- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀੜਤਾ ਮੁਤਾਬਕ ਮੁਲਜ਼ਮ ਨੇ ਇਸ ਘਟਨਾ ਦੌਰਾਨ ਮੋਬਾਈਲ ਫੋਨ ਨਾਲ ਉਸਦੀ ਅਸ਼ਲੀਲ ਵੀਡੀਓ ਵੀ ਬਣਾ ਲਈ। ਇਸ ਵੀਡੀਓ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਮੁਲਜ਼ਮ ਨੇ ਕਥਿਤ ਤੌਰ ’ਤੇ ਉਸਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਔਰਤ ਦਾ ਦੋਸ਼ ਹੈ ਕਿ ਮੁਲਜ਼ਮ ਨੇ ਬਾਅਦ ਵਿੱਚ ਵੀ ਕਈ ਵਾਰ ਉਸ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਏ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ: ਇੱਕ ਔਰਤ ਨੂੰ ਨਸ਼ੀਲਾ ਪਦਾਰਥ ਪਿਆ ਕੇ ਉਸ ਨਾਲ ਜਬਰ-ਜਨਾਹ ਕਰਨ ਅਤੇ ਇਸ ਦੌਰਾਨ ਬਣਾਈ ਗਈ ਵੀਡੀਓ ਨੂੰ ਵਾਇਰਲ ਕਰ ਦੇਣ ਦੀ ਧਮਕੀ ਦੇਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸਨੂੰ ਬਲੈਕਮੇਲ ਕਰਦਾ ਰਿਹਾ ਅਤੇ ਉਸਦੇ ਪਰਿਵਾਰ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਇਸ ਸਬੰਧੀ ਥਾਣਾ ਡੇਹਲੋਂ ਦੀ ਪੁਲਿਸ ਨੇ ਕੋਟ ਮੰਗਲ ਸਿੰਘ ਦੇ ਰਹਿਣ ਵਾਲੇ ਕਮਲਜੀਤ ਸਿੰਘ ਉਰਫ਼ ਰਾਜੂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64(1) ਅਤੇ 351(2) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ।
ਪੀੜਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਪਰਿਵਾਰ ਵਿੱਚ ਆਉਂਦਾ-ਜਾਂਦਾ ਸੀ ਅਤੇ ਇਸੇ ਦੌਰਾਨ ਉਸ ਨੇ ਔਰਤ ਦਾ ਭਰੋਸਾ ਜਿੱਤ ਲਿਆ। ਸ਼ਿਕਾਇਤ ਅਨੁਸਾਰ ਨਵੰਬਰ 2024 ਵਿੱਚ ਮੁਲਜ਼ਮ ਨੇ ਸਾਜ਼ਿਸ਼ ਤਹਿਤ ਔਰਤ ਦੇ ਪਤੀ, ਸਹੁਰੇ ਅਤੇ ਸੱਸ ਨੂੰ ਨਵੀਂ ਜਾਇਦਾਦ ਦਿਖਾਉਣ ਦੇ ਬਹਾਨੇ ਘਰ ਤੋਂ ਬਾਹਰ ਭੇਜ ਦਿੱਤਾ।
ਪਰਿਵਾਰਕ ਮੈਂਬਰਾਂ ਦੇ ਘਰੋਂ ਜਾਣ ਮਗਰੋਂ ਮੁਲਜ਼ਮ ਕਥਿਤ ਤੌਰ ’ਤੇ ਕੋਲਡ ਡਰਿੰਕ ਲੈ ਕੇ ਆਇਆ। ਔਰਤ ਨੇ ਦੋਸ਼ ਲਾਇਆ ਕਿ ਕੋਲਡ ਡਰਿੰਕ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਉਸਨੂੰ ਪਿਲਾਇਆ ਗਿਆ। ਮੁਲਜ਼ਮ ਨੇ ਬੇਹੋਸ਼ੀ ਦੀ ਹਾਲਤ ਦਾ ਫਾਇਦਾ ਚੁੱਕਦਿਆਂ ਉਸ ਨਾਲ ਜਬਰ-ਜਨਾਹ ਕੀਤਾ।
ਪੀੜਤਾ ਮੁਤਾਬਕ ਮੁਲਜ਼ਮ ਨੇ ਇਸ ਘਟਨਾ ਦੌਰਾਨ ਮੋਬਾਈਲ ਫੋਨ ਨਾਲ ਉਸਦੀ ਅਸ਼ਲੀਲ ਵੀਡੀਓ ਵੀ ਬਣਾ ਲਈ। ਇਸ ਵੀਡੀਓ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਮੁਲਜ਼ਮ ਨੇ ਕਥਿਤ ਤੌਰ ’ਤੇ ਉਸਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਔਰਤ ਦਾ ਦੋਸ਼ ਹੈ ਕਿ ਮੁਲਜ਼ਮ ਨੇ ਬਾਅਦ ਵਿੱਚ ਵੀ ਕਈ ਵਾਰ ਉਸ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਏ।
ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮ ਉਸਨੂੰ ਵੀਡੀਓ ਜਨਤਕ ਕਰਨ, ਉਸਦੇ ਪਰਿਵਾਰ ਦੀ ਬਦਨਾਮੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ। ਲਗਾਤਾਰ ਧਮਕੀਆਂ ਤੋਂ ਪਰੇਸ਼ਾਨ ਹੋ ਕੇ ਔਰਤ ਨੇ ਪੁਲਿਸ ਕੋਲ ਪਹੁੰਚ ਕੀਤੀ।
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਵੱਲੋਂ ਪੀੜਤਾ ਵੱਲੋਂ ਲਗਾਏ ਗਏ ਦੋਸ਼ਾਂ, ਵੀਡੀਓ ਅਤੇ ਹੋਰ ਸਬੰਧਤ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।