Vigilance Action : ਲੁਧਿਆਣਾ 'ਚ 15,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਚੌਕੀ ਇੰਚਾਰਜ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਮੁਤਾਬਕ ਕਾਬੂ ਗਿਆ ਮੁਲਜ਼ਮ ਥਾਣਾ ਪੀਏਯੂ ਦੇ ਅਧੀਨ ਆਉਂਦੀ ਚੌਕੀ ਕਿਚਨੂ ਨਗਰ ਦਾ ਇੰਚਾਰਜ ਏਐੱਸਆਈ ਲਖਵਿੰਦਰ ਸਿੰਘ ਹੈ।
Publish Date: Sun, 29 Mar 2026 08:09 PM (IST)
Updated Date: Sun, 29 Mar 2026 08:11 PM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ : ਵਿਜੀਲੈਂਸ ਬਿਊਰੋ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਚੌਕੀ ਇੰਚਾਰਜ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਮੁਤਾਬਕ ਕਾਬੂ ਗਿਆ ਮੁਲਜ਼ਮ ਥਾਣਾ ਪੀਏਯੂ ਦੇ ਅਧੀਨ ਆਉਂਦੀ ਚੌਕੀ ਕਿਚਨੂ ਨਗਰ ਦਾ ਇੰਚਾਰਜ ਏਐੱਸਆਈ ਲਖਵਿੰਦਰ ਸਿੰਘ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਾਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐੱਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐੱਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਸ਼ਿਕਾਇਤਕਰਤਾ ਨੇ ਗ਼ੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ।