ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਨੂੰ ਡੀਸੀ ਦਫਤਰਾਂ ਅੱਗੇ ਧਰਨੇ ਦੇਣ ਦਾ ਫ਼ੈਸਲਾ
ਮੰਗਾਂ ਮਨਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਜੂਨ ਨੂੰ ਡੀਸੀ ਦਫਤਰਾਂ ਮੂਹਰੇ ਧਰਨੇ ਦੇਣ ਦਾ ਫੈਸਲਾ
Publish Date: Fri, 22 May 2026 08:27 PM (IST)
Updated Date: Fri, 22 May 2026 08:28 PM (IST)

- ਯੂਰੀਆ ਤੇ ਹੋਰ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ, ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਕੀਤੀ ਮੰਗ - ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐੱਮਐੱਸਪੀ ਵਿੱਚ ਕੀਤੇ ਵਾਧੇ ਨੂੰ ਨਿਗੂਣਾ ਆਖਿਆ ਗਿਆ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ, ਜਿਸ ਵਿੱਚ ਮੰਗਾਂ ਮਨਵਾਉਣ ਲਈ 2 ਜੂਨ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਰਮਿੰਦਰ ਸਿੰਘ ਪਟਿਆਲਾ, ਅੰਗਰੇਜ਼ ਸਿੰਘ ਭਦੌੜ ਅਤੇ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਨੇ ਕੀਤੀ। ਮੀਟਿੰਗ ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ, ਯੂਰੀਆ ਤੇ ਡੀਏਪੀ ਖਾਦ ਦੀ ਕਿੱਲਤ, ਡੀਜਲ ਦੀਆਂ ਵਧਾਈਆਂ ਗਈਆਂ ਕੀਮਤਾਂ, ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐੱਮਐੱਸਪੀ ਵਿੱਚ ਕੀਤਾ ਗਿਆ ਨਿਗੂਣਾ ਵਾਧਾ, ਪੰਜਾਬ ਸਰਕਾਰ ਵੱਲੋਂ ਨਵਾਂ ਹੱਦ ਕਰਜ਼ਾ ਲਾਗੂ ਨਾ ਕਰਨ ਅਤੇ ਬੈਂਕਾਂ ਵੱਲੋਂ ਨਕਦੀ ਦੇਣ ਲਈ ਖੜੀਆਂ ਕੀਤੀਆਂ ਜਾ ਰਹੀਆਂ ਰੁਕਾਵਟਾਂ ਹਟਾਈਆ ਜਾਣ ਆਦਿ ਮੰਗਾਂ ’ਤੇ ਵਿਚਾਰ ਚਰਚਾ ਹੋਈ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਇਹਨਾਂ ਅਤੇ ਹੋਰ ਮੰਗਾਂ ਸਬੰਧੀ 2 ਜੂਨ 2026 ਨੂੰ ਸਾਰੇ ਡੀਸੀ ਦਫ਼ਤਰਾਂ ’ਤੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਸੀ-2 50 ਫ਼ੀਸਦੀ ਅਨੁਸਾਰ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਵੱਲੋਂ ਏ-2 ਪਰਿਵਾਰਕ ਲੇਬਰ ਫਾਰਮੂਲੇ ਨਾਲ ਐੱਮਐੱਸਪੀ ਐਲਾਨ ਦਿੱਤੀ ਜਾਂਦੀ ਹੈ। ਇਸ ਅਨੁਸਾਰ ਵੀ ਫਸਲਾਂ ਦੀ ਖ਼ਰੀਦ ਨਹੀਂ ਕੀਤੀ ਜਾਂਦੀ। ਐੱਸਕੇਐੱਮ ਵੱਲੋਂ ਸਰਬਸੰਮਤੀ ਨਾਲ ਇਸ ਵਾਧੇ ਨੂੰ ਰੱਦ ਕਰਦਿਆਂ ਫਸਲਾਂ ਦੀ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਏ ਜਾਣ ਦੀ ਮੰਗ ਕੀਤੀ। ਐੱਸਕੇਐੱਮ ਨੇ ਕਿਹਾ ਕਿ ਫਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਨਾ ਹੋਣ ਕਾਰਨ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਇਸ ਲਈ ਸਮੁੱਚੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ 58 ਸਾਲ ਦੀ ਉਮਰ ਹੋਣ ਤੇ ਕਿਸਾਨਾਂ ਮਜ਼ਦੂਰਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਐੱਸਕੇਐੱਮ ਨੇ ਬੀਜ ਬਿੱਲ ਅਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਦਿਆਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਪਿਛਲੇ ਸਮੇਂ ਵਿੱਚ ਜਾਰੀ ਕੀਤੇ ਗਏ ਡਿਮਾਂਡ ਨੋਟਿਸਾਂ ਦੀ ਮਿਆਦ ਵਧਾ ਕੇ ਮੋਟਰ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਨੇ ਮਿਲਕਫੈੱਡ ਅਤੇ ਕੈਟਲਫੀਡ ਵਰਕਰਾਂ ਵੱਲੋਂ ਪੱਕੇ ਹੋਣ ਲਈ ਕੀਤੇ ਜਾ ਰਹੇ ਸੰਘਰਸ਼ ਅਤੇ ਮਜ਼ਦੂਰਾਂ ਮੁਲਾਜ਼ਮਾਂ ਵੱਲੋਂ ਲੜੇ ਜਾ ਰਹੇ ਹੋਰ ਸੰਘਰਸ਼ਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਕੱਚੀਆਂ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਮੁਕੇਸ਼ ਚੰਦਰ ਸ਼ਰਮਾ, ਬਲਦੇਵ ਸਿੰਘ ਨਿਹਾਲਗੜ੍ਹ, ਹਰਭਜਨ ਸਿੰਘ ਬੁੱਟਰ, ਕੰਵਲਪ੍ਰੀਤ ਸਿੰਘ ਪੰਨੂ, ਰੁਲਦੂ ਸਿੰਘ ਮਾਨਸਾ, ਡਾ. ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਪ੍ਰੇਮ ਸਿੰਘ ਭੰਗੂ, ਮੇਜਰ ਸਿੰਘ ਭਿੱਖੀ ਵਿੰਡ, ਲਖਨਪਾਲ ਸ਼ਰਮਾ, ਗੁਰਵਿੰਦਰ ਸਿੰਘ, ਵੀਰ ਸਿੰਘ ਬੜਵਾ, ਬਲਵਿੰਦਰ ਸਿੰਘ ਰਾਜੂ, ਗੁਰਤੇਜ ਸਿੰਘ ਬੱਲ੍ਹੋਂ, ਸੁਖਦੇਵ ਸਿੰਘ ਅਰਾਈਆਂਵਾਲਾ, ਨਛੱਤਰ ਸਿੰਘ ਜੈਤੋ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਗੁਰਨਾਮ ਸਿੰਘ ਭੀਖੀ, ਝੰਡਾ ਸਿੰਘ ਜੇਠੂ ਕੇ, ਰਘਬੀਰ ਸਿੰਘ ਬੈਨੀਪਾਲ, ਬਲਕਰਨ ਸਿੰਘ ਬਰਾੜ, ਬਲਦੇਵ ਸਿੰਘ ਲਤਾਲਾ ਅਤੇ ਗੁਰਮੀਤ ਸਿੰਘ ਮਹਿਮਾ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।