ਢਾਈ ਸਾਲ ਪਹਿਲਾਂ ਹੋਇਆ ਸੀ ਦੂਜਾ ਵਿਆਹ, ਪਤੀ ਦੇ ਤਸ਼ੱਦਦ ਤੋਂ ਅੱਕੀ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ; DMC 'ਚ ਇਲਾਜ ਦੌਰਾਨ ਮੌਤ
ਮ੍ਰਿਤਕਾ ਦੀ ਪਛਾਣ ਰੀਤੂ ਖੰਨਾ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ’ਚ ਰੀਤੂ ਦੇ ਭਰਾ ਜਮਾਲਪੁਰ ਦੇ ਵਾਸੀ ਪਵਨ ਸਾਹਨੀ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਰੀਤੂ ਦਾ ਕਰੀਬ ਢਾਈ ਸਾਲ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਸਲੇਮ ਟਾਬਰੀ ਦੇ ਰਹਿਣ ਵਾਲੇ ਸੰਦੀਪ ਖੰਨਾ ਨਾਲ ਹੋਇਆ ਸੀ।
Publish Date: Fri, 18 Sep 2026 12:15 PM (IST)
Updated Date: Fri, 18 Sep 2026 12:19 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਦਹੇਜ ਦੀ ਨਜਾਇਜ਼ ਮੰਗ ਅਤੇ ਪਤੀ ਦੀ ਪ੍ਰਤਾੜਨਾ ਤੋਂ ਪਰੇਸ਼ਾਨ ਹੋਈ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਲਈ। ਗੰਭੀਰ ਹਾਲਤ ’ਚ ਪਰਿਵਾਰਕ ਮੈਂਬਰਾਂ ਨੇ ਉਸਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਦਾਖਲ ਕਰਵਾਇਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ’ਚ ਸਲੇਮ ਟਾਬਰੀ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਖ਼ਿਲਾਫ਼ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਦੀ ਪਛਾਣ ਰੀਤੂ ਖੰਨਾ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ’ਚ ਰੀਤੂ ਦੇ ਭਰਾ ਜਮਾਲਪੁਰ ਦੇ ਵਾਸੀ ਪਵਨ ਸਾਹਨੀ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਰੀਤੂ ਦਾ ਕਰੀਬ ਢਾਈ ਸਾਲ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਸਲੇਮ ਟਾਬਰੀ ਦੇ ਰਹਿਣ ਵਾਲੇ ਸੰਦੀਪ ਖੰਨਾ ਨਾਲ ਹੋਇਆ ਸੀ।
ਇਹ ਦੋਵਾਂ ਦੀ ਦੂਜੀ ਸ਼ਾਦੀ ਸੀ ਅਤੇ ਵਿਆਹ ਤੋਂ ਬਾਅਦ ਦੋਵਾਂ ਦੇ ਕੋਈ ਬੱਚਾ ਨਹੀਂ ਸੀ। ਭਰਾ ਨੇ ਪੁਲਿਸ ਨੂੰ ਦੱਸਿਆ ਕਿ ਵਿਆਹ ਤੋਂ ਬਾਅਦ ਸੰਦੀਪ ਕਥਿਤ ਤੌਰ ’ਤੇ ਉਸ ਦੀ ਭੈਣ ਨੂੰ ਨਾਜਾਇਜ਼ ਮੰਗਾਂ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕਰਦਾ ਸੀ। ਇਸ ਕਾਰਨ ਰੀਤੂ ਕਾਫੀ ਪਰੇਸ਼ਾਨ ਰਹਿੰਦੀ ਸੀ। ਪਵਨ ਨੇ ਦੱਸਿਆ ਕਿ ਉਸਦੀ ਭੈਣ ਸੰਦੀਪ ਦੇ ਜ਼ੁਲਮਾਂ ਤੋਂ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਕੁਝ ਹੀ ਸਮੇਂ ਬਾਅਦ ਉਸਦੀ ਹਾਲਤ ਵਿਗੜ ਗਈ।
ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਡੀ.ਐੱਮ.ਸੀ. ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਣ ’ਤੇ ਸਲੇਮ ਟਾਬਰੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਪਵਨ ਦੇ ਬਿਆਨਾਂ ਦੇ ਆਧਾਰ ’ਤੇ ਸੰਦੀਪ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 108 ਤਹਿਤ ਮੁਕਦਮਾ ਦਰਜ ਕੀਤਾ ਹੈ। ਪੁਲਿਸ ਵੱਲੋਂ ਵਿਆਹੁਤਾ ਦੀ ਮੌਤ ਦੇ ਕਾਰਨਾਂ ਅਤੇ ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।