- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁੱਟਾ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਦੋ ਮੈਂਬਰ ਕਾਬੂ

-ਦਾਤ ਤੇ 6 ਮੋਬਾਈਲਾਂ ਸਮੇਤ ਲੁੱਟ ਦਾ ਸਾਮਾਨ ਵੀ ਕੀਤਾ ਬਰਾਮਦ
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ
ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਾਹਨੇਵਾਲ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਮੋਟਰਸਾਈਕਲ, ਲੋਹੇ ਦਾ ਦਾਤ, ਵੱਖ-ਵੱਖ ਮਾਅਰਕਾ ਦੇ ਛੇ ਮੋਬਾਈਲ ਫੋਨ, ਪਰਸ, ਆਧਾਰ ਕਾਰਡ ਤੇ ਕੁਝ ਨਕਦੀ ਬਰਾਮਦ ਕੀਤੀ ਹੈ। ਪੁਲਿਸ ਦਾ ਮੰਨਣਾ ਹੈ ਕਿ ਬਰਾਮਦ ਸਾਮਾਨ ਲੁੱਟ-ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ ਹੋ ਸਕਦਾ ਹੈ ਤੇ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਸਾਹਨੇਵਾਲ ਦੇ ਮੁੱਖ ਅਫ਼ਸਰ ਦਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲੁੱਟਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਕੁਝ ਵਿਅਕਤੀ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ, ਇੰਡਸਟਰੀਅਲ ਏਰੀਆ ਵਿਚ ਨਾਕੇਬੰਦੀ ਕੀਤੀ। ਇਸ ਦੌਰਾਨ ਪੁਲਿਸ ਨੇ ਗਿਆਸਪੁਰਾ ਸਥਿਤ ਹਰਗੋਬਿੰਦ ਨਗਰ ਦੇ ਵਾਸੀ ਮਨਪ੍ਰੀਤ ਸਿੰਘ ਉਰਫ਼ ਚੀਮਾ ਲੁਧਿਆਣਾ ਅਤੇ ਨੀਰਜ ਕੁਮਾਰ ਨੂੰ ਕਾਬੂ ਕਰ ਲਿਆ।
ਪੁਲਿਸ ਅਨੁਸਾਰ ਮੁਲਜ਼ਮਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਕਾਲੇ ਰੰਗ ਦਾ ਹੌਂਡਾ ਡਰੀਮ ਮੋਟਰਸਾਈਕਲ, ਇੱਕ ਲੋਹੇ ਦਾ ਦਾਤ, ਛੇ ਵੱਖ-ਵੱਖ ਮਾਰਕਾ ਦੇ ਮੋਬਾਇਲ ਫੋਨ, ਇੱਕ ਪਰਸ, ਆਧਾਰ ਕਾਰਡ ਤੇ ਕੁਝ ਨਕਦੀ ਬਰਾਮਦ ਹੋਈ। ਲੋਹੇ ਦਾ ਦਾਤ ਮਿਲਣ ਕਾਰਨ ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੇ ਇਸ ਹਥਿਆਰ ਦੀ ਵਰਤੋਂ ਕਿਸੇ ਵਾਰਦਾਤ ਦੌਰਾਨ ਕੀਤੀ ਸੀ ਜਾਂ ਨਹੀਂ।
ਇਸ ਮਾਮਲੇ ਸਬੰਧੀ ਥਾਣਾ ਸਾਹਨੇਵਾਲ ਵਿਚ ਮੁਕੱਦਮਾ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮੁਲਜਮਾ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਦੋਵਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਰਿਮਾਂਡ ਦੌਰਾਨ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਬਰਾਮਦ ਕੀਤੇ ਮੋਬਾਇਲ ਫੋਨਾਂ ਅਤੇ ਹੋਰ ਸਮਾਨ ਬਾਰੇ ਪੁੱਛਗਿੱਛ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਿਛਲੇ ਰਿਕਾਰਡ ਤੇ ਲੁੱਟ-ਖੋਹ ਦੀਆਂ ਹੋਰ ਵਾਰਦਾਤਾਂ ਵਿੱਚ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਪੁੱਛਗਿੱਛ ਦੌਰਾਨ ਜੇਕਰ ਮੁਲਜ਼ਮਾਂ ਵੱਲੋਂ ਕਿਸੇ ਹੋਰ ਵਾਰਦਾਤ ਦਾ ਖੁਲਾਸਾ ਕੀਤਾ ਜਾਂਦਾ ਹੈ ਤਾਂ ਉਸ ਸਬੰਧੀ ਵੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਕੀਤੇ ਮੋਬਾਈਲ ਫੋਨ ਤੇ ਹੋਰ ਸਾਮਾਨ ਕਿਹੜੀਆਂ ਵਾਰਦਾਤਾਂ ਦੌਰਾਨ ਲੁੱਟਿਆ ਗਿਆ ਸੀ।