ਔਰਤ ਚਲਾ ਰਹੀ ਸੀ ਚੋਰਾਂ ਦਾ ਗਿਰੋਹ : ਪੁਲਿਸ ਨੇ ਮਹਿਲਾ ਸਰਗਨਾ ਸਮੇਤ 4 ਚੋਰੀ ਦੇ 8 ਮੋਬਾਈਲਾਂ ਨਾਲ ਕੀਤੇ ਗ੍ਰਿਫ਼ਤਾਰ
ਤਫਤੀਸ਼ੀ ਅਫਸਰ ਜਗਦੀਸ਼ ਕੁਮਾਰ ਪੁਲਿਸ ਪਾਰਟੀ ਸਮੇਤ ਜਸ਼ਨ ਸਿਟੀ ਲੁਧਿਆਣਾ ਦੇ ਨੇੜੇ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਖਬਰ ਖਾਸ ਤੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
Publish Date: Sat, 22 Aug 2026 12:27 PM (IST)
Updated Date: Sat, 22 Aug 2026 12:32 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਮਾਰਕਾ ਕੰਪਨੀਆਂ ਦੇ ਚੋਰੀਸ਼ੁਦਾ ਅੱਠ ਮੋਬਾਇਲ ਫੋਨ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਸ ਗਿਰੋਹ ਦੀ ਅਗਵਾਈ ਇੱਕ ਔਰਤ ਵੱਲੋਂ ਕੀਤੀ ਜਾ ਰਹੀ ਸੀ, ਜੋ ਆਪਣੇ ਸਾਥੀਆਂ ਨਾਲ ਮਿਲ ਕੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੀ ਸੀ।
ਤਫਤੀਸ਼ੀ ਅਫਸਰ ਜਗਦੀਸ਼ ਕੁਮਾਰ ਪੁਲਿਸ ਪਾਰਟੀ ਸਮੇਤ ਜਸ਼ਨ ਸਿਟੀ ਲੁਧਿਆਣਾ ਦੇ ਨੇੜੇ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਖਬਰ ਖਾਸ ਤੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਮਮਤਾ ਪਤਨੀ ਸ਼ਿਵ ਕੁਮਾਰ ਉਰਫ਼ ਸਿਬੂ, ਵਾਸੀ ਪਿੰਡ ਨੀਚੀ ਮੰਗਲੀ, ਹਾਲ ਵਾਸੀ ਜਸ਼ਨ ਸਿਟੀ , ਵਿਕਰਮਜੀਤ ਸਿੰਘ ਉਰਫ਼ ਬਿੱਕੀ ਪੁੱਤਰ ਜਗਦੇਵ ਸਿੰਘ, ਵਾਸੀ ਪਿੰਡ ਕੋਹਾੜਾ, ਵਿਜੈ ਕੁਮਾਰ ਉਰਫ਼ ਲੱਕੀ ਪੁੱਤਰ ਰਾਜ ਕੁਮਾਰ, ਵਾਸੀ ਪਿੰਡ ਨੀਚੀ ਮੰਗਲੀ, ਹਾਲ ਵਾਸੀ ਜਸ਼ਨ ਸਿਟੀ ਅਤੇ ਅਮਨਦੀਪ ਸਿੰਘ ਉਰਫ਼ ਵਿੱਕੀ ਪੁੱਤਰ ਮਹਿੰਦਰ ਸਿੰਘ, ਵਾਸੀ ਪਿੰਡ ਹੀਰਾ, ਥਾਣਾ ਕੁੰਮ ਕਲਾਂ, ਲੁਧਿਆਣਾ ਵਜੋਂ ਹੋਈ ਹੈ।
ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਅਤੇ ਬਰਾਮਦਗੀ ਤੋਂ ਬਾਅਦ ਮਾਮਲੇ ਦੀ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ। ਤਫਤੀਸ਼ੀ ਅਫਸਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਸਾਰੇ ਮੁਲਜ਼ਮ ਕੋਹਾੜਾ ਦੇ ਨੇੜਲੇ ਇਲਾਕੇ ਵਿੱਚ ਰਹਿੰਦੇ ਹਨ ਅਤੇ ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਗਿਰੋਹ ਨੇ ਹੁਣ ਤੱਕ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਬਰਾਮਦ ਕੀਤੇ ਮੋਬਾਇਲ ਫੋਨ ਕਿੱਥੋਂ ਚੋਰੀ ਕੀਤੇ ਗਏ ਸਨ।
ਪੁਲਿਸ ਅਨੁਸਾਰ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਮੁਲਜ਼ਮਾਂ ਨੂੰ ਸ਼ਨਿਚਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਵੱਲੋਂ ਉਨ੍ਹਾਂ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਗਿਰੋਹ ਵੱਲੋਂ ਕੀਤੀਆਂ ਹੋਰ ਵਾਰਦਾਤਾਂ, ਚੋਰੀ ਦਾ ਸਮਾਨ ਖਰੀਦਣ ਜਾਂ ਵੇਚਣ ਵਾਲੇ ਲੋਕਾਂ ਅਤੇ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਅਹਿਮ ਜਾਣਕਾਰੀ ਸਾਹਮਣੇ ਆ ਸਕਦੀ ਹੈ।
ਇਸ ਮਾਮਲੇ ਸਬੰਧੀ ਥਾਣਾ ਕੁੰਮ ਕਲਾਂ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਹਿਮਾਚਲ ਦੀ ਜੇਲ੍ਹ 'ਚ ਬੰਦ ਹੈ ਮਹਿਲਾ ਦਾ ਪਤੀ
ਜਾਂਚ ਅਧਿਕਾਰੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਮੁਢਲੀ ਤਫਤੀਸ਼ ਦੇ ਦੌਰਾਨ ਸਾਹਮਣੇ ਆਇਆ ਕਿ ਮਹਿਲਾ ਦਾ ਪਤੀ ਇੱਕ ਮਾਮਲੇ ਵਿੱਚ ਪਹਿਲੋਂ ਤੋਂ ਹੀ ਹਿਮਾਚਲ ਦੀ ਜੇਲ ਵਿੱਚ ਬੰਦ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਗਿਰੋਹ ਆਦਤਨ ਅਪਰਾਧੀ ਹੈ ਅਤੇ ਰਿਮਾਂਡ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।