ਮੌਸਮੀ ਬਦਲਾਅ ਤੇ ਮੀਂਹ ਦੀ ਚਿਤਾਵਨੀ, ਜਾਣੋ ਝੋਨੇ ਦੀ ਕਟਾਈ ਤੇ ਕਣਕ ਦੀ ਬਿਜਾਈ 'ਤੇ ਕੀ ਪਵੇਗਾ ਅਸਰ ਪੰਜਾਬ ਵਿੱਚ ਬੇਮੌਸਮੀ ਮੀਂਹ ਨੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਅਤੇ ਮੰਡੀਆਂ ਵਿੱਚ ਪਏ ਝੋਨੇ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਕਾਰਨ ਝੋਨੇ ਦੀ ਵਢਾਈ ਤੇ ਕਣਕ ਦੀ ਬਿਜਾਈ ਪਛੜਨ ਦਾ ਖ਼ਦਸ਼ਾ ਹੈ। ਹਾਲਾਂਕਿ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਮੁਤਾਬਕ ਝੋਨੇ ਦੀ ਵਢਾਈ ਵਿੱਚ ਕੁਝ ਦੇਰੀ ਨਾਲ ਕਣਕ ਦੀ ਬਿਜਾਈ ’ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਮੁੱਖ ਸਮਾਂ ਨਵੰਬਰ ਹੈ, ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ।
Publish Date: Tue, 13 Oct 2026 09:26 AM (IST)
Updated Date: Tue, 13 Oct 2026 09:27 AM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ - ਪੰਜਾਬ ਵਿੱਚ ਬੇਮੌਸਮੀ ਮੀਂਹ ਨੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਅਤੇ ਮੰਡੀਆਂ ਵਿੱਚ ਪਏ ਝੋਨੇ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਕਾਰਨ ਝੋਨੇ ਦੀ ਵਢਾਈ ਤੇ ਕਣਕ ਦੀ ਬਿਜਾਈ ਪਛੜਨ ਦਾ ਖ਼ਦਸ਼ਾ ਹੈ। ਹਾਲਾਂਕਿ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਮੁਤਾਬਕ ਝੋਨੇ ਦੀ ਵਢਾਈ ਵਿੱਚ ਕੁਝ ਦੇਰੀ ਨਾਲ ਕਣਕ ਦੀ ਬਿਜਾਈ ’ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਮੁੱਖ ਸਮਾਂ ਨਵੰਬਰ ਹੈ, ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ।
ਮੌਸਮ ਵਿਭਾਗ ਨੇ 13, 14 ਤੇ 15 ਅਕਤੂਬਰ ਨੂੰ ਤੇਜ਼ ਹਵਾਵਾਂ, ਗਰਜ-ਚਮਕ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਕਿਸਾਨਾਂ ਨੂੰ ਪੱਕੀ ਫ਼ਸਲ ਦੀ ਸੰਭਾਲ ਅਤੇ ਮੰਡੀਆਂ ਵਿੱਚ ਖੁੱਲ੍ਹੇ ਪਏ ਝੋਨੇ ਨੂੰ ਮੀਂਹ ਤੋਂ ਬਚਾਉਣ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਲੋੜ ਹੈ।
ਕਿਸਾਨ ਗੁਰਦੀਪ ਸਿੰਘ ਨੇ ਮੰਡੀਆਂ ਵਿੱਚ ਝੋਨੇ ਦੇ ਨੁਕਸਾਨ ਲਈ ਸਰਕਾਰੀ ਖਰੀਦ ਵਿੱਚ ਦੇਰੀ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਝੋਨੇ ਦੀ ਵਢਾਈ 20 ਸਤੰਬਰ ਤੋਂ ਸ਼ੁਰੂ ਹੋ ਗਈ ਸੀ ਅਤੇ ਕਈ ਕਿਸਾਨਾਂ ਦੀ ਫ਼ਸਲ ਉਸੇ ਮਹੀਨੇ ਪੱਕ ਗਈ ਸੀ। ਉਨ੍ਹਾਂ ਮੁਤਾਬਕ ਖੇਤਾਂ ਵਿੱਚ ਖੜ੍ਹੀ ਫ਼ਸਲ ਦਾ ਬਹੁਤਾ ਨੁਕਸਾਨ ਨਹੀਂ ਹੋਇਆ, ਪਰ ਮੰਡੀਆਂ ਵਿੱਚ ਪਏ ਝੋਨੇ ਨੂੰ ਮੀਂਹ ਦੀ ਮਾਰ ਝੱਲਣੀ ਪਈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸਰਕਾਰੀ ਖਰੀਦ 16 ਸਤੰਬਰ ਨੂੰ ਸ਼ੁਰੂ ਹੋਈ ਸੀ, ਜਦਕਿ ਇਸ ਵਾਰ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਆਈਆਂ।