ਨਿਹੰਗ ਫਤਹਿਵੀਰ ਸਿੰਘ ਦੇ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ, ਨਿਹੰਗ ਸਿੰਘਾਂ ਨੇ ਫਿਰੋਜ਼ਪੁਰ ਰੋਡ ਕੀਤਾ ਜਾਮ ਤਿੰਨ ਸਾਲ ਪਹਿਲਾਂ ਨਿਹੰਗ ਸਿੰਘ ਫਤਿਹਵੀਰ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ ’ਚ ਇਨਸਾਫ ਦੀ ਮੰਗ ਕਰਦੇ ਹੋਏ ਸੋਮਵਾਰ ਸਵੇਰੇ ਨਿਹੰਗ ਸਿੰਘਾਂ ਨੇ ਡੀਸੀ ਦਫ਼ਤਰ ਦੇ ਬਾਹਰ ਫਿਰੋਜ਼ਪੁਰ ਰੋਡ ਨੂੰ ਦੋਵੇਂ ਪਾਸਿਆਂ ਤੋਂ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀ ਸਵੇਰੇ ਕਰੀਬ 10 ਵਜੇ ਸੜਕ ਦੇ ਵਿਚਕਾਰ ਧਰਨੇ ’ਤੇ ਬੈਠ ਗਏ, ਜਿਸ ਕਾਰਨ ਦੋਵੇਂ ਪਾਸਿਆਂ ਦਾ ਟ੍ਰੈਫਿਕ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
Publish Date: Mon, 13 Jul 2026 12:54 PM (IST)
Updated Date: Mon, 13 Jul 2026 01:00 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਤਿੰਨ ਸਾਲ ਪਹਿਲਾਂ ਨਿਹੰਗ ਸਿੰਘ ਫਤਿਹਵੀਰ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ ’ਚ ਇਨਸਾਫ ਦੀ ਮੰਗ ਕਰਦੇ ਹੋਏ ਸੋਮਵਾਰ ਸਵੇਰੇ ਨਿਹੰਗ ਸਿੰਘਾਂ ਨੇ ਡੀਸੀ ਦਫ਼ਤਰ ਦੇ ਬਾਹਰ ਫਿਰੋਜ਼ਪੁਰ ਰੋਡ ਨੂੰ ਦੋਵੇਂ ਪਾਸਿਆਂ ਤੋਂ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀ ਸਵੇਰੇ ਕਰੀਬ 10 ਵਜੇ ਸੜਕ ਦੇ ਵਿਚਕਾਰ ਧਰਨੇ ’ਤੇ ਬੈਠ ਗਏ, ਜਿਸ ਕਾਰਨ ਦੋਵੇਂ ਪਾਸਿਆਂ ਦਾ ਟ੍ਰੈਫਿਕ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਧਰਨੇ ’ਤੇ ਬੈਠੇ ਨਿਹੰਗ ਸਿੰਘਾਂ ਦਾ ਦੋਸ਼ ਹੈ ਕਿ ਕਰੀਬ ਤਿੰਨ ਸਾਲ ਪਹਿਲਾਂ ਨਿਹੰਗ ਫਤਹਵੀਰ ਸਿੰਘ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਮਾਮਲੇ ’ਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕੇਸ ਦੇ ਦੋਸ਼ੀ ਅੱਜ ਵੀ ਖੁੱਲ੍ਹੇਆਮ ਘੁੰਮ ਰਹੇ ਹਨ, ਜਿਸ ਕਾਰਨ ਇਨਸਾਫ਼ ਦੀ ਉਮੀਦ ਲਗਾਤਾਰ ਧੁੰਦਲੀ ਹੁੰਦੀ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੁਲਿਸ ਅਤੇ ਪ੍ਰਸ਼ਾਸਨ ਦੇ ਦਰਵਾਜ਼ੇ ਖੜਕਾ ਕੇ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੇ ਅਨੁਸਾਰ, ਪ੍ਰਸ਼ਾਸਨ ਦੇ ਇਸ ਰਵੱਈਏ ਕਾਰਨ ਹੀ ਉਹ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ।
ਨਿਹੰਗ ਸਿੰਘਾਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਪੁਲਿਸ ਵੱਲੋਂ ਮਾਮਲੇ ’ਚ ਠੋਸ ਕਾਰਵਾਈ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਅਤੇ ਫਤਹਵੀਰ ਸਿੰਘ ਹੱਤਿਆ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਤਦ ਤੱਕ ਉਨ੍ਹਾਂ ਦਾ ਧਰਨਾ ਅਤੇ ਚੱਕਾ ਜਾਮ ਜਾਰੀ ਰਹੇਗਾ।
ਇਸ ਦੌਰਾਨ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਰੋਡ ’ਤੇ ਡੀਸੀ ਦਫ਼ਤਰ ਦੇ ਨੇੜੇ ਆਉਣ-ਜਾਣ ਵਾਲੇ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਬਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।