ਛਾਉਣੀ ਮੁਹੱਲਾ ’ਚ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਹੋਇਆ ਸ਼ੁਰੂ
ਵਾਰਡ ਨੰਬਰ 89 ਦੇ ਛਾਉਣੀ ਮੁਹੱਲਾ ਵਿਖੇ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਹੋਇਆ ਸ਼ੁਰੂ
Publish Date: Wed, 01 Apr 2026 09:29 PM (IST)
Updated Date: Thu, 02 Apr 2026 04:14 AM (IST)
* ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕੀਤਾ 68 ਲੱਖ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਉਦਘਾਟਨ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡਾਂ ਦੇ ਨਿਵਾਸੀਆਂ ਨੂੰ ਸੁਚਾਰੂ ਸੀਵਰੇਜ ਪ੍ਰਣਾਲੀ ਦੀ ਸਹੂਲਤ ਮਹੁਈਆ ਕਰਵਾਉਣ ਲਈ ਹਲਕਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਨੂੰ ਨਾਲ ਲੈਕੇ ਵਾਰਡ ਨੰਬਰ 89 ਅਧੀਨ ਆਉਦੇ ਇਲਾਕੇ ਛਾਉਣੀ ਮੁਹੱਲਾ ਵਿਖੇ ਕਰੀਬ 68 ਲੱਖ ਰੁਪਏ ਦੀ ਲਾਗਤ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਇਲਾਕੇ ਵਿੱਚ ਨਵੀਂ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ 'ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ’ਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ਕੌਂਸਲਰ ਅਮਨ ਬੱਗਾ, ਸੁਰਿੰਦਰ ਅਟਵਾਲ ਤੇ ਵੱਡੀ ਗਿਣਤੀ ’ਚ ਸਥਾਨਕ ਵਸਨੀਕ ਮੌਜੂਦ ਸਨ।