ਪੇਪਰ ਲੀਕ ਮਾਮਲੇ ਸਬੰਧੀ ਕੇਂਦਰੀ ਸਿੱਖਿਆ ਮੰਤਰੀ ਫੌਰੀ ਅਸਤੀਫਾ ਦੇਣ : ਸੀਟੂ ਕੇਂਦਰੀ ਸਿੱਖਿਆ ਮੰਤਰੀ ਫੌਰੀ ਅਸਤੀਫਾ ਦੇਵੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰੋ - ਸੀਟੂ
Publish Date: Mon, 20 Jul 2026 08:09 PM (IST)
Updated Date: Mon, 20 Jul 2026 08:10 PM (IST)
ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ ਸਮਰਾਲਾ : ਇੱਥੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੱਦੇ ਤੇ ਵਿਦਿਆਰਥੀਆਂ ਦੇ ਇਨਸਾਫ਼ੀ ਸੰਘਰਸ਼ ਅਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦਾ ਪੂਰਨ ਸਮਰਥਨ ਦਿੱਤਾ ਅਤੇ ਪੇਪਰ ਲੀਕ ਘਪਲਿਆਂ ਦੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਵੱਖ-ਵੱਖ ਪਿੰਡਾਂ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਸੂਬਾਈ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮ ਕਲਾਂ ਨੇ ਦੇਸ਼ ਭਰ ਦੇ ਵਿਦਿਆਰਥੀਆਂ ਵੱਲੋਂ ਚਲਾਏ ਜਾ ਰਹੇ ਇਨਸਾਫ਼ੀ ਸੰਘਰਸ਼ ਅਤੇ ਪ੍ਰਸਿੱਧ ਵਿਗਿਆਨੀ, ਵਾਤਾਵਰਣ ਪ੍ਰੇਮੀ ਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਘਪਲਿਆਂ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਸਰਕਾਰ ਦੀ ਨਾਕਾਮੀ ਅਤੇ ਲਾਪ੍ਰਵਾਹੀ ਕਾਰਨ ਕਰੋੜਾਂ ਨੌਜਵਾਨਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਅਤੇ ਪ੍ਰੀਖਿਆਵਾਂ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਸੀਟੂ ਆਗੂਆਂ ਨੇ ਕਿਹਾ ਕਿ ਇਨ੍ਹਾਂ ਘਪਲਿਆਂ ਦੀ ਨੈਤਿਕ ਅਤੇ ਰਾਜਨੀਤਿਕ ਜ਼ਿੰਮੇਵਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ’ਤੇ ਬਣਦੀ ਹੈ। ਇਸ ਲਈ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਕੇਂਦਰ ਸਰਕਾਰ ਇਸ ਨੂੰ ਸਵੀਕਾਰ ਕਰੇ। ਇਸ ਤੋਂ ਇਲਾਵਾ ਪੇਪਰ ਲੀਕ ਕਾਂਢਾਂ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ, ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਤੋੜਨਾ ਅਤੇ ਗ੍ਰਿਫਤਾਰ ਕਰਨਾ, ਵਿਦਿਆਰਥੀਆਂ ਦੇ ਲੋਕਤੰਤਰੀ ਸੰਘਰਸ਼ ਨੂੰ ਨਜ਼ਰਅੰਦਾਜ਼ ਕਰਨਾ ਕੇਂਦਰ ਸਰਕਾਰ ਦੀ ਗੈਰ-ਜਮਹੂਰੀ ਅਤੇ ਲੋਕ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਰਾਸ਼ਟਰਪਤੀ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਹ ਅਪਣਾ ਪ੍ਰਭਾਵਸ਼ਾਲੀ ਅਸਰ ਵਰਤ ਕੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰਨ ਲਈ ਕੇਂਦਰ ਸਰਕਾਰ ਦੇ ਸਿੱਖਿਆ ਮੰਤਰੀ ਤੋਂ ਅਸਤੀਫਾ ਲੈਕੇ ਪਾਰਲੀਮੈਂਟ ਵਿੱਚ ਪਾਸ ਕਰਵਾ ਕੇ ਪੀੜਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ, ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਤੁਰੰਤ ਗੱਲਬਾਤ ਕਰ ਕੇ ਹੱਲ ਕੱਢਿਆ ਜਾਵੇ ਅਤੇ ਸੋਨਮ ਵਾਂਗਚੁਕ ਨੂੰ ਬਿਨਾਂ ਸ਼ਰਤ ਫੌਰੀ ਰਿਹਾਅ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸਾਥੀ ਹਰੀ ਰਾਮ ਭੱਟੀ, ਕਰਮਜੀਤ ਸਿੰਘ ਭੌਰਲਾ, ਦਲਵਾਰਾ ਸਿੰਘ ਬੌਂਦਲੀ ਨੇ ਵੀ ਸੰਬੋਧਨ ਕੀਤਾ।