- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਮਲੇ 'ਚ ਇੰਦਰਜੀਤ ਸਿੰਘ ਨੂੰ ਬਹੁਤ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਦਾਖ਼ਲ ਕਰਵਾਇਆ ਗਿਆ। ਨੌਜਵਾਨ ਗੰਭੀਰ ਰੂਪ ਵਿੱਚ ਫੱਟੜ ਹੋ ਚੁੱਕਾ ਸੀ ਜਿਸ ਦੇ ਚਲਦੇ ਡਾਕਟਰ ਉਸਦੀ ਜਾਨ ਨਹੀਂ ਬਚਾ ਸਕੇ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਪੁਰਾਣੀ ਰੰਜਿਸ਼ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਲੋਹਾਰਾ ਰੋਡ ਸਥਿਤ ਹੰਸ ਡਾਕਟਰ ਵਾਲੀ ਗਲੀ ਵਿੱਚ ਹੋਏ ਘਾਤਕ ਹਮਲੇ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਨੇ ਛੇ ਨਾਮਜ਼ਦ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾ 103, 191(3) ਅਤੇ 190 ਤਹਿਤ ਮਾਮਲਾ ਦਰਜ ਕਰਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ 35 ਸਾਲਾ ਲੁਹਾਰਾ ਦੇ ਵਾਸੀ ਇੰਦਰ ਸਿੰਘ ਉਰਫ ਤਿੰਡੋ ਨੇ ਦੱਸਿਆ ਕਿ ਉਹ ਆਪਣੇ ਮਾਤਾ-ਪਿਤਾ ਨਾਲ ਘਰ ਵਿੱਚ ਮੌਜੂਦ ਸੀ, ਜਦਕਿ ਉਸ ਦਾ ਵੱਡਾ ਭਰਾ ਇੰਦਰਜੀਤ ਸਿੰਘ ਉਰਫ਼ ਚੰਨੀ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ। ਇਸ ਦੌਰਾਨ ਗਲੀ ਵਿੱਚ ਰੌਲਾ ਪੈਣ ਦੀ ਆਵਾਜ਼ ਸੁਣ ਕੇ ਉਹ ਆਪਣੇ ਮਾਤਾ-ਪਿਤਾ ਨਾਲ ਬਾਹਰ ਆਇਆ ਤਾਂ ਦੇਖਿਆ ਕਿ ਰਵੀ ਕੁਮਾਰ ਉਰਫ਼ ਚਿੱਚੜ, ਆਕਾਸ਼, ਸ਼ਿਵਮ ਪੰਡਿਤ, ਅਭਿਸ਼ੇਕ, ਗਗਨਦੀਪ ਸਿੰਘ ਉਰਫ਼ ਗੱਗੀ ਚਿੜੀਮਾਰ, ਹਰਪ੍ਰੀਤ ਸਿੰਘ ਉਰਫ਼ ਹਨੀ ਅਤੇ ਉਨ੍ਹਾਂ ਦੇ ਹੋਰ ਸਾਥੀ ਉਸ ਦੇ ਭਰਾ 'ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰ ਰਹੇ ਸਨ।
ਸ਼ਿਕਾਇਤ ਅਨੁਸਾਰ ਹਮਲਾਵਰਾਂ ਨੇ ਇੰਦਰਜੀਤ ਸਿੰਘ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਲਗਾਤਾਰ ਹਮਲਾ ਕੀਤਾ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਮੌਕੇ ਤੋਂ ਫਰਾਰ ਹੋ ਗਏ। ਹਮਲੇ 'ਚ ਇੰਦਰਜੀਤ ਸਿੰਘ ਨੂੰ ਬਹੁਤ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਦਾਖ਼ਲ ਕਰਵਾਇਆ ਗਿਆ। ਨੌਜਵਾਨ ਗੰਭੀਰ ਰੂਪ ਵਿੱਚ ਫੱਟੜ ਹੋ ਚੁੱਕਾ ਸੀ ਜਿਸ ਦੇ ਚਲਦੇ ਡਾਕਟਰ ਉਸਦੀ ਜਾਨ ਨਹੀਂ ਬਚਾ ਸਕੇ। ਨੌਜਵਾਨ ਦੀ ਮੌਤ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਅਤੇ ਪੁਲਿਸ ਨੇ ਘਟਨਾ ਨੂੰ ਕਤਲ ਦਾ ਰੂਪ ਮੰਨਦਿਆਂ ਦੋਸ਼ੀਆਂ ਖ਼ਿਲਾਫ਼ ਬੀਐਨਐਸ ਦੀ ਧਾਰਾ 103 (ਕਤਲ), ਧਾਰਾ 191(3) ਅਤੇ ਧਾਰਾ 190 ਤਹਿਤ ਕੇਸ ਦਰਜ ਕੀਤਾ ਹੈ। ਐਫਆਈਆਰ ਵਿੱਚ ਰਵੀ ਕੁਮਾਰ ਉਰਫ਼ ਚਿੱਚੜ, ਆਕਾਸ਼, ਸ਼ਿਵਮ ਪੰਡਿਤ, ਅਭਿਸ਼ੇਕ, ਗਗਨਦੀਪ ਸਿੰਘ ਉਰਫ਼ ਗੱਗੀ ਚਿੜੀਮਾਰ ਅਤੇ ਹਰਪ੍ਰੀਤ ਸਿੰਘ ਉਰਫ਼ ਹਨੀ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਕੁਝ ਹੋਰ ਅਣਪਛਾਤੇ ਵਿਅਕਤੀਆਂ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ।
ਪੁਲਿਸ ਵੱਲੋਂ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਦੌਰਾਨ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਹਮਲੇ ਪਿੱਛੇ ਪੁਰਾਣੀ ਰੰਜਿਸ਼ ਜਾਂ ਹੋਰ ਕੋਈ ਕਾਰਨ ਸੀ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਥਾਣਾ ਡਾਬਾ ਦੇ ਇੰਚਾਰਜ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਜਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।