ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਓਂ ਵਿਚ ਅੱਜ ਹੜਤਾਲ ਦੇ ਬਾਵਜੂਦ ਕਣਕ ਦੀ ਖ਼ਰੀਦ ਸ਼ੁਰੂ ਹੋਈ। ਆੜ੍ਹਤੀਆਂ ਦੇ ਇੱਕ ਧੜੇ ਵੱਲੋਂ ਖ਼ਰੀਦ ਸ਼ੁਰੂ ਕਰਵਾਉਣ ’ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੰਡੀ ਪਹੁੰਚ ਕੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਜਗਰਾਓਂ ਦੀਆਂ ਮੰਡੀਆਂ ਵਿਚ ਖ਼ਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ।

ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਓਂ ਵਿਚ ਅੱਜ ਹੜਤਾਲ ਦੇ ਬਾਵਜੂਦ ਕਣਕ ਦੀ ਖ਼ਰੀਦ ਸ਼ੁਰੂ ਹੋਈ। ਆੜ੍ਹਤੀਆਂ ਦੇ ਇੱਕ ਧੜੇ ਵੱਲੋਂ ਖ਼ਰੀਦ ਸ਼ੁਰੂ ਕਰਵਾਉਣ ’ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੰਡੀ ਪਹੁੰਚ ਕੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਜਗਰਾਓਂ ਦੀਆਂ ਮੰਡੀਆਂ ਵਿਚ ਖ਼ਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀ ਪਹੁੰਚਦੇ ਹੀ ਕਿਸਾਨਾਂ ਦੀ ਫ਼ਸਲ ਦਾ ਦਾਣਾ- ਦਾਣਾ ਖ਼ਰੀਦਣ ਦੇ ਨਾਲ ਹੀ ਉਸਦੀ ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ।
ਮੰਗਲਵਾਰ ਨੂੰ ਮੰਡੀ ਵਿੱਚ ਕਣਕ ਦੀ ਫਸਲ ਲੈ ਕੇ ਪਹੁੰਚੇ ਪਿੰਡ ਰਾਊਵਾਲ ਦੇ ਕਿਸਾਨ ਰਵਿੰਦਰ ਸਿੰਘ ਦੀ ਫਸਲ ਦੀ ਖ਼ਰੀਦ ‘ਜਿਮੀਂਦਾਰ ਟਰੇਡਰਜ਼’ (ਆੜ੍ਹਤੀ) ਰਾਹੀਂ ਸਰਕਾਰੀ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਗਈ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸਰਕਾਰ ਹਰ ਸਾਲ ਦੀ ਤਰ੍ਹਾਂ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ। ਅਨੇਕਾਂ ਮੰਡੀਆਂ ਵਿਚ ਖ਼ਰੀਦ ਜ਼ੋਰਾਂ ’ਤੇ ਸ਼ੁਰੂ ਹੋ ਚੁੱਕੀ ਹੈ। ਅੱਜ ਜਗਰਾਓਂ ਮੰਡੀ ਵਿਚ ਵੀ ਖ਼ਰੀਦ ਦਾ ਆਗਾਜ਼ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕਣਕ ਵੇਚਣ ਵਿਚ ਕਿਸੇ ਤਰ੍ਹਾਂ ਦੀ ਕੋਈ ਔਕੜ ਨਾ ਆਵੇ, ਲਈ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖ਼ਰੀਦ ਏਜੰਸੀਆਂ ਜਿੱਥੇ ਖ਼ਰੀਦ ਪ੍ਰਬੰਧਾਂ ਵਿਚ ਲੱਗ ਗਈਆਂ ਹਨ, ਉਥੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਇਸ ਪੂਰੀ ਪ੍ਰਕਿਰਿਆ ’ਤੇ ਨਜ਼ਰ ਰੱਖੇ ਹੋਏ ਹਨ।
ਜਗਰਾਓਂ ਦੇ ਏਐੱਫਐੱਸਓ ਬੇਅੰਤ ਸਿੰਘ ਨੇ ਕਿਹਾ ਕਿ ਕਣਕ ਦੇ ਮੌਜੂਦਾ ਸੀਜਨ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਏਜੇਂਸੀਆਂ ਵੱਲੋਂ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਬਾਰਦਾਨੇ ਜਾਂ ਹੋਰ ਜ਼ਰੂਰੀ ਸਮੱਗਰੀ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪ੍ਰੋ: ਸੁਖਵਿੰਦਰ ਸਿੰਘ ‘ਸੁੱਖੀ’, ਚੇਅਰਮੈਨ ਸੁਰਜੀਤ ਸਿੰਘ ਕਲੇਰ, ਜਸਪਾਲ ਸਿੰਘ, ਮਾਰਕਫੈਡ ਦੇ ਮੈਨੇਜਰ ਜਸਵੰਤ ਸਿੰਘ, ਪਨਸਪ ਦੇ ਮੈਨੇਜਰ ਹਰਪ੍ਰੀਤ ਸਿੰਘ, ਵੇਅਰਹਾਊਸ ਦੇ ਵਿਜੇ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ ਅਤੇ ਲੇਖਾਕਾਰ ਰਵਿੰਦਰ ਪੱਬੀ ਵੀ ਮੌਜੂਦ ਸਨ।