- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਵਾਕਈ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਚਾਹੁੰਦੇ ਹਨ ਤਾਂ ਪਿਛਲੇ ਚਾਰ ਸਾਲਾਂ ਦਾ ਬਣਦਾ ਬਕਾਇਆ ਲਗਪਗ 48 ਹਜ਼ਾਰ ਰੁਪਏ ਵੀ ਦੇਣਾ ਬਣਦਾ ਹੈ। ਇਸ ਤੋਂ ਇਲਾਵਾ ਬਿੱਟੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮੌਜੂਦਾ ਹਾਲਾਤ ’ਤੇ ਵੀ ਚਿੰਤਾ ਜਤਾਈ।

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ : ਰੰਗਲਾ ਪੰਜਾਬ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੂਬਾ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਤੰਜ ਕੱਸਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦੇ ਜ਼ਿਲ੍ਹਾ ਦਫਤਰ, ਦੁੱਗਰੀ ਰੋਡ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਤਾਂ ਕਾਮਯਾਬ ਨਹੀਂ ਹੋ ਸਕੇ, ਪਰ ਕਿਲੋਮੀਟਰ ਸਕੀਮ ਅਧੀਨ ਚੱਲ ਰਹੀਆਂ ਬੱਸਾਂ ਦੇ ਰੰਗ ਬਦਲਣ ਵਿੱਚ ਜ਼ਰੂਰ ਸਫਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਅਜੇ ਤੱਕ ਉਹਨਾਂ ਵਿੱਚੋਂ ਬਹੁਤੇ ਵਾਅਦੇ ਪੂਰੇ ਨਹੀਂ ਹੋਏ।
ਬਿੱਟੂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੇ ਗਏ ਭਰੋਸਿਆਂ ’ਤੇ ਖਰਾ ਉਤਰਨਾ ਚਾਹੀਦਾ ਹੈ, ਨਾ ਕਿ ਕੇਵਲ ਐਲਾਨ ਕਰ ਕੇ ਵੋਟਾਂ ਦੀ ਰਾਜਨੀਤੀ ਕਰਨੀ ਚਾਹੀਦੀ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਔਰਤਾਂ ਅਤੇ ਮਾਤਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਬਿੱਟੂ ਨੇ ਕਿਹਾ ਕਿ ਇਹ ਐਲਾਨ ਵੀ ਸਿਰਫ਼ ਸਿਆਸੀ ਲਾਭ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਵਾਕਈ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਚਾਹੁੰਦੇ ਹਨ ਤਾਂ ਪਿਛਲੇ ਚਾਰ ਸਾਲਾਂ ਦਾ ਬਣਦਾ ਬਕਾਇਆ ਲਗਪਗ 48 ਹਜ਼ਾਰ ਰੁਪਏ ਵੀ ਦੇਣਾ ਬਣਦਾ ਹੈ। ਇਸ ਤੋਂ ਇਲਾਵਾ ਬਿੱਟੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮੌਜੂਦਾ ਹਾਲਾਤ ’ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸਰਕਾਰ ਨੂੰ ਇਸ ਮਸਲੇ ’ਤੇ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਦਾ ਪੰਜਾਬ ਦੌਰਾ ਸੂਬੇ ਦੀ ਰਾਜਨੀਤੀ ਲਈ ਮਹੱਤਵਪੂਰਨ ਸਾਬਤ ਹੋਵੇਗਾ।
ਬਿੱਟੂ ਦੇ ਅਨੁਸਾਰ ਇਸ ਦੌਰੇ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਭਾਜਪਾ ਦੀ ਡਬਲ ਇੰਜਨ ਸਰਕਾਰ ਦੀ ਨੀਂਹ ਰੱਖੀ ਜਾਵੇਗੀ, ਜਿਸ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਤਬਦੀਲੀ ਚਾਹੁੰਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਵਿਕਾਸ ਅਤੇ ਸੁਸ਼ਾਸਨ ਲਈ ਭਾਜਪਾ ਨੂੰ ਮਜ਼ਬੂਤ ਕਰਨ ਦਾ ਮਨ ਬਣਾ ਰਹੇ ਹਨ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਵੀ ਹਾਜਰ ਸਨ।