ਔਰਤ ਦੇ ਗਿਰੋਹ ਦਾ ਪਰਦਾਫਾਸ਼, ਚੋਰੀ ਦੇ 8 ਮੋਬਾਈਲਾਂ ਸਣੇ ਚਾਰ ਕਾਬੂ; ਹੋ ਸਕਦੇ ਨੇ ਵੱਡੇ ਖੁਲਾਸੇ
ਜਾਣਕਾਰੀ ਮੁਤਾਬਕ, ਤਫਤੀਸ਼ੀ ਅਫਸਰ ਜਗਦੀਸ਼ ਕੁਮਾਰ ਪੁਲਿਸ ਪਾਰਟੀ ਸਮੇਤ ਜਸ਼ਨ ਸਿਟੀ ਲੁਧਿਆਣਾ ਦੇ ਨੇੜੇ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਖਬਰ ਤੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
Publish Date: Sun, 23 Aug 2026 12:24 PM (IST)
Updated Date: Sun, 23 Aug 2026 12:31 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਵੱਖ-ਵੱਖ ਮਾਰਕਾ ਕੰਪਨੀਆਂ ਦੇ ਚੋਰੀਸ਼ੁਦਾ ਅੱਠ ਮੋਬਾਇਲ ਫੋਨ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਸ ਗਿਰੋਹ ਦੀ ਅਗਵਾਈ ਇੱਕ ਔਰਤ ਵੱਲੋਂ ਕੀਤੀ ਜਾ ਰਹੀ ਸੀ, ਜੋ ਆਪਣੇ ਸਾਥੀਆਂ ਨਾਲ ਮਿਲ ਕੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੀ ਸੀ।
ਜਾਣਕਾਰੀ ਮੁਤਾਬਕ, ਤਫਤੀਸ਼ੀ ਅਫਸਰ ਜਗਦੀਸ਼ ਕੁਮਾਰ ਪੁਲਿਸ ਪਾਰਟੀ ਸਮੇਤ ਜਸ਼ਨ ਸਿਟੀ ਲੁਧਿਆਣਾ ਦੇ ਨੇੜੇ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਖਬਰ ਤੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਮਮਤਾ ਪਤਨੀ ਸ਼ਿਵ ਕੁਮਾਰ ਵਾਸੀ ਪਿੰਡ ਨੀਚੀ ਮੰਗਲੀ, ਹਾਲ ਵਾਸੀ ਜਸ਼ਨ ਸਿਟੀ, ਵਿਕਰਮਜੀਤ ਸਿੰਘ ਉਰਫ਼ ਬਿੱਕੀ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਕੋਹਾੜਾ, ਵਿਜੈ ਕੁਮਾਰ ਉਰਫ਼ ਲੱਕੀ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਨੀਚੀ ਮੰਗਲੀ, ਹਾਲ ਵਾਸੀ ਜਸ਼ਨ ਸਿਟੀ ਅਤੇ ਅਮਨਦੀਪ ਸਿੰਘ ਉਰਫ਼ ਵਿੱਕੀ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੀਰਾ, ਥਾਣਾ ਕੁੰਮ ਕਲਾਂ, ਲੁਧਿਆਣਾ ਵਜੋਂ ਹੋਈ ਹੈ।
ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਅਤੇ ਬਰਾਮਦਗੀ ਤੋਂ ਬਾਅਦ ਮਾਮਲੇ ਦੀ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ। ਤਫਤੀਸ਼ੀ ਅਫਸਰ ਨੇ ਦੱਸਿਆ ਕਿ ਸਾਰੇ ਮੁਲਜ਼ਮ ਕੋਹਾੜਾ ਦੇ ਨੇੜਲੇ ਇਲਾਕੇ ਵਿੱਚ ਰਹਿੰਦੇ ਹਨ ਅਤੇ ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਗਿਰੋਹ ਨੇ ਹੁਣ ਤੱਕ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਬਰਾਮਦ ਕੀਤੇ ਮੋਬਾਇਲ ਫੋਨ ਕਿੱਥੋਂ ਚੋਰੀ ਕੀਤੇ ਗਏ ਸਨ।
ਮੁਲਜ਼ਮਾਂ ਨੂੰ ਸ਼ਨਿਚਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਵੱਲੋਂ ਉਨ੍ਹਾਂ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਗਿਰੋਹ ਵੱਲੋਂ ਕੀਤੀਆਂ ਹੋਰ ਵਾਰਦਾਤਾਂ, ਚੋਰੀ ਦਾ ਸਮਾਨ ਖਰੀਦਣ ਜਾਂ ਵੇਚਣ ਵਾਲੇ ਲੋਕਾਂ ਅਤੇ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਅਹਿਮ ਜਾਣਕਾਰੀ ਸਾਹਮਣੇ ਆ ਸਕਦੀ ਹੈ।
ਹਿਮਾਚਲ ਦੀ ਜੇਲ੍ਹ ’ਚ ਬੰਦ ਹੈ ਔਰਤ ਦਾ ਪਤੀ
ਜਾਂਚ ਅਧਿਕਾਰੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਔਰਤ ਦਾ ਪਤੀ ਇੱਕ ਮਾਮਲੇ ਵਿੱਚ ਪਹਿਲਾਂ ਤੋਂ ਹੀ ਹਿਮਾਚਲ ਦੀ ਜੇਲ੍ਹ ਵਿੱਚ ਬੰਦ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਗਿਰੋਹ ਆਦਤਨ ਅਪਰਾਧੀ ਹੈ ਅਤੇ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।