਾ ਵੈਰੀਟੋ ਕਾਰ ਤੇ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਲਈ ਤਰਨਤਾਰਨ ਵਾਲੀ ਸਾਈਡ ਤੋਂ ਫਿਰੋਜ਼ਪੁਰ ਸ਼ਹਿਰ ਵੱਲ ਜਾ ਰਹੇ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਿਫ਼ਰੋਜ਼ਪੁਰ ਚੁੰਗੀ 'ਤੇ ਨਾਕਾਬੰਦੀ ਕਰ ਕੇ ਕਾਰ ਸਵਾਰ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ। ਕਾਰ ਦੀ ਤਲਾਸ਼ੀ ਲੈਣ 'ਤੇ ਤਾਂ ਕਾਰ ਵਿੱਚ ਲੁਕਾ ਕੇ ਰੱਖੀ ਗਈ 410 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਗੁਰਮਿੰਦਰ ਸਿੰਘ ਉਰਫ ਲਾਲੀ ਖੇਤੀਬਾੜੀ ਦਾ ਕੰਮ ਕਰਦਾ ਹੈ, ਜਦਕਿ ਮੁਲਜ਼ਮ ਹਰਜਿੰਦਰ ਸਿੰਘ ਉਰਫ ਸੰਨੀ ਮਜ਼ਦੂਰੀ ਕਰਦਾ ਸੀ। ਵੱਧ ਪੈਸੇ ਕਮਾਉਣ ਦੇ ਚੱਕਰ ਵਿੱਚ ਦੋਵੇਂ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਹੈਰੋਇਨ ਦੀ ਤਸਕਰੀ ਕਰਦੇ ਆ ਰਹੇ ਹਨ । ਪੁਲਿਸ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਪਤਾ ਲਗਾਉਣ ਦਾ ਯਤਨ ਕਰ ਰਹੀ ਹੈ ਕਿ ਉਨ੍ਹਾਂ ਨੇ ਹੈਰੋਇਨ ਕਿਸ ਨੂੰ ਸਪਲਾਈ ਕਰਨੀ ਸੀ।

ਕਈ ਮਾਮਲਿਆਂ 'ਚ ਕੱਟ ਚੁੱਕੇ ਹਨ ਸਜ਼ਾ

ਤਫਤੀਸ਼ ਦੇ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਹਰਜਿੰਦਰ ਸਿੰਘ ਇਕ ਮੁਕੱਦਮੇ 'ਚ 10 ਸਾਲ ਦੀ ਸਜ਼ਾ ਕੱਟ ਚੁੱਕਾ ਹੈ। ਇਸੇ ਤਰ੍ਹਾਂ ਮੁਲਜ਼ਮ ਗੁਰਮਿੰਦਰ ਸਿੰਘ ਨੂੰ ਵੀ ਦੋ ਮਾਮਲਿਆਂ 'ਚ ਸਜ਼ਾ ਹੋਈ ਸੀ। ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਮੁਲਜ਼ਮ ਫਿਰ ਤੋਂ ਨਸ਼ਾ ਸਮੱਗਲਿੰਗ ਕਰਨ ਲੱਗ ਪਏ।

ਦਰਜ ਹਨ 10 ਤੋਂ ਵੱਧ ਮਾਮਲੇ

ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਨਸ਼ਾ ਤਸਕਰੀ, ਇਰਾਦਾ ਕਤਲ, ਜਾਅਲੀ ਕਰੰਸੀ ਅਤੇ ਅਸਲਾ ਐਕਟ ਸਮੇਤ ਕਈ ਸੰਗੀਨ ਧਾਰਾਵਾਂ ਹੇਠ ਮਾਮਲੇ ਦਰਜ ਹਨ।

ਬਰਾਮਦ ਹੋ ਚੁੱਕੀ ਹੈ 40 ਤੋ 50 ਕਿੱਲੋ ਹੈਰੋਇਨ

ਐਸਟੀਐਫ਼ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਡੂੰਘਾਈ ਨਾਲ ਕੀਤੀ ਗਈ ਤਫ਼ਤੀਸ਼ ਦੇ ਦੌਰਾਨ ਸਾਹਮਣੇ ਆਇਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪਹਿਲਾਂ 40 ਤੋਂ 50 ਕਿੱਲੋ ਹੈਰੋਇਨ ਬਰਾਮਦ ਹੋ ਚੁੱਕੀ ਹੈ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਹੋਰ ਜਾਣਕਾਰੀਆਂ ਇਕੱਠੀ ਕਰੇਗੀ ।

410 ਗ੍ਰਾਮ ਹੈਰੋਇਨ ਸਮੇਤ ਇੱਕ ਗਿ੍ਫ਼ਤਾਰ

ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਕਾਰਵਾਈ ਕਰਦਿਆਂ ਐੱਸਟੀਐੱਫ ਦੀ ਟੀਮ ਨੇ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਕੋਲ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਪਿੰ੍ਟਿੰਗ ਪ੍ਰਰੈੱਸ ਦਾ ਕੰਮ ਕਰਨ ਵਾਲੇ ਸੰਜੇ ਚਾਵਲਾ ਨੂੰ ਗਿ੍ਰਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਹਰਬੰਸ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਮੁਲਜਮ ਨੂੰ ਉਸ ਵੇਲੇ ਗਿ੍ਫ਼ਤਾਰ ਕੀਤਾ ਜਦੋਂ ਉਹ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ। ਪੁਲਿਸ ਨੇ ਤਲਾਸ਼ੀ ਦੇ ਦੌਰਾਨ ਮੁਲਜ਼ਮ ਦੇ ਕਬਜ਼ੇ 'ਚੋਂ 410 ਗਰਾਮ ਹੈਰੋਇਨ ਬਰਾਮਦ ਕੀਤੀ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਪਹਿਲਾਂ ਹੈਰੋਇਨ ਦਾ ਨਸ਼ਾ ਕਰਦਾ ਸੀ ਫਿਰ ਨਸ਼ੇ ਦੀ ਪੂਰਤੀ ਲਈ ਉਸ ਇਸ ਦੀ ਤਸਕਰੀ ਕਰਨ ਲਗ ਪਿਆ।